ਕੁਲਦੀਪ ਸਿੰਘ
ਚੰਡੀਗੜ੍ਹ, 1 ਮਾਰਚ
ਪੰਜਾਬ ਸਿਵਲ ਸਕੱਤਰੇਤ ਵਿੱਚ ਕੰਮ ਕਰਦੇ ਮੁਲਾਜ਼ਮਾਂ ਵੱਲੋਂ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਗਿਆ ਹੈ। ਇਸ ਤਹਿਤ ਅੱਜ ਮੁਲਾਜ਼ਮਾਂ ਨੇ ਰੋਸ ਰੈਲੀ ਕਰ ਕੇ ਸਰਕਾਰ ਦੀ ਵਾਅਦਾਖਿਲਾਫ਼ੀ ਦੇ ਰੋਸ ਵਜੋਂ ਨਾਅਰੇਬਾਜ਼ੀ ਕੀਤੀ ਗਈ। ਰੈਲੀ ਕਰ ਰਹੇ ਮੁਲਾਜ਼ਮਾਂ ਨੇ ਸਪੀਕਰਾਂ ਦੇ ਮੂੰਹ ਵਿਧਾਨ ਸਭਾ ਵੱਲ ਕਰਕੇ ਆਪਣੀ ਅਵਾਜ਼ ਸਰਕਾਰ ਦੇ ਕੰਨਾਂ ਤੱਕ ਪਹੁੰਚਾਉਣ ਦੀ ਕੋਸ਼ਿਸ਼ ਕੀਤੀ।
ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਸਿਵਲ ਸਕੱਤਰੇਤ ਸਟਾਫ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਤੇ ਯੂ.ਟੀ. ਚੰਡੀਗੜ੍ਹ ਦੇ ਕਨਵੀਨਰ ਸੁਖਚੈਨ ਸਿੰਘ ਖਹਿਰਾ ਨੇ ਦੱਸਿਆ ਕਿ ਕਾਂਗਰਸ ਸਰਕਾਰ ਦੇ ਹੋਂਦ ਵਿੱਚ ਆਉਣ ਤੋਂ ਬਾਅਦ ਮੁਲਾਜ਼ਮ ਮੰਗਾਂ ਦੀ ਸੂਚੀ ਵਿੱਚ ਵਾਧਾ ਹੋ ਰਿਹਾ ਹੈ। ਸਰਕਾਰ ਆਪਣੇ ਚੋਣ ਮੈਨੀਫੈਸਟੋ ਵਿੱਚ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਤੋਂ ਭੱਜਦੀ ਦਿਖਾਈ ਦੇ ਰਹੀ ਹੈ। ਘਰ-ਘਰ ਰੋਜ਼ਗਾਰ ਦੀ ਸਕੀਮ ਵੀ ਕੇਵਲ ਕਾਗਜ਼ੀ ਹੈ ਜਦਕਿ ਸਰਕਾਰੀ ਮਹਿਕਮਿਆਂ ਦਾ ਪੁਨਰਗਠਨ ਕਰਨ ਦੀ ਓਟ ਵਿੱਚ ਸਰਕਾਰ ਹਜ਼ਾਰਾਂ ਅਸਾਮੀਆਂ ਖਤਮ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਛੇਵੇਂ ਤਨਖਾਹ ਕਮਿਸ਼ਨ ਵੱਲੋਂ 28 ਫਰਵਰੀ ਨੂੰ ਆਪਣੀ ਰਿਪੋਰਟ ਪੇਸ਼ ਕੀਤੀ ਜਾਣੀ ਸੀ ਜੋ ਹਾਲੇ ਤੱਕ ਨਹੀਂ ਕੀਤੀ ਗਈ ਅਤੇ ਹੁਣ ਇਹ ਰਿਪੋਰਟ ਕੇਵਲ ਲਾਰ ਬਣ ਕੇ ਰਹਿ ਗਈ ਜਾਪਦੀ ਹੈ। ਸਾਲ 2016 ਤੋਂ ਮੁਲਾਜ਼ਮਾਂ ਨੂੰ ਦਿੱਤਾ ਜਾਣ ਵਾਲਾ ਤਨਖਾਹ ਕਮਿਸ਼ਨ ਅਜੇ ਤੱਕ ਵੀ ਮਿਲਦਾ ਨਜ਼ਰ ਨਹੀਂ ਆ ਰਿਹਾ। ਮੁਲਾਜ਼ਮਾਂ ਨੂੰ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਅਤੇ ਬਕਾਏ ਨਾ ਮਿਲਣ ਕਰਕੇ ਔਸਤਨ 2 ਲੱਖ ਰੁਪਏ ਪ੍ਰਤੀ ਮੁਲਾਜ਼ਮ ਸਰਕਾਰ ਵੱਲ ਬਕਾਇਆ ਬਣਦਾ ਹੈ। ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਵਾਪਸ ਲੈ ਕੇ ਐੱਨ.ਪੀ.ਐੱਸ. ਰਾਹੀਂ ਮੁਲਾਜ਼ਮਾਂ ਦਾ ਸ਼ੋਸ਼ਣ ਕਰ ਰਹੀ ਹੈ।
ਦੂਜੇ ਪਾਸੇ ਵਿਧਾਇਕ 7-7 ਪੈਨਸ਼ਨਾਂ ਅਤੇ ਤਨਖਾਹ ਦੋਵਾਂ ਦਾ ਆਨੰਦ ਮਾਣ ਰਹੇ ਹਨ। ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀ ਸਾਰ ਨਾ ਲਈ ਤਾਂ ਮੁਲਾਜ਼ਮ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿਧਾਨ ਸਭਾ ਦਾ ਘਿਰਾਓ ਵੀ ਕਰਨਗੇ। ਪੀ.ਐੱਸ.ਐੱਮ.ਐੱਸ.ਯੂ. ਦੇ ਜਨਰਲ ਸਕੱਤਰ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੂਰੇ ਪੰਜਾਬ ਦੇ ਮਨਿਸਟੀਰੀਅਲ ਕਾਮੇ ਮੁਕੰਮਲ ਹੜਤਾਲ ਕਰਨਗੇ।
ਸੈਕਟਰ 17 ਵਿੱਚ ਭੁੱਖ ਹੜਤਾਲ ਅੱਜ
ਮੁਲਾਜ਼ਮ ਆਗੂ ਮਨਦੀਪ ਸਿੱਧੂ ਨੇ ਦੱਸਿਆ ਕਿ ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ 2 ਮਾਰਚ ਤੋਂ ਸੈਕਟਰ 17 ਚੰਡੀਗੜ੍ਹ ਵਿੱਚ ਭੁੱਖ ਹੜਤਾਲ ਸ਼ੁਰੂ ਕੀਤੀ ਜਾ ਰਹੀ ਹੈ ਜਿਸ ਦੀ ਸ਼ੁਰੂਆਤ ਫਰੰਟ ਦੇ ਕਨਵੀਨਰ ਸੁਖਚੈਨ ਸਿੰਘ, ਰੰਜੀਵ ਸ਼ਰਮਾ, ਸੁਖਵਿੰਦਰ ਸਿੰਘ ਅਤੇ ਸੈਮੂਅਲ ਮਸੀਹ ਦੀ ਅਗਵਾਈ ਵਿੱਚ ਹੋਵੇਗੀ।