ਕੁਲਦੀਪ ਸਿੰਘ
ਚੰਡੀਗੜ੍ਹ, 2 ਸਤੰਬਰ
ਪੰਜਾਬ ਵਿੱਚ ਦਲਿਤ ਵਰਗਾਂ ਨਾਲ ਸਬੰਧਿਤ ਵਿਦਿਆਰਥੀਆਂ ਦੀ ਪੜ੍ਹਾਈ ਲਈ ਕੇਂਦਰ ਸਰਕਾਰ ਵੱਲੋਂ ਭੇਜੇ ਗਏ ਪੋਸਟ ਮੈਟ੍ਰਿਕ ਸਕਾਲਰਸ਼ਿਪ ਫੰਡਾਂ ਵਿੱਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਉਤੇ ਲੱਗੇ ਰਹੇ ਕਥਿਤ ਦੋਸ਼ਾਂ ਦੀ ਉੱਚ ਪੱਧਰੀ ਜਾਂਚ ਕਰਵਾਉਣ ਲਈ ਅੱਜ ਸੰਵਿਧਾਨ ਬਚਾਓ ਅੰਦੋਲਨ ਭਾਰਤ ਐਕਸ਼ਨ ਕਮੇਟੀ ਅਤੇ ਹੋਰ ਸਮੂਹ ਭਰਾਤਰੀ ਜਥੇਬੰਦੀਆਂ ਵੱਲੋਂ ਰਾਜਪਾਲ ਪੰਜਾਬ ਨੂੰ ਮੰਗ ਪੱਤਰ ਦਿੱਤਾ ਗਿਆ। ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਰਾਜ ਭਵਨ ਦੇ ਮੁੱਖ ਗੇਟ ਦੇ ਬਾਹਰ ਖੜ੍ਹੇ ਹੋ ਕੇ ਕੁਝ ਸਮੇਂ ਲਈ ਕੈਬਨਿਟ ਮੰਤਰੀ ਅਤੇ ਪੰਜਾਬ ਸਰਕਾਰ ਖਿਲਾਫ਼ ਰੋਸ ਵੀ ਜ਼ਾਹਿਰ ਕੀਤਾ। ਜਥੇਬੰਦੀ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਭੀਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਕਤ ਵਜ਼ੀਫਾ ਘੁਟਾਲੇ ਨਾਲ ਦਲਿਤ ਵਰਗ ਨਾਲ ਸਬੰਧਿਤ ਗਰੀਬ ਵਿਦਿਆਰਥੀਆਂ ਦਾ ਭਵਿੱਖ ਦਾਅ ’ਤੇ ਲੱਗਾ ਹੈ ਕਿਉਂਕਿ ਵਜ਼ੀਫੇ ਵਿੱਚ ਹੋਏ 63.91 ਕਰੋੜ ਰੁਪਏ ਦੇ ਘਪਲ਼ੇ ਕਾਰਨ ਬਹੁਤੇ ਵਿਦਿਆਰਥੀਆਂ ਨੂੰ ਪੜ੍ਹਾਈ ਵਿਚਾਲ਼ੇ ਛੱਡਣੀ ਪਈ ਤੇ ਕੁਝ ਵਿਦਿਆਰਥੀਆਂ ਨੂੰ ਇਮਤਿਹਾਨਾਂ ਵਿੱਚ ਬੈਠਣ ਵੇਲ਼ੇ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਵਿਦਿਆਰਥੀਆਂ ਨੂੰ ਵਿਦਿਅਕ ਅਦਾਰਿਆਂ ਵਿੱਚ ਦਾਖਲਾ ਨਹੀਂ ਮਿਲ ਰਿਹਾ ਜਿਸ ਦੇ ਸਿੱਟੇ ਵਜੋਂ ਦਲਿਤ ਵਿਦਿਆਰਥੀਆਂ ਦਾ ਕਰੀਅਰ ਤਬਾਹ ਹੋ ਚੁੱਕਾ ਹੈ। ਉਨ੍ਹਾਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਮਾਮਲੇ ਦੀ ਜਾਂਚ ਮੁੱਖ ਸਕੱਤਰ ਪੰਜਾਬ ਨੂੰ ਸੌਂਪੇ ਜਾਣ ਨੂੰ ਡਰਾਮੇਬਾਜ਼ੀ ਗਰਦਾਨਿਆ ਤੇ ਕਿਹਾ ਕਿ ਮੁੱਖ ਸਕੱਤਰ ਦੀ ਸਰਵਿਸ ਸਰਕਾਰ ਦੇ ਅਧੀਨ ਹੋਣ ਕਾਰਨ ਨਿਰਪੱਖ ਜਾਂਚ ਹੋ ਹੀ ਨਹੀਂ ਸਕਦੀ। ਉਕਤ ਆਗੂਆਂ ਨੇ ਮੰਗ ਕੀਤੀ ਕਿ ਵਜ਼ੀਫ਼ੇ ਵਿੱਚ ਹੋਏ 63.91 ਕਰੋੜ ਰੁਪਏ ਦੇ ਘਪਲੇ ਦੀ ਜਾਂਚ ਸੀ.ਬੀ.ਆਈ. ਜਾਂ ਹਾਈ ਕੋਰਟ ਦੇ ਸਿਟਿੰਗ ਜੱਜ ਤੋਂ ਕਰਵਾਈ ਜਾਵੇ। ਇਸ ਦੇ ਨਾਲ ਹੀ ਸਾਧੂ ਰਾਮ ਧਰਮਸੋਤ ਨੂੰ ਮੰਤਰੀ ਮੰਡਲ ਵਿੱਚੋਂ ਬਰਖ਼ਾਸਤ ਕੀਤਾ ਜਾਵੇ।
ਐਸਏਐਸ ਨਗਰ (ਪੱਤਰ ਪ੍ਰੇਰਕ): ਸੰਵਿਧਾਨ ਬਚਾਓ ਅੰਦੋਲਨ, ਭਾਰਤ ਐਕਸ਼ਨ ਕਮੇਟੀ ਅਤੇ ਭਰਾਤਰੀ ਜਥੇਬੰਦੀਆਂ ਵੱਲੋਂ ਦਲਿਤ ਵਰਗ ਦੇ ਵਿਦਿਆਰਥੀਆਂ ਦੀ ਮਦਦ ਲਈ ਦਿੱਤੇ ਜਾਂਦੇ ਵਜ਼ੀਫ਼ਿਆਂ ਦੀ ਰਕਮ ਰਾਸ਼ੀ ਹੜੱਪ ਕਰਨ ਦੇ ਕਥਿਤ ਘੁਟਾਲੇ ਦੀ ਸੀਬੀਆਈ ਤੋਂ ਜਾਂਚ ਕਰਵਾਉਣ ਦੀ ਮੰਗ ਨੂੰ ਲੈ ਕੇ ਬੁੱਧਵਾਰ ਨੂੰ ਜਥੇਬੰਦੀਆਂ ਦੇ ਵਫ਼ਦ ਨੇ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦਿੱਤਾ। ਅੱਜ ਇੱਥੇ ਬਲਵਿੰਦਰ ਸਿੰਘ ਕੁੰਭੜਾ, ਜੋਰਾ ਸਿੰਘ, ਗੁਰਕੀਰਤ ਸਿੰਘ, ਰੌਸ਼ਨ ਸਿੰਘ ਅਤੇ ਹੋਰਾਂ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਦਲਿਤ ਵਿਦਿਆਰਥੀਆਂ ਦੀ ਮਦਦ ਲਈ ਭੇਜੀ ਗਈ ਕਰੋੜਾ ਰੁਪਏ ਦੀ ਰਾਸ਼ੀ ਦਾ ਗਰੀਬ ਬੱਚਿਆਂ ਨੂੰ ਕੋਈ ਲਾਭ ਨਹੀਂ ਮਿਲਿਆ ਹੈ ਕਿਉਂਕਿ ਇਸ ਆਰਥਿਕ ਮਦਦ ਨੂੰ ਵੰਡਣ ਵੇਲੇ ਵੱਡੇ ਪੱਧਰ ’ਤੇ ਕੁਤਾਹੀ ਵਰਤੀ ਗਈ ਹੈ। ਇਸ ਕਾਰਨ ਕੁੱਝ ਵਿਦਿਆਰਥੀਆਂ ਨੂੰ ਅੱਧ ਵਿਚਾਲੇ ਪੜ੍ਹਾਈ ਛੱਡਣੀ ਪਈ ਅਤੇ ਕੁੱਝ ਵਿਦਿਆਰਥੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ।
ਅੰਬੇਡਕਰ ਸਟੂਡੈਂਟਸ ਐਸੋਸੀਏਸ਼ਨ ਵੱਲੋਂ ਮੰਗ ਪੱਤਰ
ਪੰਜਾਬ ਯੂਨੀਵਰਸਿਟੀ ਦੀ ਵਿਦਿਆਰਥੀ ਜਥੇਬੰਦੀ ਅੰਬੇਡਕਰ ਸਟੂਡੈਂਟਸ ਐਸੋਸੀਏਸ਼ਨ ਨੇ ਵੀ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਪਰਸਨ ਨੂੰ ਮੰਗ ਪੱਤਰ ਭੇਜ ਕੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਘਪਲ਼ੇ ਦੀ ਜਾਂਚ ਮੰਗੀ ਹੈ। ਜਥੇਬੰਦੀ ਦੇ ਚੇਅਰਮੈਨ ਗੁਰਦੀਪ ਸਿੰਘ ਨੇ ਕਿਹਾ ਕਿ ਘਪਲ਼ੇ ਦੀ ਜਾਂਚ ਕੀਤੀ ਜਾਵੇ ਅਤੇ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਬਚਾਇਆ ਜਾਵੇ।