ਮੁੱਖ ਅੰਸ਼
- ਜਮਹੂਰੀ ਅਧਿਕਾਰ ਸਭਾ ਵੱਲੋਂ ਮੁਜ਼ਾਹਰਾ
- ਬੁੱਧੀਜੀਵੀਆਂ ਅਤੇ ਵਿਦਿਆਰਥੀ ਜਥੇਬੰਦੀਆਂ ਨੇ ਵੀ ਕੀਤੀ ਸ਼ਿਰਕਤ
ਕੁਲਦੀਪ ਸਿੰਘ
ਚੰਡੀਗੜ੍ਹ, 20 ਅਪਰੈਲ
ਇੱਥੇ ਸੈਕਟਰ-17 ਦੇ ਪਲਾਜ਼ਾ ਵਿੱਚ ਅੱਜ ਜਮਹੂਰੀ ਅਧਿਕਾਰ ਸਭਾ ਵੱਲੋਂ ਮੁਸਲਿਮ ਭਾਈਚਾਰੇ ’ਤੇ ਹੋ ਰਹੇ ਕਥਿਤ ਹਮਲਿਆਂ ਦੇ ਵਿਰੋਧ ’ਚ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਵਿੱਚ ਬੁੱਧੀਜੀਵੀਆਂ ਅਤੇ ਵਿਦਿਆਰਥੀ ਜਥੇਬੰਦੀਆਂ ਨੇ ਵੀ ਸ਼ਿਰਕਤ ਕੀਤੀ। ਵਿਦਿਆਰਥੀ ਆਗੂਆਂ ਨੇ ਹੱਥਾਂ ਵਿੱਚ ਮੁਸਲਿਮ ਭਾਈਚਾਰੇ ’ਤੇ ਹਮਲਿਆਂ ਸਬੰਧੀ ਸਲੋਗਨ ਲਿਖੇ ਬੈਨਰ ਫੜ ਕੇ ਨਾਅਰੇਬਾਜ਼ੀ ਕਰਦਿਆਂ ਆਪਣਾ ਰੋਸ ਪ੍ਰਗਟ ਕੀਤਾ ਅਤੇ ਮੁਸਲਮਾਨਾਂ ’ਤੇ ਹੁੰਦੇ ਹਮਲੇ ਤੁਰੰਤ ਬੰਦ ਕਰਨ ਅਤੇ ਹਮਲਾਵਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ।
ਜਮਹੂਰੀ ਅਧਿਕਾਰ ਸਭਾ ਤੋਂ ਮਨਪ੍ਰੀਤ ਸਿੰਘ, ਡਾ. ਪਿਆਰੇ ਲਾਲ ਗਰਗ, ਪ੍ਰੋ. ਮਨਜੀਤ ਸਿੰਘ, ਵਿਦਿਆਰਥੀ ਜਥੇਬੰਦੀ ਪੀਐੱਸਯੂ (ਲਲਕਾਰ) ਤੋਂ ਅਮਨਦੀਪ ਸਿੰਘ, ਅਮਨਦੀਪ ਕੌਰ, ਐੱਸਐੱਫਐੱਸ ਤੋਂ ਗਗਨਦੀਪ ਸਿੰਘ ਆਦਿ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਵਿਚਲੀ ਮੋਦੀ ਸਰਕਾਰ ਦੇ ਰਾਜ ਵਿੱਚ ਮੁਸਲਿਮ ਭਾਈਚਾਰੇ ਨਾਲ ਸਬੰਧਤ ਲੋਕਾਂ ’ਤੇ ਹਮਲੇ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਦੇ ਘਰਾਂ ਤੇ ਮਸਜਿਦਾਂ ਵਿੱਚ ਵੜ ਕੇ ਅਤਿ ਦੀ ਤਬਾਹੀ ਮਚਾਈ ਜਾ ਰਹੀ ਹੈ। ਹੈਰਾਨੀ ਇਸ ਗੱਲ ਦੀ ਹੈ ਕਿ ਹਮਲਾਵਰਾਂ ’ਤੇ ਕੇਸ ਦਰਜ ਕਰਨ ਦੀ ਬਜਾਇ ਉਲਟਾ ਪੀੜਤ ਮੁਸਲਮਾਨਾਂ ਖ਼ਿਲਾਫ਼ ਹੀ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਧਰਮ ਦੇ ਨਾਂ ’ਤੇ ਦੇਸ਼ ਵਿੱਚ ਫਿਰਕਾਪ੍ਰਸਤੀ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਆਪਸੀ ਭਾਈਚਾਰੇ ਨੂੰ ਤੋੜਨ ਲਈ ਸ਼ੋਭਾ ਯਾਤਰਾਵਾਂ ਨੂੰ ਵਰਤਣਾ ਅਤੇ ਦੂਜਿਆਂ ਨੂੰ ਕੁੱਟਣ ਦੇ ਬਹਾਨੇ ਲੱਭਣਾ ਗਲਤ ਹੈ। ਦੇਸ਼ ’ਚ ਕੁਝ ਅਜਿਹਾ ਵਰਤਾਰਾ ਚੱਲ ਰਿਹਾ ਹੈ ਕਿ ਹਿਟਲਰ ਵੱਲੋਂ ਯਹੂਦੀਆਂ ਨਾਲ ਕੀਤੇ ਵਿਵਹਾਰ ਵਰਗੇ ਹਾਲਾਤ ਬਣ ਰਹੇ ਹਨ। ਵੱਖ-ਵੱਖ ਸੂਬਿਆਂ ’ਚ ਮੁਸਲਮਾਨਾਂ ’ਤੇ ਹੋ ਰਹੇ ਹਮਲੇ ਇਨ੍ਹਾਂ ਹਾਲਾਤ ਦੀ ਗਵਾਹੀ ਭਰਦੇ ਹਨ। ਬੁਲਾਰਿਆਂ ਨੇ ਕਿਹਾ ਕਿ ਧਰਮ ਦੇ ਨਾਂ ’ਤੇ ਦੰਗੇ ਕਰਨ ਵਾਲਿਆਂ ਨੂੰ ਰੋਕਣ ਲਈ ਤੁਰੰਤ ਸਖ਼ਤ ਕਦਮ ਉਠਾਏ ਜਾਣ।