ਕੁਲਦੀਪ ਸਿੰਘ
ਚੰਡੀਗੜ੍ਹ, 7 ਅਪਰੈਲ
ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਬਿਜਲੀ ਵਿਭਾਗ ਦੇ ਕੀਤੇ ਜਾ ਰਹੇ ਨਿੱਜੀਕਰਨ ਖ਼ਿਲਾਫ਼ ਅੱਜ ਫੈਡਰੇਸ਼ਨ ਆਫ਼ ਯੂ.ਟੀ. ਐਂਪਲਾਈਜ਼ ਐਂਡ ਵਰਕਰਜ਼ ਚੰਡੀਗੜ੍ਹ ਦੇ ਸੱਦੇ ’ਤੇ ਬਿਜਲੀ ਕਰਮਚਾਰੀਆਂ ਵੱਲੋਂ ਸੈਕਟਰ-17 ਵਿੱਚ ਕਾਰਜਕਾਰੀ ਮੰਡਲ ਅਫ਼ਸਰ ਦੇ ਦਫ਼ਤਰ ਡਿਵੀਜ਼ਨ ਨੰਬਰ-1 ਸਾਹਮਣੇ ਰੋਸ ਰੈਲੀ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੇ ਯੂ.ਟੀ. ਪ੍ਰਸ਼ਾਸਨ ਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਰੈਲੀ ਵਿੱਚ ਬਿਜਲੀ ਕਾਮਿਆਂ ਸਮੇਤ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ, ਪੇਂਡੂ ਸੰਘਰਸ਼ ਕਮੇਟੀ ਚੰਡੀਗੜ੍ਹ, ਫੈਡਰੇਸ਼ਨ ਆਫ਼ ਸੈਕਟਰ ਵੈੱਲਫੇਅਰ ਐਸੋਸੀਏਸ਼ਨ, ਨੌਜਵਾਨ ਕਿਸਾਨ ਏਕਤਾ ਚੰਡੀਗੜ੍ਹ, ਭਾਰਤੀ ਮਹਾਸੰਘ ਤੇ ਟਰੇਡ ਯੂਨੀਅਨਾਂ ਵੱਲੋਂ ਸ਼ਮੂਲੀਅਤ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੇ ਰਾਜਭਵਨ ਵੱਲ ਰੋਸ ਮਾਰਚ ਸ਼ੁਰੂ ਕਰ ਦਿੱਤਾ ਪਰ ਚੰਡੀਗੜ੍ਹ ਪੁਲੀਸ ਨੇ ਰੋਕਾਂ ਲਗਾ ਕੇ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕ ਲਿਆ। ਇਸ ਦੌਰਾਨ ਬਿਜਲੀ ਮੁਲਾਜ਼ਮਾਂ ਦੀਆਂ ਪੁਲੀਸ ਨਾਲ ਹਲਕੀਆਂ ਝੜਪਾਂ ਵੀ ਹੋਈਆਂ। ਐੱਸਡੀਐੱਮ (ਸੈਂਟਰਲ) ਨੇ ਮੌਕੇ ’ਤੇ ਆ ਕੇ ਮੰਗ ਪੱਤਰ ਪ੍ਰਾਪਤ ਕੀਤਾ। ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਯੂਨੀਅਨ ਅਤੇ ਫੈਡਰੇਸ਼ਨ ਦੇ ਜਨਰਲ ਸਕੱਤਰ ਗੋਪਾਲ ਦੱਤ ਜੋਸ਼ੀ ਨੇ ਕਿਹਾ ਕਿ ਚੰਡੀਗੜ੍ਹ ਬਿਜਲੀ ਵਿਭਾਗ ਗੁਆਂਢੀ ਰਾਜਾਂ ਤੋਂ ਵੀ ਸਸਤੀ ਅਤੇ ਨਿਰਵਿਘਨ ਬਿਜਲੀ ਚੰਡੀਗੜ੍ਹ ਵਾਸੀਆਂ ਨੂੰ ਦੇ ਰਿਹਾ ਹੈ। ਮੁਲਾਜ਼ਮਾਂ ਦੀ ਗਿਣਤੀ ਘੱਟ ਹੋਣ ਦੇ ਬਾਵਜੂਦ ਕਰੋੜਾਂ ਰੁਪਏ ਦੇ ਮੁਨਾਫ਼ੇ ਵਿੱਚ ਚੱਲ ਰਿਹਾ ਹੈ ਪਰ ਸਰਕਾਰ ਨੇ ਇਸ ਨੂੰ ਵੇਚਣ ਦੀ ਜ਼ਿੱਦ ਫੜੀ ਹੋਈ ਹੈ। ਫੈਡਰੇਸ਼ਨ ਦੇ ਪ੍ਰਧਾਨ ਰਘਵੀਰ ਚੰਦ, ਯੂ.ਟੀ. ਪਾਵਰਮੈਨ ਯੂਨੀਅਨ ਦੇ ਪ੍ਰਧਾਨ ਧਿਆਨ ਸਿੰਘ, ਫੈਡਰੇਸ਼ਨ ਆਫ਼ ਯੂ.ਟੀ. ਐਂਪਲਾਈਜ਼ ਦੇ ਮੀਤ-ਪ੍ਰਧਾਨ ਰਾਜਿੰਦਰ ਕਟੌਚ, ਹਰਕੇਸ਼ ਚੰਦ ਪੰਜਾਬ ਮਹਾਸੰਘ ਦੇ ਪ੍ਰਧਾਨ ਗੁਰਦੀਪ ਸਿੰਘ, ਸੀਆਈਟੀਯੂ ਦੇ ਪ੍ਰਧਾਨ ਕੁਲਦੀਪ ਸਿੰਘ, ਪੈਨਸ਼ਨਰਜ਼ ਐਸੋਸੀਏਸ਼ਨ ਦੇ ਪ੍ਰਧਾਨ ਰਾਮ ਸਰੂਪ, ਪੀਐੱਸਆਈਈਸੀ ਸਟਾਫ਼ ਐਸੋਸੀਏਸ਼ਨ ਦੇ ਜਨਰਲ ਸਕੱਤਰ ਤਾਰਾ ਸਿੰਘ ਆਦਿ ਨੇ ਇਸ ਫ਼ੈਸਲੇ ਦੀ ਨਿਖੇਧੀ ਕੀਤੀ।