ਕੁਲਦੀਪ ਸਿੰਘ
ਚੰਡੀਗੜ੍ਹ, 3 ਜੁਲਾਈ
ਪੰਜਾਬ ਯੂਨੀਵਰਸਿਟੀ ਦੇ ਪ੍ਰਬੰਧਕਾਂ ਵੱਲੋਂ ਹੋਸਟਲਾਂ ਵਿੱਚ ਰਹਿ ਰਹੇ ਵਿਦਿਆਰਥੀਆਂ ਨੂੰ ਅੱਜ ਹੋਸਟਲ ਖਾਲੀ ਕਰਨ ਲਈ ਕਹਿ ਦਿੱਤਾ ਗਿਆ। ਇਸ ਕਾਰਨ ਵਿਦਿਆਰਥੀ ਰੋਹ ਵਿੱਚ ਆ ਗਏ ਤੇ ਯੂਨੀਵਰਸਿਟੀ ਦਾ ਮਾਹੌਲ ਗਰਮਾ ਗਿਆ। ਹੋਸਟਲਾਂ ਵਿੱਚ ਰਹਿੰਦੇ ਵਿਦਿਆਰਥੀ ਰੋਸ ਪ੍ਰਦਰਸ਼ਨ ਕਰਦੇ ਹੋਏ ਉਪ-ਕੁਲਪਤੀ ਦਫ਼ਤਰ ਦੇ ਮੁੱਖ ਗੇਟ ’ਤੇ ਪਹੁੰਚ ਗਏ ਜਿਥੇ ਉਨ੍ਹਾਂ ਨੇ ਧਰਨਾ ਦੇਣਾ ਸ਼ੁਰੂ ਕਰ ਦਿੱਤਾ ਅਤੇ ਮੈਨੇਜਮੈਂਟ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਨ੍ਹਾਂ ਵਿਦਿਆਰਥੀਆਂ ਦਾ ਕਹਿਣਾ ਸੀ ਕਿ ਉਹ ਕਰੋਨਾਵਾਇਰਸ ਮਹਾਮਾਰੀ ਕਾਰਨ ਆਪਣੇ ਘਰਾਂ ਵਿੱਚ ਨਹੀਂ ਜਾ ਸਕਦੇ ਕਿਉਂਕਿ ਬਹੁਤੇ ਵਿਦਿਆਰਥੀਆਂ ਦੇ ਘਰ ਦੂਰ ਪਿੰਡਾਂ ਵਿੱਚ ਹੋਣ ਕਾਰਨ ਇੰਟਰਨੈੱਟ ਦਾ ਸਿਗਨਲ ਕਮਜ਼ੋਰ ਰਹਿੰਦਾ ਹੈ ਅਤੇ ਉਨ੍ਹਾਂ ਦੀ ਪੜ੍ਹਾਈ ਪ੍ਰਭਾਵਿਤ ਹੁੰਦੀ ਹੈ। ਊਨ੍ਹਾਂ ਕਿਹਾ ਕਿ ਯੂਨੀਵਰਸਿਟੀ ਮੈਨੇਜਮੈਂਟ ਉਨ੍ਹਾਂ ਤੋਂ ਹੋਸਟਲ ਖਾਲੀ ਕਰਵਾ ਕੇ ਉਨ੍ਹਾਂ ਦੀ ਪੜ੍ਹਾਈ ਦਾ ਨੁਕਸਾਨ ਕਰ ਰਹੀ ਹੈ।
ਅੱਜ ਸਵੇਰੇ ਸਾਢੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਚੱਲੇ ਇਸ ਪ੍ਰਦਰਸ਼ਨ ਦੌਰਾਨ ਪੀਯੂ ਦੇ ਵਿਦਿਆਰਥੀ ਕੌਂਸਲ ਦੇ ਪ੍ਰਧਾਨ ਚੇਤਨ ਚੌਧਰੀ, ਵਾਈਸ ਪ੍ਰਧਾਨ ਰਾਹੁਲ ਵੀ ਮੌਕੇ ’ਤੇ ਪਹੁੰਚੇ। ਵਿਦਿਆਰਥੀ ਜਥੇਬੰਦੀ ਯੂਥ ਫਾਰ ਸਵਰਾਜ ਦੇ ਆਗੂਆਂ ਸਮੇਤ ਗੁਰਦੀਪ ਸਿੰਘ ਆਦਿ ਨੇ ਵੀ ਪਹੁੰਚ ਕੇ ਧਰਨਾ ਦੇ ਰਹੇ ਵਿਦਿਆਰਥੀਆਂ ਨੂੰ ਸਮਰਥਨ ਦਿੱਤਾ। ਜਦੋਂ ਦੁਪਹਿਰ ਤੱਕ ਯੂਨੀਵਰਸਿਟੀ ਮੈਨੇਜਮੈਂਟ ਦੇ ਕਿਸੇ ਅਧਿਕਾਰੀ ਨੇ ਧਰਨਾਕਾਰੀਆਂ ਦਾ ਹਾਲ ਨਾ ਪੁੱਛਿਆ ਤਾਂ ਉਹ ਕੜਕਦੀ ਧੁੱਪ ਕਾਰਨ ਤੱਪ ਰਹੀ ਸੜਕ ਉੱਤੇ ਹੀ ਲੇਟ ਗਏ ਅਤੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਨੂੰ ਹੋਸਟਲਾਂ ਵਿੱਚ ਵਾਪਸ ਨਹੀਂ ਭੇਜਿਆ ਜਾਂਦਾ, ਉਦੋਂ ਤੱਕ ਉਹ ਧਰਨਾ ਖ਼ਤਮ ਨਹੀਂ ਕਰਨਗੇ।
ਬਾਅਦ ਦੁਪਹਿਰ ਲੜਕਿਆਂ ਦੇ ਹੋਸਟਲ ਨੰਬਰ 4 ਅਤੇ 5 ਤੋਂ ਵਾਰਡਨ ਧਰਨੇ ਵਾਲੀ ਥਾਂ ’ਤੇ ਪਹੁੰਚੇ ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਮੀਟਿੰਗ ਉਚ ਅਧਿਕਾਰੀਆਂ ਨਾਲ ਕਰਵਾਈ ਜਾਵੇਗੀ। ਧਰਨਾ ਦੇ ਰਹੇ ਵਿਦਿਆਰਥੀਆਂ ਨੇ ਕਿਹਾ ਕਿ ਜੇਕਰ ਉੱਚ ਅਧਿਕਾਰੀਆਂ ਨੇ ਉਨ੍ਹਾਂ ਤੋਂ ਜ਼ਬਰਦਸਤੀ ਹੋਸਟਲ ਖਾਲੀ ਕਰਵਾਉਣ ਦੀ ਕੋਸ਼ਿਸ਼ ਕੀਤੀ ਤਾਂ ਉਹ ਵੱਡਾ ਸੰਘਰਸ਼ ਸ਼ੁਰੂ ਕਰ ਦੇਣਗੇ।
ਡੀਨ (ਵਿਦਿਆਰਥੀ ਭਲਾਈ) ਵੱਲੋਂ ਸਪੱਸ਼ਟੀਕਰਨ
ਪੀਯੂ ਮੈਨੇਜਮੈਂਟ ਵੱਲੋਂ ਡੀਨ ਵਿਦਿਆਰਥੀ ਭਲਾਈ ਪ੍ਰੋ. ਐੱਸ.ਕੇ. ਤੋਮਰ ਨੇ ਜਾਰੀ ਕੀਤੇ ਪ੍ਰੈੱਸ ਬਿਆਨ ਵਿੱਚ ਕਿਹਾ ਕਿ ਕਰੋਨਾ ਦੌਰ ਵਿੱਚ ਪੰਜਾਬ ਸਰਕਾਰ ਵੱਲੋਂ ਪ੍ਰੀਖਿਆਵਾਂ ਸਬੰਧੀ ਜਾਰੀ ਕੀਤੀ ਗਈ ਐਡਵਾਈਜ਼ਰੀ ਅਤੇ ਕੁਝ ਅਨਿਸ਼ਚਿਤਤਾ ਦੇ ਮਾਹੌਲ ਕਾਰਨ ਯੂਨੀਵਰਸਿਟੀ 31 ਜੁਲਾਈ ਤੱਕ ਬੰਦ ਹੈ। ਇਸ ਕਾਰਨ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਕੈਂਪਸ ਵਿੱਚ ਨਹੀਂ ਆਉਣਾ ਹੈ। ਅਜਿਹੇ ਕੁਝ ਕਾਰਨਾਂ ਨੂੰ ਲੈ ਕੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਫਿਲਹਾਲ ਹੋਸਟਲ ਖਾਲੀ ਕਰਨ ਲਈ ਕਿਹਾ ਹੈ। ਊਨ੍ਹਾਂ ਕਿਹਾ ਕਿ ਹੋਸਟਲ ਵਾਲੀ ਕਰਨ ਦੇ ਹੁਕਮ ਸਿਰਫ਼ ਊਨ੍ਹਾਂ ਵਿਦਿਆਰਥੀਆਂ ਨੂੰ ਦਿੱਤੇ ਗਏ ਹਨ ਜਿਹੜੇ ਨੇੜਲੇ ਸੂਬਿਆਂ ਵਿੱਚ ਰਹਿੰਦੇ ਹਨ। ਵਿਦੇਸ਼ੀ ਵਿਦਿਆਰਥੀਆਂ ਨੂੰ ਹੋਸਟਲ ਖਾਲੀ ਕਰਨ ਲਈ ਨਹੀਂ ਕਿਹਾ ਗਿਆ। ਪ੍ਰੋ. ਤੋਮਰ ਨੇ ਦੱਸਿਆ ਕਿ ਪੀ.ਯੂ. ਵੱਲੋਂ ਇਹ ਕਾਰਵਾਈ ਵਿਦਿਆਰਥੀਆਂ ਨੂੰ ਕਰੋਨਾ ਤੋਂ ਬਚਾਉਣ ਲਈ ਕੀਤੀ ਜਾ ਰਹੀ ਹੈ ਹੈ।