ਆਤਿਸ਼ ਗੁਪਤਾ
ਚੰਡੀਗੜ੍ਹ, 14 ਮਾਰਚ
ਇੱਥੋਂ ਦੇ ਬਾਪੂ ਧਾਮ ਕਲੋਨੀ ਦੀ ਖਸਤਾ ਹਾਲਤ ਅਤੇ ਵਿਕਾਸ ਪੱਖੋਂ ਨਜ਼ਰ ਅੰਦਾਜ਼ ਕਰਨ ਦੇ ਵਿਰੋਧ ਵਿੱਚ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਸੁਭਾਸ਼ ਚਾਵਲਾ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਨੇ ਬਾਪੂ ਧਾਮ ਕਲੋਨੀ ਵਿੱਚ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਜਦੋਂ ਇਲਾਕਾ ਕੌਂਸਲਰ ਦੇ ਘਰ ਦਾ ਘਿਰਾਓ ਕਰਨ ਲਈ ਮਾਰਚ ਸ਼ੁਰੂ ਕੀਤਾ ਤਾਂ ਪੁਲੀਸ ਨੇ ਜਲ ਤੋਪਾਂ ਦੀ ਵਰਤੋਂ ਕਰਦਿਆਂ ਕਾਂਗਰਸੀ ਆਗੂਆਂ ਨੂੰ ਰੋਕਿਆ। ਇਸ ਦੌਰਾਨ ਕਾਂਗਰਸੀ ਆਗੂਆਂ ਨੇ ਪਿੱਛੇ ਹਟਣ ਦੀ ਥਾਂ ਉੱਥੇ ਖੜੇ ਹੋ ਕੇ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਸੁਭਾਸ਼ ਚਾਵਲਾ ਨੇ ਕਿਹਾ ਕਿ ਭਾਜਪਾ ਵੱਲੋਂ ਚੋਣਾਂ ਦੌਰਾਨ ਸ਼ਹਿਰ ਵਾਸੀਆਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ ਪਰ ਉਨ੍ਹਾਂ ਵਿੱਚੋਂ ਇਕ ਵੀ ਪੂਰਾ ਨਹੀਂ ਕੀਤਾ। ਇਨ੍ਹਾਂ ਸ਼ਹਿਰ ਨੂੰ ਵਿਕਾਸ ਦੇ ਲੀਹ ’ਤੇ ਲਿਆਉਣ ਦੀ ਥਾਂ ਵਿਨਾਸ਼ ਵੱਲ ਧੱਕ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਆਮ ਜਨਤਾ ’ਤੇ ਟੈਕਸ ਲਗਾ ਕੇ ਮਹਿੰਗਾਈ ਹੋਰ ਵਧਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਨਾਲ ਆਮ ਲੋਕਾਂ ਦਾ ਜੀਵਨ ਪ੍ਰਭਾਵਿਤ ਹੋ ਰਿਹਾ। ਸ੍ਰੀ ਚਾਵਲਾ ਨੇ ਕਿਹਾ ਕਿ ਭਾਜਪਾ ਦੀ ਸੰਸਦ ਮੈਂਬਰ ਪਿਛਲੇ ਇਕ ਸਾਲ ਤੋਂ ਦਿਖਾਈ ਤੱਕ ਨਹੀਂ ਦਿੱਤੀ ਹੈ ਤਾਂ ਸ਼ਹਿਰ ਦੇ ਵਿਕਾਸ ਦੀ ਗੱਲ ਕੌਣ ਚੁੱਕੇਗਾ।
ਕਾਂਗਰਸ ਦੇ ਬੁਲਾਰੇ ਐੱਚਐੱਸ ਲੱਕੀ ਨੇ ਕਿਹਾ ਕਿ ਬਾਪੂ ਧਾਮ ਕਲੋਨੀ ਦੀ ਖਸਤਾ ਹਾਲਤ ਬਾਰੇ ਸਵਾਲ ਚੁੱਕਦਿਆਂ ਕਿਹਾ ਕਿ ਅੱਜ ਕਲੋਨੀ ਦੇ ਹਾਲਾਤ ਮਾੜੇ ਹੁੰਦੇ ਜਾ ਰਹੇ ਹਨ। ਇਲਾਕਾ ਵਾਸੀਆਂ ਨੂੰ ਨਰਕ ਭਰਿਆ ਜੀਵਨ ਜਿਉਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ ਜਿੱਥੇ ਸੜਕਾਂ ਟੁੱਟੀਆਂ ਪਈਆਂ ਹਨ ਅਤੇ ਸਟਰੀਟ ਲਾਈਟਾਂ ਵੀ ਬੰਦ ਰਹਿੰਦੀਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸੱਤਾ ਵਿੱਚ ਆਉਣ ’ਤੇ ਬਾਪੂ ਧਾਮ ਕਲੋਨੀ ਦੇ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ।
ਦਵਿੰਦਰ ਬਬਲਾ ਨੇ ਕਿਹਾ ਕਿ ਭਾਜਪਾ ਦੇ ਆਗੂ ਨਗਰ ਨਿਗਮ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਲੋਕਾਂ ਨਾਲ ਵਾਅਦੇ ਕਰ ਦਿੰਦੇ ਹਨ ਪਰ ਪੂਰੇ ਨਹੀਂ ਕੀਤੇ ਜਾ ਰਹੇ ਹਨ। ਸ਼ਹਿਰ ਵਿੱਚ ਰੁਕੇ ਹੋਏ ਵਿਕਾਸ ਕਾਰਜਾਂ ਦੇ ਵਿਰੋਧ ਵਿੱਚ ਕਾਂਗਰਸ ਦੇ ਆਗੂਆਂ ਨੇ ਥਾਲੀਆਂ ਖੜਕਾ ਕੇ ਭਾਜਪਾ ਅਤੇ ਪ੍ਰਸ਼ਾਸਨ ਨੂੰ ਜਗਾਉਣ ਦੀ ਕੋਸ਼ਿਸ਼ ਕੀਤੀ ਤਾਂ ਜੋ ਸ਼ਹਿਰ ਦੇ ਰਹਿੰਦੇ ਕਾਰਜਾਂ ਨੂੰ ਜਲਦ ਪੂਰਾ ਕੀਤਾ ਜਾ ਸਕੇ। ਇਸ ਮੌਕੇ ਕ੍ਰਿਸ਼ਨ, ਰਵੀ ਠਾਕੁਰ, ਮਨੋਜ ਲਾਰਾ, ਧਰਮਵੀਰ, ਭੁਪਿੰਦਰ ਸਿੰਘ ਬਡਹੇੜੀ, ਦੀਪਾ ਦੂਬੇ, ਅਜੈ ਜੋਸ਼ੀ, ਸ਼ਸ਼ੀ ਸ਼ੰਕਰ ਤਿਵਾੜੀ, ਸੁਲੇਮਾਨ, ਰਾਜੀਵ ਮੌਦਗਿਲ, ਸਤੀਸ਼ ਕੈਂਥ ਸਣੇ ਕਾਂਗਰਸ ਦੇ ਵੱਡੀ ਗਿਣਤੀ ਵਿੱਚ ਆਗੂ ਹਾਜ਼ਰ ਸਨ।