ਰੂਪਨਗਰ, 1 ਦਸੰਬਰ
ਰੂਪਨਗਰ ਜ਼ਿਲ੍ਹੇ ਦੇ ਸੀਨੀਅਰ ਪੱਤਰਕਾਰ ਅਤੇ ਜ਼ਿਲ੍ਹਾ ਪ੍ਰੈੱਸ ਕਲੱਬਜ਼ ਐਸੋਸੀਏਸ਼ਨ ਰੂਪਨਗਰ ਦੇ ਪ੍ਰਧਾਨ ਬਹਾਦਰਜੀਤ ਸਿੰਘ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਉਨ੍ਹਾਂ ਨੂੰ ਆਪਣੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਸਾਦੇ ਪ੍ਰੋਗਰਾਮ ਦੌਰਾਨ ਕਾਂਗਰਸ ਵਿੱਚ ਸ਼ਾਮਲ ਕਰਵਾਇਆ।
ਇਸ ਮੌਕੇ ਸ੍ਰੀ ਚੰਨੀ ਨੇ ਸ੍ਰੀ ਬਹਾਦਰਜੀਤ ਸਿੰਘ ਦਾ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਸਵਾਗਤ ਕਰਦਿਆਂ ਕਿਹਾ ਕਿ ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਇੱਕ ਹੋਣਹਾਰ,ਇਮਾਨਦਾਰ ਅਤੇ ਅਗਾਂਹਵਧੂ ਪੱਤਰਕਾਰ ਕਾਂਗਰਸ ਵਿੱਚ ਸ਼ਾਮਲ ਹੋਇਆ ਹੈ। ਅਜਿਹੇ ਆਗੂਆਂ ਦੀ ਪਾਰਟੀ ਨੂੰ ਲੋੜ ਹੈ। ਉਨ੍ਹਾਂ ਕਿਹਾ ਕਿ ਬਹਾਦਰਜੀਤ ਸਿੰਘ ਨੂੰ ਪਾਰਟੀ ਅੰਦਰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਬਹਾਦਰਜੀਤ ਸਿੰਘ ਨੇ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਕੁੱਲ ਹਿੰਦ ਕਾਂਗਰਸ ਕਮੇਟੀ ਦੀ ਪ੍ਰਧਾਨ ਸ਼੍ਰੀਮਤੀ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਧੰਨਵਾਦ ਕੀਤਾ। ਬਹਾਦਰਜੀਤ ਸਿੰਘ ਲਾਅ ਗਰੈਜੂਏਟ ਹਨ ਅਤੇ ਉਨ੍ਹਾਂ ਮਾਸਟਰ ਆਫ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਦੀ ਡਿਗਰੀ ਕੀਤੀ ਹੋਈ ਹੈ। ਉਹ ਪਿਛਲੇ ਢਾਈ ਦਹਾਕਿਆਂ ਤੋਂ ਪੱਤਰਕਾਰੀ ਨਾਲ ਜੁੜੇ ਹੋਏ ਸਨ ਅਤੇ ਵੱਖ-ਵੱਖ ਪ੍ਰਮੁੱਖ ਅਦਾਰਿਆਂ ਵਿੱਚ ਸੇਵਾਵਾਂ ਨਿਭਾਅ ਚੁੱਕੇ ਹਨ। ਉਹ ਜ਼ਿਲ੍ਹਾ ਪ੍ਰੈੱਸ ਕਲੱਬਜ਼ ਐਸੋਸੀਏਸ਼ਨ ਦੇ ਪ੍ਰਧਾਨ ਹੋਣ ਤੋਂ ਇਲਾਵਾ ਸਮਾਜ ਸੇਵੀ ਸੰਸਥਾਵਾਂ ਨਾਲ ਵੀ ਜੁੜੇ ਹੋਏ ਹਨ ਅਤੇ ਉਹ ਲਗਾਤਾਰ 12 ਸਾਲ ਰੂਪਨਗਰ ਪ੍ਰੈੱਸ ਕਲੱਬ ਦੇ ਪ੍ਰਧਾਨ ਰਹੇ ਸਨ। ਉਹ ਕਈ ਸਰਕਾਰੀ ਕਮੇਟੀਆਂ ਦੇ ਮੈਂਬਰ ਵੀ ਰਹੇ ।ਉਨ੍ਹਾਂ ਨੇ ਹੁਣ ਰਾਜਨੀਤੀ ਵਿੱਚ ਪੈਰ ਧਰ ਕੇ ਨਵੀਂ ਪਾਰੀ ਦੀ ਸ਼ੁਰੂਆਤ ਕੀਤੀ ਹੈ।