ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 13 ਜੁਲਾਈ
ਚੰਡੀਗੜ੍ਹ ਵਿੱਚ ਅੱਜ ਦੁਪਹਿਰ ਵੇਲੇ ਕੁਝ ਇਲਾਕਿਆਂ ਵਿੱਚ ਪਏ ਮੀਂਹ ਨੇ ਲੋਕਾਂ ਨੂੰ ਅਤਿ ਦੀ ਪੈ ਰਹੀ ਗਰਮੀ ਤੋਂ ਰਾਹਤ ਦਿਵਾਈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 27.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਕਿ ਆਮ ਦੇ ਬਰਾਬਰ ਹੈ। ਉੱਧਰ ਮੌਸਮ ਵਿਭਾਗ ਅਨੁਸਾਰ ਅੱਜ ਦੁਪਹਿਰ ਵੇਲੇ ਚੰਡੀਗੜ੍ਹ ਦੇ ਕੁਝ ਸੈਕਟਰਾਂ ਵਿੱਚ ਇਕ ਘੰਟੇ ਵਿੱਚ 14 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਮੌਨਸੂਮ ਪੂਰੇ ਦੇਸ਼ ਵਿੱਚ ਦਸਤਕ ਦੇ ਚੁੱਕਿਆ ਹੈ। ਇਸੇ ਦੌਰਾਨ ਸੋਹਣੇ ਸ਼ਹਿਰ ਚੰਡੀਗੜ੍ਹ ਵਿੱਚ ਅਗਲੇ 24 ਘੰਟਿਆਂ ਵਿੱਚ ਮੀਂਹ ਪੈਣ ਅਤੇ ਠੰਢੀਆਂ ਹਵਾਵਾਂ ਚੱਲਣ ਦੀ ਪੇਸ਼ੀਨਗੋਈ ਕੀਤੀ ਗਈ ਹੈ। ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਅਗਲਾ ਹਫ਼ਤਾ ਮੌਸਮ ਖੁਸ਼ਕ ਰਹੇਗਾ, ਇਸ ਕਰ ਕੇ ਅਗਲੇ ਹਫ਼ਤੇ ਤਾਪਮਾਨ ਮੁੜ ਵਧ ਸਕਦਾ ਹੈ। ਦੂਜੇ ਪਾਸੇ ਅੱਜ ਦੁਪਹਿਰ ਤੋਂ ਬਾਅਦ ਸ਼ਹਿਰ ਵਿੱਚ ਬੱਦਲਵਾਈ ਰਹਿਣ ਕਰ ਕੇ ਸੈਲਾਨੀ ਸ਼ਹਿਰ ਦੀਆਂ ਸੜਕਾਂ ਅਤੇ ਘੁੰਮਣ-ਫਿਰਨ ਵਾਲੀਆਂ ਥਾਵਾਂ ’ਤੇ ਆਨੰਦ ਮਾਣਦੇ ਦਿਖਾਈ ਦਿੱਤੇ। ਇਸ ਦੌਰਾਨ ਸੁਖਨਾ ਝੀਲ, ਰੌਕ ਗਾਰਡਨ, ਰੋਜ਼ ਗਾਰਡਨ ਸਣੇ ਹੋਰਨਾਂ ਪਾਰਕਾਂ ਵਿੱਚ ਲੋਕਾਂ ਦੀ ਭੀੜ ਲੱਗੀ ਰਹੀ।