ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 22 ਜੁਲਾਈ
ਮੁਹਾਲੀ ਵਿੱਚ ਮੰਕੀਪੋਕਸ ਦੇ ਪਾਜ਼ੇਟਿਵ ਮਾਮਲਿਆਂ ਦੀ ਅਫ਼ਵਾਹ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨੂੰ ਭਾਜੜਾਂ ਪਾ ਦਿੱਤੀਆਂ। ਮੀਡੀਆ ਦੀਆਂ ਸੁਰਖ਼ੀਆਂ ਬਣਨ ਤੋਂ ਬਾਅਦ ਮੁਹਾਲੀ ਜ਼ਿਲ੍ਹੇ ਦੀ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਅਤੇ ਮਹਾਮਾਰੀ ਵਿਗਿਆਨੀ ਡਾ. ਹਰਮਨਦੀਪ ਕੌਰ ਨੇ ਸਪੱਸ਼ਟ ਕੀਤਾ ਕਿ ਮੁਹਾਲੀ ਵਿੱਚ ਮੰਕੀਪਾਕਸ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ। ਜ਼ਿਕਰਯੋਗ ਹੈ ਕਿ ਮੀਡੀਆ ਵੱਲੋਂ ਸ਼ਹਿਰ ਦੇ ਇੱਕ ਸਕੂਲ ਦੇ ਵਿਦਿਆਰਥੀਆਂ ਵਿੱਚ ਮੌਂਕੀਪਾਕਸ ਦੇ ਕੁਝ ਪਾਜ਼ੇਟਿਵ ਮਾਮਲੇ ਸਾਹਮਣੇ ਆਉਣ ਦੀ ਗੱਲ ਪ੍ਰਚਾਰੀ ਗਈ ਸੀ। ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਸਬੰਧਤ ਖ਼ਬਰ ਪੂਰੀ ਤਰ੍ਹਾਂ ਬੇਬੁਨਿਆਦ ਅਤੇ ਤੱਥਾਂ ਤੋਂ ਸੱਖਣੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸਬੰਧਤ ਸਕੂਲ ਦੇ ਤਿੰਨ ਵਿਦਿਆਰਥੀਆਂ ਵਿੱਚ ਹੱਥ-ਪੈਰ ਅਤੇ ਮੂੰਹ ਦੀ ਬਿਮਾਰੀ ਨਾਲ ਸਬੰਧਤ ਕੁਝ ਲੱਛਣ ਸਨ, ਜਿਨ੍ਹਾਂ ਦੇ ਸੈਂਪਲ ਲੈ ਕੇ ਜਾਂਚ ਲਈ ਲੈਬਾਰਟਰੀ ਵਿੱਚ ਭੇਜੇ ਗਏ ਸਨ। ਅਧਿਕਾਰੀਆਂ ਨੇ ਕਿਹਾ ਕਿ ਹੱਥ ਪੈਰ ਅਤੇ ਮੂੰਹ ਦੀ ਬਿਮਾਰੀ ਆਮ ਤੌਰ ’ਤੇ 10 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਪ੍ਰਭਾਵਿਤ ਕਰਦੀ ਹੈ। ਉਨ੍ਹਾਂ ਕਿਹਾ ਕਿ ਇਸ ਬੀਮਾਰੀ ਤੋਂ ਜ਼ਿਲ੍ਹਾ ਵਾਸੀਆਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਇਹ ਇੱਕ ਆਪਣੇ ਆਪ ਠੀਕ ਹੋਣ ਵਾਲੀ ਬਿਮਾਰੀ ਹੈ, ਜਿਸ ਦਾ ਕਿਸੇ ਵੀ ਤਰ੍ਹਾਂ ਨਾਲ ਮੰਕੀਪਾਕਸ ਨਾਲ ਕੋਈ ਸਬੰਧ ਨਹੀਂ ਹੈ।