ਜਗਮੋਹਨ ਸਿੰਘ
ਘਨੌਲੀ, 24 ਮਈ
17 ਮਈ ਨੂੰ ਪਿੰਡ ਲੋਹਗੜ੍ਹ ਵਿੱਚ ਟਰਾਂਸਪੋਰਟ ਕੰਪਨੀ ਦੇ ਮਾਲਕ ਅਤੇ ਸਟਾਫ ਦੀ ਕੁੱਟਮਾਰ ਕਰਨ ਦੇ ਦੋਸ਼ਾਂ ਅਧੀਨ ਰੂਪਨਗਰ ਦੀ ਅਦਾਲਤ ਵੱਲੋਂ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜੇ ਆਪ ਆਗੂ ਰਾਜਿੰਦਰ ਸਿੰਘ ਘਨੌਲਾ ਨੂੰ ਅਦਾਲਤ ਵੱਲੋਂ ਦੋਸ਼ਮੁਕਤ ਕਰਾਰ ਦੇ ਕੇ ਰਿਹਾਅ ਕਰ ਦਿੱਤਾ ਗਿਆ। ਰਿਹਾਅ ਹੋਣ ਤੋਂ ਬਾਅਦ ਸ੍ਰੀ ਘਨੌਲਾ ਮੁੜ ਪਿੰਡ ਦਬੁਰਜੀ ਵਿਖੇ ਲਗਾਏ ਗਏ ਧਰਨੇ ਵਿੱਚ ਪੁੱਜੇ, ਜਿਥੇ ਉਨ੍ਹਾਂ ਦਾ ਧਰਨੇ ਵਿੱਚ ਸ਼ਾਮਲ ਇਲਾਕੇ ਦੇ ਲੋਕਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਲੋਕਾਂ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕਰਦਿਆਂ ਕਿਹਾ ਕਿ ਪੁਲੀਸ ਵੱਲੋਂ ਫੈਕਟਰੀ ਅਤੇ ਟਰਾਂਸਪੋਰਟਰਾਂ ਦੇ ਦਬਾਅ ਹੇਠ ਆ ਕੇ ਉਨ੍ਹਾਂ ਨੂੰ ਝੂਠੇ ਕੇਸ ਵਿੱਚ ਉਲਝਾ ਕੇ ਉਨ੍ਹਾਂ ਦੀ ਆਵਾਜ਼ ਬੰਦ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਉਹ ਝਗੜੇ ਦੇ ਸਮੇਂ ਮੌਕੇ ’ਤੇ ਮੌਜੂਦ ਨਹੀਂ ਸਨ ਤੇ ਉਨ੍ਹਾਂ ਵੱਲੋਂ ਪੇਸ਼ ਸਬੂਤਾਂ ਦੇ ਆਧਾਰ ’ਤੇ ਅਦਾਲਤ ਨੇ ਉਨ੍ਹਾਂ ਨੂੰ ਦੋਸ਼ ਮੁਕਤ ਕਰਾਰ ਦਿੰਦੇ ਹੋਏ ਬਾਇੱਜ਼ਤ ਰਿਹਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਲ੍ਹ ਜਾਣ ਸਦਕਾ ਉਨ੍ਹਾਂ ਦੇ ਹੌਸਲੇ ਹੋਰ ਵੀ ਬੁਲੰਦ ਹੋਏ ਹਨ ਅਤੇ ਲੋਕਾਂ ਨੂੰ ਪ੍ਰਦੂਸ਼ਣ ਤੋਂ ਮੁਕਤੀ ਅਤੇ ਰੁਜ਼ਗਾਰ ਦਿਵਾਉਣ ਲਈ ਉਹ ਦਿਨ ਰਾਤ ਇੱਕ ਕਰ ਦੇਣਗੇ। ਧਰਨੇ ਨੂੰ ਕੁਲਦੀਪ ਸਿੰਘ ਜੇਈ, ਸਰਪੰਚ ਅਮਰਜੀਤ ਕੌਰ ਨੂੰਹੋਂ, ਸਰਪੰਚ ਜਸਵੀਰ ਕੌਰ ਰਤਨਪੁਰਾ, ਕਮਲਜੀਤ ਸਿੰਘ, ਕਾਮਰੇਡ ਦਲੀਪ ਸਿੰਘ ਘਨੌਲਾ, ਸਾਬਕਾ ਸਰਪੰਚ ਤਜਿੰਦਰ ਸਿੰਘ ਸੋਨੀ ਲੋਹਗੜ੍ਹ ਫਿੱਡੇ, ਜਗਦੀਪ ਕੌਰ ਢੱਕੀ, ਸਤਵੰਤ ਸਿੰਘ ਦਬੁਰਜੀ, ਸਾਬਕਾ ਜ਼ਿਲ੍ਹਾ ਪਰਿਸ਼ਦ ਮੈਂਬਰ ਮਨਜੀਤ ਕੌਰ ਘਨੌਲਾ ਨੇ ਵੀ ਸੰਬੋਧਨ ਕੀਤਾ।