ਪੱਤਰ ਪ੍ਰੇਰਕ
ਚੰਡੀਗੜ੍ਹ, 9 ਅਗਸਤ
ਪੰਜਾਬ ਯੂਨੀਵਰਸਿਟੀ ਵਿੱਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਵਾਲੇ ਵਿਦਿਆਰਥੀਆਂ ਦੀਆਂ ਡਿਗਰੀਆਂ ਰੋਕਣ, ਰਾਖਵੇਂਕਰਨ ਨੂੰ ਸਹੀ ਢੰਗ ਨਾਲ ਲਾਗੂ ਨਾ ਕਰਨ ਸਮੇਤ ਕਈ ਮੰਗਾਂ ਨੂੰ ਲੈ ਕੇ ਅੰਬੇਡਕਰ ਸਟੂਡੈਂਟਸ ਐਸੋਸੀਏਸ਼ਨ ਵੱਲੋਂ ਪੀਯੂ ਵਿੱਚ ਵਾਈਸ ਚਾਂਸਲਰ ਦਫ਼ਤਰ ਦੇ ਬਾਹਰ ਚੱਲ ਰਿਹਾ ਧਰਨਾ ਅੱਜ ਚੌਥੇ ਦਿਨ ਵੀ ਜਾਰੀ ਰਿਹਾ। ਅੱਜ ਧਰਨੇ ਵਾਲੀ ਥਾਂ ’ਤੇ ਹਲਕਾ ਆਦਮਪੁਰ ਤੋਂ ਕਾਂਗਰਸੀ ਵਿਧਾਇਕ ਸੁਖਵਿੰਦਰ ਕੋਟਲ਼ੀ ਨੇ ਪਹੁੰਚ ਕੇ ਧਰਨੇ ਨੂੰ ਸਮਰਥਨ ਦਿੱਤਾ। ਐੱਸਸੀ,ਬੀਸੀ ਕਰਮਚਾਰੀ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਹਰਵਿੰਦਰ ਸਿੰਘ ਰੌਣੀ ਨੇ ਆਪਣੇ ਮੈਂਬਰਾਂ ਨਾਲ ਅਤੇ ਹਾਈ ਕੋਰਟ ਦੇ ਐਡਵੋਕੇਟ ਓਪੀ ਜਿੰਦਲ ਨੇ ਵੀ ਧਰਨੇ ਵਾਲੀ ਥਾਂ ’ਤੇ ਪਹੁੰਚ ਕੀਤੀ। ਅੰਬੇਡਕਰ ਸਟੂਡੈਂਟਸ ਐਸੋਸੀਏਸ਼ਨ ਦੇ ਚੇਅਰਮੈਨ ਗੁਰਦੀਪ ਸਿੰਘ, ਪ੍ਰਧਾਨ ਬਲਿੰਦਰ ਕੁਮਾਰ ਨੇ ਕਿਹਾ ਕਿ ਧਰਨੇ ਦੌਰਾਨ ਭਾਵੇਂ ਯੂਨੀਵਰਸਿਟੀ ਅਥਾਰਿਟੀ ਵੱਲੋਂ ਮੀਡੀਆ ਰਾਹੀਂ ਮੰਗਾਂ ਮੰਨਣ ਦੀ ਗੱਲ ਕਹੀ ਜਾ ਰਹੀ ਹੈ ਪਰ ਅਥਾਰਿਟੀ ਹਾਲੇ ਵੀ ਨੋਟੀਫਿਕੇਸ਼ਨ ਜਾਰੀ ਕਰਨ ਤੋਂ ਆਨਾਕਾਨੀ ਕਰਕੇ ਦਲਿਤ ਵਿਦਿਆਰਥੀਆਂ ਦੇ ਹੱਕਾਂ ਦੀ ਉਲੰਘਣਾ ਕਰ ਰਹੀ ਹੈ। ਉਨ੍ਹਾਂ ਧਰਨੇ ਉਤੇ ਬੈਠੇ ਪ੍ਰਦਰਸ਼ਨਕਾਰੀ ਦਲਿਤ ਵਿਦਿਆਰਥੀਆਂ ਦੀਆਂ ਬਿਜਲਈ ਸਹੂਲਤਾਂ ਬੰਦ ਕਰ ਕਰਨ ਦੀ ਨਿਖੇਧੀ ਕੀਤੀ। ਇਸ ਮੌਕੇ ਵਿਦਿਆਰਥੀ ਜਥੇਬੰਦੀ ਐੱਸਐੱਫਐੱਸ ਦੇ ਪ੍ਰਧਾਨ ਸੰਦੀਪ ਵੀ ਧਰਨੇ ਵਿੱਚ ਸ਼ਾਮਲ ਹੋਏ।