ਹਰਜੀਤ ਸਿੰਘ
ਡੇਰਾਬੱਸੀ, 6 ਜੂਨ
ਇਥੋਂ ਦੇ ਰਾਮਲੀਲਾ ਮੈਦਾਨ ਵਿੱਚ ਲੱਗਣ ਵਾਲੀ ਰੇਹੜੀ-ਫੜ੍ਹੀ ਦਾ ਮਸਲਾ ਦਿਨ ਦਿਹਾੜੇ ਭੱਖ਼ਦਾ ਜਾ ਰਿਹਾ ਹੈ। ਇਸ ਮਾਮਲੇ ਸਬੰਧੀ ਅੱਜ ਐੱਸਡੀਐੱਮ ਹਿਮਾਂਸ਼ੂ ਗੁਪਤਾ ਨੇ ਬੱਸ ਸਟੈਂਡ ਦੇ ਨੇੜੇ ਪਾਣੀ ਦੀ ਟੈਂਕੀ ਵਾਲੇ ਪਾਰਕ ਦਾ ਦੌਰਾ ਕੀਤਾ। ਪ੍ਰਸ਼ਾਸਨ ਵੱਲੋਂ ਰੇਹੜੀ-ਫੜ੍ਹੀ ਵਾਲਿਆਂ ਨੂੰ ਇਸ ਪਾਰਕ ਵਿੱਚ ਤਬਦੀਲ ਕਰਨ ਦੀ ਤਜਵੀਜ਼ ਤਿਆਰ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਰਾਮਲੀਲਾ ਮੈਦਾਨ ਅਤੇ ਮੇਨ ਬਾਜ਼ਾਰ ਦੇ ਦੁਕਾਨਦਾਰਾਂ ਵੱਲੋਂ ਲੰਮੇਂ ਸਮੇਂ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਰੇਹੜੀ-ਫੜ੍ਹੀ ਵਾਲਿਆਂ ਨੂੰ ਕਿਸੇ ਹੋਰ ਥਾਂ ਤਬਦੀਲ ਕੀਤਾ ਜਾਏ। ਦੁਕਾਨਦਾਰਾਂ ਨੇ ਇਸ ਮੰਗ ਲੈ ਕੇ ਬੀਤੇ ਦਿਨੀਂ ਸ਼ਹਿਰ ਵਿੱਚ ਰੋਸ ਮਾਰਚ ਵੀ ਕੱਢਿਆ ਸੀ। ਉਨ੍ਹਾਂ ਦੋਸ਼ ਲਾਇਆ ਸੀ ਰਾਮਲੀਲਾ ਮੈਦਾਨ ਵਿੱਚ ਰੇਹੜੀ-ਫੜ੍ਹੀ ਵਾਲਿਆਂ ਦੇ ਨਾਜਾਇਜ਼ ਕਬਜ਼ੇ ਕਾਰਨ ਉਨ੍ਹਾਂ ਦੀ ਦੁਕਾਨਦਾਰੀ ਪੂਰੀ ਤਰ੍ਹਾਂ ਠੱਪ ਹੋ ਗਈ ਹੈ। ਦੁਕਾਨਦਾਰਾਂ ਨੇ ਇਕ ਮੰਗ ਪੱਤਰ ਵੀ ਐੱਸਡੀਐੱਮ ਅਤੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੂੰ ਦੇ ਕੇ ਇਸ ਸਮੱਸਿਆ ਦਾ ਹੱਲ ਕਰਨ ਦੀ ਮੰਗ ਕੀਤੀ ਸੀ। ਦੁਕਾਨਦਾਰਾਂ ਨੇ ਰੇਹੜੀ ਫੜ੍ਹੀ ਵਾਲਿਆਂ ਨੂੰ ਹੋਰ ਥਾਂ ਤਬਦੀਲ ਕਰਨ ਦੀ ਮੰਗ ਕੀਤੀ ਸੀ। ਹਿਮਾਂਸ਼ੂ ਗੁਪਤਾ ਨੇ ਕਿਹਾ ਕਿ ਹਾਲੇ ਉਹ ਥਾਂ ਦਾ ਜਾਇਜ਼ਾ ਲੈ ਰਹੇ ਹਨ, ਜਿਸ ਮਗਰੋਂ ਹੀ ਕੋਈ ਫ਼ੈਸਲਾ ਲਿਆ ਜਾਵੇਗਾ।