ਕੁਲਦੀਪ ਸਿੰਘ
ਚੰਡੀਗੜ੍ਹ, 9 ਨਵੰਬਰ
ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ ਵੱਲੋਂ ਵਾਈਸ ਚਾਂਸਲਰ ਦਫਤਰ ਅੱਗੇ ਦਿੱਤੇ ਜਾ ਰਹੇ ਧਰਨੇ ਵਿੱਚ ਅੱਜ ਸਾਬਕਾ ਮੰਤਰੀ ਤੇ ਸਾਬਕਾ ਸੈਨੇਟ ਮੈਂਬਰ ਅਤੇ ਸਿੰਡੀਕੇਟ ਮੈਂਬਰ ਜਗਮੋਹਨ ਸਿੰਘ ਕੰਗ ਨੇ ਸ਼ਮੂਲੀਅਤ ਕੀਤੀ।
ਉਨ੍ਹਾਂ ਕਿਹਾ ਕਿ ਦੁੱਖ ਅਤੇ ਅਫ਼ਸੋਸ ਦੀ ਗੱਲ ਹੈ ਕਿ ਇਸ ਪੰਜਾਬ ਦੀ ਵਿਰਾਸਤੀ ਯੂਨੀਵਰਸਿਟੀ ਨੂੰ ਅੱਜ ਭਾਜਪਾ ਦੀ ਕੇਂਦਰ ਸਰਕਾਰ ਅਤੇ ਪੰਜਾਬ ’ਵਰਸਿਟੀ ਨਾਲ ਸਬੰਧਤ ਕੁੱਝ ਉੱਚ ਅਧਿਕਾਰੀਆਂ ਵੱਲੋਂ ਕਥਿਤ ਮਿਲੀਭੁਗਤ ਤੇ ਸਾਜ਼ਿਸ਼ ਤਹਿਤ ਲੰਬੇ ਸਮੇਂ ਤੋਂ ਚੁਣੀ ਹੋਈ ਸੈਨੇਟ ਨੂੰ ਖ਼ਤਮ ਕਰਨ ਦੇ ਯਤਨ ਕੀਤੇ ਜਾ ਰਹੇ ਹਨ।
ਉਨ੍ਹਾਂ ਇਸ ਅਹਿਮ ਮੁੱਦੇ ਨੂੰ ਚੁੱਕਣ ਵਾਲੇ ਵਿਦਿਆਰਥੀ ਜਥੇਬੰਦੀਆਂ ਅਤੇ ਸੈਨੇਟਰਾਂ ਦੀ ਸ਼ਲਾਘਾ ਕੀਤੀ ਅਤੇ ਨਾਲ ਹੀ ਸਾਰੀ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਕੋਈ ਵੀ ਭੇਦ-ਭਾਵ, ਵਿਤਕਰੇ ਅਤੇ ਛੋਟੀਆਂ-ਮੋਟੀਆਂ ਗੱਲਾਂ ਨੂੰ ਭੁਲਾ ਕੇ ਇਸ ਸੈਨੇਟ ਨੂੰ ਬਹਾਲ ਕਰਵਾਉਣ ਲਈ ਹਰ ਪੱਧਰ ’ਤੇ ਗੱਲ ਕਰਨ ਅਤੇ ਲੜਾਈ ਜਾਰੀ ਰੱਖਣ।
ਸ੍ਰੀ ਕੰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਜਗਦੀਪ ਧਨਖੜ ਨੂੰ ਅਪੀਲ ਕੀਤੀ ਕਿ ਉਹ ਨਿੱਜੀ ਦਖ਼ਲ ਦੇ ਕੇ ਪੰਜਾਬ ਯੂਨੀਵਰਸਿਟੀ ਦੇ ਲੋਕਤੰਤਰਿਕ ਢਾਂਚੇ ਨੂੰ ਜਿਉਂਦਾ ਰੱਖਣ।
ਬੀਕੇਯੂ (ਕ੍ਰਾਂਤੀਕਾਰੀ) ਵੱਲੋਂ ਸੰਘਰਸ਼ ਦੀ ਹਮਾਇਤ
ਧਰਨੇ ’ਚ ਅੱਜ ਬੀਕੇਯੂ (ਕ੍ਰਾਂਤੀਕਾਰੀ) ਦੇ ਆਗੂਆਂ ਨੇ ਵੀ ਹਾਜ਼ਰੀ ਭਰੀ। ਯੂਨੀਅਨ ਦੇ ਸੂਬਾ ਜਨਰਲ ਸਕੱਤਰ ਮਾਤਾ ਸੁਖਵਿੰਦਰ ਕੌਰ ਨੇ ਧਰਨੇ ਵਿੱਚ ਪਹੁੰਚ ਕੇ ਪੂਰਨ ਸਮਰਥਨ ਕੀਤਾ। ਉਨ੍ਹਾਂ ਕੇਂਦਰ ਸਰਕਾਰ ਦੇ ਨਾਲ-ਨਾਲ ਪੰਜਾਬ ਸਰਕਾਰ ਨੂੰ ਵੀ ਕਸੂਰਵਾਰ ਠਹਿਰਾਇਆ। ਆਗੂਆਂ ਨੇ ਕਿਹਾ ਕਿ ਜੇ ਇਹ ਮਸਲਾ ਹੱਲ ਨਾ ਕੀਤਾ ਗਿਆ ਤਾਂ ਫਿਰ ਇਹ ਮਸਲਾ ਬਹੁਤ ਜਲਦ ਲੋਕ-ਲਹਿਰ ਬਣ ਕੇ ਸਾਹਮਣੇ ਆਵੇਗਾ।