ਪੱਤਰ ਪ੍ਰੇਰਕ
ਮੋਰਿੰਡਾ, 7 ਅਕਤੂਬਰ
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਬੇਟੇ ਦੇ ਵਿਆਹ ਸਮਾਗਮ ’ਚ ਸ਼ਾਮਲ ਹੋਣ ਲਈ ਆਏ ਪੰਜਾਬ ਸਰਕਾਰ ਦੇ ਮੰਤਰੀਆਂ ਤੇ ਵਿਧਾਇਕਾਂ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਵਿਰੋਧ ਜਤਾਇਆ ਗਿਆ ਹੈ।
ਮੋਰਚੇ ਦੇ ਆਗੂ ਕੁਲਦੀਪ ਸਿੰਘ, ਜਗਸੀਰ ਸਿੰਘ ਭੰਗੂ, ਸ਼ੇਰ ਸਿੰਘ, ਸੇਵਕ ਸਿੰਘ, ਰਣਧੀਰ ਸਿੰਘ ਤੇ ਪਰਮਿੰਦਰ ਸਿੰਘ ਨੇ ਦੱਸਿਆ ਕਿ ਮੋਰਚੇ ਵਲੋਂ ਮੋਰਿੰਡਾ-ਬਾਈਪਾਸ ’ਤੇ ਪੱਕਾ ਧਰਨਾ ਲਗਾਇਆ ਹੋਇਆ ਹੈ, ਜਦੋਂ ਉਨ੍ਹਾਂ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਬੇਟੇ ਦੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਆ ਰਹੇ ਮੰਤਰੀਆਂ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਵਲੋਂ ਉੱਪ-ਮੁੱਖ ਮੰਤਰੀ ਓ.ਪੀ. ਸੋਨੀ, ਖੁਰਾਕ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਸਮੇਤ ਕਈ ਮੰਤਰੀਆਂ ਤੇ ਵਿਧਾਇਕਾਂ ਦਾ ਕਾਲੀਆਂ ਝੰਡੀਆਂ ਵਿਖਾ ਕੇ ਵਿਰੋਧ ਕੀਤਾ ਗਿਆ। ਉਨ੍ਹਾਂ ਪੰਜਾਬ ਸਰਕਾਰ ਦੇ ਵਿਰੁੱਧ ਨਾਅਰੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਉਹ ਪੰਜਾਬ ਸਰਕਾਰ ਦਾ ਵਿਰੋਧ ਕਰਦੇ ਰਹਿਣਗੇ।