ਪੱਤਰ ਪ੍ਰੇਰਕ
ਐਸਏਐਸ ਨਗਰ (ਮੁਹਾਲੀ), 15 ਸਤੰਬਰ
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਸਣੇ ਹੋਰ ਆਸਪਾਸ ਦੇ ਇਲਾਕਿਆਂ ਵਿੱਚ ਬਿਜਲੀ ਸਪਲਾਈ ਦੀ ਸਮੱਸਿਆ ਲਗਾਤਾਰ ਵਧ ਰਹੀ ਹੈ। ਇਸ ਕਾਰਨ ਆਮ ਲੋਕਾਂ ਅਤੇ ਕਾਰੋਬਾਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਜਲਵਾਯੂ ਵਿਹਾਰ ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨ ਸੈਕਟਰ-67 ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਇਸ ਮਾਮਲੇ ਵਿੱਚ ਨਿੱਜੀ ਦਖ਼ਲ ਦੇਣ ਦੀ ਮੰਗ ਕੀਤੀ ਹੈ। ਐਸੋਸੀਏਸ਼ਨ ਦੇ ਸਕੱਤਰ ਬੀਐਸ ਢਿੱਲੋਂ ਨੇ ਕਿਹਾ ਕਿ ਪੰਜਾਬ ਵਿੱਚ ਬਿਜਲੀ ਸਪਲਾਈ ਬਾਬਤ ਵਿਗੜ ਰਹੇ ਹਾਲਾਤ ਵੱਲ ਤੁਰੰਤ ਧਿਆਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਵੀਆਈਪੀ ਸਿਟੀ ਮੁਹਾਲੀ ਸਣੇ ਪੰਜਾਬ ਭਰ ਵਿੱਚ ਬਿਜਲੀ ਸਪਲਾਈ ਦੀ ਵਿਗੜ ਰਹੀ ਸਥਿਤੀ ਕਾਰਨ ਨਾਗਰਿਕਾਂ ਨੂੰ ਦਿੱਕਤਾਂ ਹੋ ਰਹੀਆਂ ਹਨ।
ਉਨ੍ਹਾਂ ਲਿਖਿਆ ਹੈ ਕਿ ਬਿਜਲੀ ਸੰਕਟ ਲਈ ਮੁਫ਼ਤਖ਼ੋਰ ਖ਼ਪਤਕਾਰ ਜ਼ਿੰਮੇਵਾਰ ਹਨ। ਸਾਰੇ ਖ਼ਪਤਕਾਰਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਦੇਣ ਕਾਰਨ ਪੰਜਾਬ ਦੇ ਸਿਰ ਲਗਾਤਾਰ ਵਿੱਤੀ ਬੋਝ ਦੀ ਪੰਡ ਭਾਰੀ ਹੁੰਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਸਾਰਿਆਂ ਨੂੰ ਮੁਫ਼ਤ ਬਿਜਲੀ ਦੇਣ ਦੇ ਫ਼ੈਸਲੇ ’ਤੇ ਮੁੜ ਵਿਚਾਰ ਕੀਤਾ ਜਾਵੇ ਅਤੇ ਖ਼ਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਵੱਲ ਧਿਆਨ ਕੇਂਦਰਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਕਾਸਸ਼ੀਲ ਸ਼ਹਿਰਾਂ ਦਾ ਇਸ ਸਕੀਮ ਕਾਰਨ ਬੁਰਾ ਹਾਲ ਹੈ ਅਤੇ ਕਿਉਂਕਿ ਫੰਡਾਂ ਦੀ ਘਾਟ ਕਾਰਨ ਪਾਵਰਕੌਮ ਮੈਨੇਜਮੈਂਟ ਬਿਜਲੀ ਕੁਨੈਕਸ਼ਨਾਂ ਦੀ ਵਧ ਰਹੀ ਮੰਗ ਨੂੰ ਪੂਰਾ ਕਰਨ ਲਈ ਬੁਨਿਆਦੀ ਢਾਂਚੇ ਨੂੰ ਅਪਗਰੇਡ ਕਰਨ ਵਿੱਚ ਅਸਮਰੱਥ ਹੈ।
ਪੱਤਰ ਵਿੱਚ ਮੰਗ ਕੀਤੀ ਗਈ ਹੈ ਕਿ ਸਾਰਿਆਂ ਨੂੰ ਮੁਫ਼ਤ ਬਿਜਲੀ ਦੇਣ ਵਾਲੀ ਸਕੀਮ ਦੀ ਥਾਂ ਸਿਰਫ਼ ਲੋੜਵੰਦਾਂ ਨੂੰ ਹੀ ਮੁਫ਼ਤ ਬਿਜਲੀ ਦਿੱਤੀ ਜਾਵੇ।