ਹਰਜੀਤ ਸਿੰਘ
ਜ਼ੀਰਕਪੁਰ, 18 ਨਵੰਬਰ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਹਲਕਾ ਡੇਰਾਬੱਸੀ ਦੇ ਸਾਬਕਾ ਵਿਧਾਇਕ ਐਨਕੇ ਸ਼ਰਮਾ ਨੇ ਸੋਮਵਾਰ ਨੂੰ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਇਹ ਫ਼ੈਸਲਾ ਲੰਘੇ ਦਿਨੀਂ ਪਾਰਟੀ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਦਲ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਦੇ ਰੋਸ ਵਜੋਂ ਲਿਆ ਹੈ।
ਸ੍ਰੀ ਸ਼ਰਮਾ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦੇ ਕਾਫੀ ਨੇੜਲਿਆਂ ਵਿੱਚੋਂ ਹਨ। ਸ੍ਰੀ ਬਾਦਲ ਦੇ ਅਸਤੀਫ਼ੇ ਬਾਰੇ ਫ਼ੈਸਲਾ ਲੈਣ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਦੀ ਇਕ ਮੀਟਿੰਗ ਚੰਡੀਗੜ੍ਹ ਵਿਚ ਸੱਦੀ ਗਈ ਸੀ, ਹਾਲਾਂਕਿ ਇਸ ਵਿਚ ਕਮੇਟੀ ਨੇ ਸ੍ਰੀ ਬਾਦਲ ਦੇ ਅਸਤੀਫ਼ੇ ਬਾਰੇ ਕੋਈ ਫ਼ੈਸਲਾ ਨਹੀਂ ਲਿਆ। ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਚੰਡੀਗੜ੍ਹ ਵਿਚ ਦੱਸਿਆ ਕਿ ਅਸਤੀਫ਼ੇ ਬਾਰੇ ਕੋਈ ਵੀ ਫ਼ੈਸਲਾ ਲੈਣ ਤੋਂ ਪਹਿਲਾਂ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨਾਂ ਤੇ ਹੋਰ ਡੈਲੀਗੇਟਾਂ ਦੀ ਮੀਟਿੰਗ ਸੱਦ ਕੇ ਰਾਇ ਲਈ ਜਾਵੇਗੀ ਤੇ ਉਸ ਤੋਂ ਬਾਅਦ ਹੀ ਕੋਈ ਫ਼ੈਸਲਾ ਕੀਤਾ ਜਾਵੇਗਾ।
ਦੂਜੇ ਪਾਸੇ ਸ੍ਰੀ ਸ਼ਰਮਾ ਨੇ ਇਸ ਮੀਟਿੰਗ ਤੋਂ ਪਹਿਲਾਂ ਹੀ ਆਪਣਾ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਕਾਲੀ ਦਲ ਨੂੰ ਢਾਹ ਲਾਉਣ ਲਈ ਸ੍ਰੀ ਬਾਦਲ ਖ਼ਿਲਾਫ਼ ਗਿਣੀ-ਮਿਥੀ ਸਾਜ਼ਿਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ ਅਤੇ ਸੂਬੇ ਵਿੱਚ ਭਾਈਚਾਰਕ ਸਾਂਝ ਕਾਇਮ ਰੱਖਣ ਲਈ ਇਸ ਪਾਰਟੀ ਦਾ ਵੱਡਾ ਰੋਲ ਹੈ। ਉਨ੍ਹਾਂ ਨੇ ਕਿਹਾ ਕਿ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਹਰੇਕ ਧਰਮ ਦਾ ਸਤਿਕਾਰ ਕੀਤਾ।
ਇਹ ਵੀ ਪੜ੍ਹੋ:
SAD ਵਰਕਿੰਗ ਕਮੇਟੀ ਨੇ ਸੁਖਬੀਰ ਬਾਦਲ ਦੇ ਅਸਤੀਫ਼ੇ ਬਾਰੇ ਫ਼ੈਸਲਾ ਟਾਲਿਆ
ਉਨ੍ਹਾਂ ਨੇ ਕਿਹਾ ਕਿ ਜੇ ਕੋਰ ਕਮੇਟੀ ਦੀ ਮੀਟਿੰਗ ਵਿੱਚ ਸ੍ਰੀ ਸੁਖਬੀਰ ਬਾਦਲ ਪਾਰਟੀ ਦੇ ਪ੍ਰਧਾਨ ਬਣੇ ਰਹਿੰਦੇ ਹਨ ਤਾਂ ਉਹ ਪਾਰਟੀ ਵਿੱਚ ਇਕ ਸਾਧਾਰਨ ਵਰਕਰ ਬਣ ਕੇ ਕੰਮ ਕਰਦੇ ਰਹਿਣਗੇ ਪਰ ਜੇ ਉਹ ਪਾਰਟੀ ਦੇ ਪ੍ਰਧਾਨ ਨਾ ਰਹੇ ਤਾਂ ਉਨ੍ਹਾਂ (ਸ਼ਰਮਾ) ਦਾ ਵੀ ਪਾਰਟੀ ਵਿੱਚ ਕੋਈ ਕੰਮ ਨਹੀਂ ਹੈ।
ਸ੍ਰੀ ਸ਼ਰਮਾ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਤੇ ਹੋਰ ਸਿੰਘ ਸਾਹਿਬਾਨ ਉਤੇ ਸਵਾਲ ਚੁੱਕਦਿਆਂ ਕਿਹਾ, ‘‘ਜਥੇਦਾਰਾਂ ਨੂੰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਬੀਬੀ ਜਗੀਰ ਕੌਰ ਦੇ ਕਿਰਦਾਰ ਦੇਖਣੇ ਚਾਹੀਦੇ ਹਨ, ਜੋ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰ ਰਹੇ ਹਨ।’’ ਉਨ੍ਹਾਂ ਨੇ ਕਿਹਾ ਕਿ ਜਥੇਦਾਰਾਂ ਵੱਲੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।
ਗ਼ੌਰਤਲਬ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ੍ਰੀ ਬਾਦਲ ਨੂੰ ਤਨਖ਼ਾਹੀਆ ਕਰਾਰ ਦਿੱਤਾ ਗਿਆ ਹੈ। ਸ੍ਰੀ ਬਾਦਲ ’ਤੇ ਆਪਣੀ ਸਰਕਾਰ ਵੇਲੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁਆਫ਼ੀ ਦੇਣ, ਸੁਮੇਧ ਸੈਣੀ ਡੀਜੀਪੀ ਲਾਉਣ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿੱਚ ਕਾਰਵਾਈ ਨਾ ਕਰਨ ਦੇ ਦੋਸ਼ ਲੱਗੇ ਸੀ। ਸ੍ਰੀ ਬਾਦਲ ਨੇ ਤਨਖ਼ਾਹੀਆ ਐਲਾਨੇ ਜਾਣ ਤੋਂ ਪਹਿਲਾਂ ਬਲਵਿੰਦਰ ਸਿੰਘ ਭੂੰਦੜ ਨੂੰ ਪਾਰਟੀ ਦਾ ਕਾਰਜਕਾਰੀ ਪ੍ਰਧਾਨ ਥਾਪ ਦਿੱਤਾ ਸੀ।
ਇਹ ਸਾਰਾ ਵਿਵਾਦ ਅਕਾਲੀ ਦਲ ਤੋਂ ਬਾਗ਼ੀ ਹੋਏ ਧੜੇ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਅਕਾਲੀ ਦਲ ਦੀ ਸਰਕਾਰ ਵੇਲੇ ਸ੍ਰੀ ਬਾਦਲ ਦੀਆਂ ਉਕਤ ਚਾਰ ਗਲਤੀਆਂ ਵਿੱਚ ਸਾਥ ਦੇਣ ਲਈ ਮੁਆਫ਼ੀ ਮੰਗ ਲਈ ਸੀ।