ਪੱਤਰ ਪ੍ਰੇਰਕ
ਚੰਡੀਗੜ੍ਹ, 3 ਜੁਲਾਈ
ਕੌਮੀ ਟਰੇਡ ਯੂਨੀਅਨਾਂ ਵੱਲੋਂ ਮੋਦੀ ਸਰਕਾਰ ਖ਼ਿਲਾਫ਼ ਦੇਸ਼ ਵਿਆਪੀ ਰੋਸ ਪ੍ਰਦਰਸ਼ਨਾਂ ਦੇ ਸੱਦੇ ’ਤੇ ਅੱਜ ਇੱਥੇ ਸੈਕਟਰ-17 ਸਥਿਤ ਪਲਾਜ਼ਾ ਵਿਚ ਏਟਕ, ਇੰਟਕ, ਸੀ.ਟੀ.ਯੂ. ਪੰਜਾਬ, ਏਕਟੂ ਚੰਡੀਗੜ੍ਹ ਅਤੇ ਸੀਪੀਆਈ (ਐਮ) ਜਥੇਬੰਦੀਆਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਗਿਆ।
ਰੈਲੀ ਦੌਰਾਨ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣ ਕਰਦਿਆਂ ਕੁਝ ਚੋਣਵੇਂ ਆਗੂਆਂ ਵੱਲੋਂ ਰੈਲੀ ਨੂੰ ਸੰਬੋਧਨ ਕੀਤਾ ਗਿਆ। ਇਸ ਮੌਕੇ ਏਟਕ ਦੇ ਪ੍ਰਧਾਨ ਕਾਮਰੇਡ ਰਾਜ ਕੁਮਾਰ, ਦੇਵੀ ਦਿਆਲ ਸ਼ਰਮਾ, ਨਸੀਬ ਜਾਖੜ, ਇੰਦਰਜੀਤ ਗਰੇਵਾਲ, ਕਮਲਜੀਤ ਸਿੰਘ, ਗੁਰਵਿੰਦਰ ਸਿੰਘ, ਕਾਮਰੇਡ ਪ੍ਰੀਤਮ ਸਿੰਘ ਹੁੰਦਲ, ਕਾਮਰੇਡ ਪ੍ਰਲਾਦ ਸਿੰਘ ਆਦਿ ਵੀ ਹਾਜ਼ਰ ਸਨ।
ਪ੍ਰਦਰਸ਼ਨਕਾਰੀਆਂ ਨੇ ਹੱਥਾਂ ਵਿੱਚ ਪੋਸਟਰ ਫੜ ਕੇ ਮੋਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਕਰੋਨਾ ਸੰਕਟ ਦੀ ਆੜ ਵਿੱਚ ਭਾਜਪਾ ਸਰਕਾਰ ਮਜ਼ਦੂਰਾਂ ਤੋਂ ਉਨ੍ਹਾਂ ਦੇ ਹੱਕ ਖੋਹ ਕੇ ਦੇਸ਼ ਦੇ ਕੀਮਤੀ ਸੋਮਿਆਂ ਨੂੰ ਪੂੰਜੀਪਤੀਆਂ ਦੇ ਹੱਥਾਂ ਵਿੱਚ ਦੇਣ ਦੇ ਮਨਸੂਬੇ ਬਣਾ ਰਹੀ ਹੈ।
ਉਨ੍ਹਾਂ ਮੰਗ ਕੀਤੀ ਕਿ ਪੈਟਰੋਲ ਤੇ ਡੀਜ਼ਲ ਦੀਆਂ ਵਧੀਆਂ ਹੋਈਆਂ ਕੀਮਤਾਂ ਵਾਪਸ ਲਈਆਂ ਜਾਣ। ਇਸ ਦੇ ਨਾਲ ਹੀ ਸਰਕਾਰੀ ਮਹਿਕਮਿਆਂ ਦਾ ਨਿੱਜੀਕਰਨ ਬੰਦ ਕਰਕੇ ਨੌਜਵਾਨ ਪੀੜ੍ਹੀ ਲਈ ਰੁਜ਼ਗਾਰ ਦੇ ਸਾਧਨ ਜੁਟਾਏ ਜਾਣ।
ਨਿੱਜੀਕਰਨ ਤੇ ਠੇਕੇਦਾਰੀ ਸਿਸਟਮ ਖ਼ਿਲਾਫ਼ ਮੀਟਿੰਗ
ਬਿਜਲੀ ਬੋਰਡ ਦਾ ਨਿੱਜੀਕਰਨ ਅਤੇ ਠੇਕੇਦਾਰੀ ਸਿਸਟਮ ਖ਼ਿਲਾਫ਼ ਅੱਜ ਸੈਕਟਰ 27 ਸਥਿਤ ਮੇਨਟੀਨੈਂਸ ਦਫ਼ਤਰ ਵਿਖੇ ਗੇਟ ਮੀਟਿੰਗ ਕੀਤੀ ਗਈ। ਯੂਟੀ ਮੇਨਟੀਨੈਂਸ ਬਿਲਡਿੰਗ ਇੰਪਲਾਈਜ਼ ਦੇ ਪ੍ਰਧਾਨ ਸੱਤ ਪ੍ਰਕਾਸ਼ ਸ਼ਰਮਾ ਅਤੇ ਪੰਜਾਬ/ਯੂ.ਟੀ. ਇੰਪਲਾਈਜ਼ ਐਕਸ਼ਨ ਕਮੇਟੀ ਦੇ ਪ੍ਰਧਾਨ ਕਰਤਾਰ ਸਿੰਘ ਪਾਲ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਕਾਮਿਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਛੇਵੇਂ ਤਨਖਾਹ ਕਮਿਸ਼ਨ ਦੀ ਮਿਆਦ ਦਸੰਬਰ 2020 ਤੱਕ ਵਧਾਉਣ ਦਾ ਫੈਸਲਾ ਵਾਪਸ ਲੈ ਕੇ ਰਿਪੋਰਟ ਤੁਰੰਤ ਲਾਗੂ ਕੀਤੀ ਜਾਵੇ।