ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 26 ਫਰਵਰੀ
ਇੱਥੋਂ ਦੇ ਸੇਂਟ ਸੋਲਜਰ ਇੰਟਰਨੈਸ਼ਨਲ ਕਾਨਵੈਂਟ ਸਕੂਲ ਫੇਜ਼-7 ਵਿੱਚ ਅੱਜ ਬੰਬ ਦੀ ਸੂਚਨਾ ਮਿਲਣ ਕਾਰਨ ਸਕੂਲ ਪ੍ਰਬੰਧਕਾਂ ਅਤੇ ਮੁਹਾਲੀ ਪੁਲੀਸ ਨੂੰ ਭਾਜੜਾਂ ਪੈ ਗਈਆਂ। ਜ਼ਿਲ੍ਹਾ ਪੁਲੀਸ, ਬੰਬ ਨਕਾਰਾ ਕਰਨ ਵਾਲੀ ਟੀਮ ਅਤੇ ਹੋਰ ਸਰਕਾਰੀ ਅਧਿਕਾਰੀ ਤੁਰੰਤ ਮੌਕੇ ’ਤੇ ਪਹੁੰਚੇ। ਵਿਦਿਆਰਥੀਆਂ ਅਤੇ ਸਟਾਫ਼ ਨੂੰ ਸਕੂਲ ਕੰਪਲੈਕਸ ਤੋਂ ਬਾਹਰ ਸੁਰੱਖਿਅਤ ਥਾਂ ’ਤੇ ਭੇਜ ਦਿੱਤਾ ਗਿਆ। ਮਟੌਰ ਥਾਣੇ ਦੇ ਐਸਐਚਓ ਨਵੀਨਪਾਲ ਸਿੰਘ ਲਹਿਲ ਤੇ ਹੋਰਨਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸਕੂਲ ਕੰਪਲੈਕਸ ਦੀ ਤਲਾਸ਼ੀ ਲਈ ਗਈ, ਪ੍ਰੰਤੂ ਮੌਕੇ ’ਤੇ ਕੋਈ ਬੰਬ ਜਾਂ ਧਮਾਕਾਖ਼ੇਜ਼ ਸਮੱਗਰੀ ਬਰਾਮਦ ਨਹੀਂ ਹੋਈ।
ਜਾਣਕਾਰੀ ਅਨੁਸਾਰ ਸਕੂਲ ਦੇ ਇਕ ਵਿਦਿਆਰਥੀ ਨੂੰ ਅਣਪਛਾਤੇ ਵਿਅਕਤੀ ਵੱਲੋਂ ਇਕ ਚਿੱਠੀ ਦਿੱਤੀ ਗਈ ਸੀ, ਜਿਸ ਵਿੱਚ ਲਿਖਿਆ ਸੀ ਕਿ ਸਕੂਲ ਕੰਪਲੈਕਸ ਵਿੱਚ ਬੰਬ ਰੱਖਿਆ ਗਿਆ ਹੈ। ਇਸ ਦਾ ਪਤਾ ਚੱਲਦੇ ਹੀ ਸਕੂਲ ਮੈਨੇਜਮੈਂਟ ਨੇ ਮੁਹਾਲੀ ਪੁਲੀਸ ਨੂੰ ਇਤਲਾਹ ਦਿੱਤੀ ਤੇ ਸਕੂਲ ਨੂੰ ਖਾਲੀ ਕਰਵਾ ਲਿਆ। ਇਸੇ ਦੌਰਾਨ ਪੁਲੀਸ ਦੀ ਟੀਮ ਵੀ ਮੌਕੇ ’ਤੇ ਪਹੁੰਚ ਗਈ। ਪੁਲੀਸ ਨੇ ਬੰਬ ਦੀ ਭਾਲ ਸ਼ੁਰੂ ਕਰ ਦਿੱਤੀ। ਉਧਰ, ਸਕੂਲ ਪ੍ਰਬੰਧਕਾਂ ਨੇ ਬੰਬ ਰੱਖੇ ਜਾਣ ਦੀ ਚਿੱਠੀ ਤੋਂ ਇਨਕਾਰ ਕੀਤਾ ਹੈ। ਸਕੂਲ ਦੀ ਪ੍ਰਿੰਸੀਪਲ ਅੰਜਲੀ ਸ਼ਰਮਾ ਨੇ ਕਿਹਾ ਕਿ ਸਕੂਲ ਵਿੱਚ ਬੰਬ ਜਾਂ ਕੋਈ ਧਮਾਕਾਖ਼ੇਜ਼ ਸਮੱਗਰੀ ਵਰਗੀ ਕੋਈ ਚੀਜ਼ ਨਹੀਂ ਸੀ, ਬਲਕਿ ਅੱਜ ਇੱਥੇ ਇੱਕ ਮੌਕ ਡਰਿੱਲ ਕਰਵਾਈ ਗਈ ਹੈ, ਜਿਸ ਵਿੱਚ ਐਮਰਜੈਂਸੀ ਹਾਲਤਾਂ ਵਿੱਚ ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਸੁਰੱਖਿਅਤ ਬਚਾਅ ਕੇ ਬਾਹਰ ਕੱਢਣ ਅਤੇ ਹਫੜਾ-ਦਫੜੀ ਮਚਣ ਤੋਂ ਰੋਕਣ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਹੈ। ਦੂਜੇ ਪਾਸੇ ਮਟੌਰ ਥਾਣੇ ਦੇ ਐਸਐਚਓ ਨਵੀਨਪਾਲ ਸਿੰਘ ਲਹਿਲ ਨੇ ਕਿਹਾ ਕਿ ਉਨ੍ਹਾਂ ਕੋਲ ਸਕੂਲ ਵੱਲੋਂ ਮੌਕੇ ਡਰਿੱਲ ਕਰਵਾਏ ਜਾਣ ਦੀ ਕੋਈ ਜਾਣਕਾਰੀ ਨਹੀਂ ਹੈ। ਪੁਲੀਸ ਵੱਲੋਂ ਸਕੂਲ ਵਿੱਚ ਤਲਾਸ਼ੀ ਮੁਹਿੰਮ ਚਲਾਈ ਪਰ ਕੋਈ ਧਮਾਕਾਖੇਜ਼ ਚੀਜ਼ ਬਰਾਮਦ ਨਹੀਂ ਹੋਈ।