ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 22 ਮਾਰਚ
ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੈਟਿਕ) ਨੇ ਸ੍ਰੀ ਮੁਕਤਸਰ ਸਾਹਿਬ ਤੋਂ ਸੀਨੀਅਰ ਆਗੂ ਰਾਜਿੰਦਰ ਸਿੰਘ ਰਾਜਾ ਨੂੰ ਪਾਰਟੀ ਵਿੱਚ ਮੁੜ ਬਹਾਲ ਕਰ ਦਿੱਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਦਫ਼ਤਰ ਸਕੱਤਰ ਮਨਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਕੁੱਝ ਸਮਾਂ ਪਹਿਲਾਂ ਰਾਜਿੰਦਰ ਰਾਜਾ ’ਤੇ ਆਪਣੀ ਬਜ਼ੁਰਗ ਮਾਂ ਦੀ ਸਹੀ ਤਰੀਕੇ ਨਾਲ ਸਾਂਭ-ਸੰਭਾਲ ਨਾ ਕਰਨ ਦੇ ਦੋਸ਼ ਲੱਗੇ ਸਨ। ਇਸ ਦੌਰਾਨ ਉਨ੍ਹਾਂ ਦੀ ਮਾਂ ਦੀ ਅਚਨਚੇਤ ਹੋਈ ਮੌਤ ਹੋ ਗਈ ਸੀ। ਰਾਜਿੰਦਰ ਸਿੰਘ ਰਾਜਾ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਸੀ। ਮਹਿਲਾ ਕਮਿਸ਼ਨ ਵੱਲੋਂ ਆਪਣੇ ਪੱਧਰ ’ਤੇ ਕੀਤੀ ਜਾਂਚ ਪੜਤਾਲ ਵਿੱਚ ਸਾਹਮਣੇ ਆਇਆ ਕਿ ਰਾਜਿੰਦਰ ਰਾਜਾ ਦੀ ਮਾਂ ਉਨ੍ਹਾਂ ਦੇ ਦੂਜੇ ਭਰਾ ਕੋਲ ਰਹਿੰਦੀ ਸੀ। ਇਸ ਤਰ੍ਹਾਂ ਮਹਿਲਾ ਕਮਿਸ਼ਨ ਨੇ ਰਜਿੰਦਰ ਰਾਜਾ ਨੂੰ ਕਲੀਨ ਚਿੱਟ ਦਿੱਤੀ ਗਈ ਸੀ। ਉਧਰ, ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੈਟਿਕ) ਵੱਲੋਂ ਵੀ ਸੀਨੀਅਰ ਆਗੂਆਂ ਨਿਧੜਕ ਸਿੰਘ ਬਰਾੜ, ਦਵਿੰਦਰ ਸਿੰਘ ਸੋਢੀ ਅਤੇ ਮਲਕੀਤ ਸਿੰਘ ਚੰਗਾਲ ਦੇ ਆਧਾਰਿਤ ਇੱਕ ਵਿਸ਼ੇਸ਼ ਕਮੇਟੀ ਬਣਾ ਕੇ ਮਾਮਲੇ ਦੀ ਜਾਂਚ ਕਰਵਾਈ ਗਈ। ਇਸ ਕਮੇਟੀ ਦੀ ਸਿਫ਼ਾਰਸ਼ ਕੀਤੀ ’ਤੇ ਪਾਰਟੀ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਰਾਜਿੰਦਰ ਰਾਜਾ ਨੂੰ ਪਾਰਟੀ ਵਿੱਚ ਮੁੜ ਬਹਾਲ ਕਰ ਦਿੱਤਾ ਹੈ।