ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 6 ਸਤੰਬਰ
ਮੁਹਾਲੀ ਪ੍ਰਸ਼ਾਸਨ ਵੱਲੋਂ ਨਸ਼ਾ ਛੱਡ ਕੇ ਸਮਾਜ ਦੀ ਮੁੱਖ ਧਾਰਾ ਨਾਲ ਜੁੜਨ ਵਾਲੇ ਨੌਜਵਾਨਾਂ ਦੀ ਮੁੜਵਸੇਬੇ ਵਿੱਚ ਮਦਦ ਕਰਨ ਦੇ ਮੰਤਵ ਨਾਲ ਇੱਕ ਨਿਵੇਕਲੀ ਪਹਿਲਕਦਮੀ ਕਰਦਿਆਂ ਗੈਰ-ਸਰਕਾਰੀ ਸੰਸਥਾ ਹਰਟੇਕ ਫਾਊਂਡੇਸ਼ਨ ਦੇ ਸਹਿਯੋਗ ਨਾਲ ਇੱਥੋਂ ਦੇ ਸਰਕਾਰੀ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਸੈਕਟਰ-66 ਵਿੱਚ ਹੁਨਰ ਸਿਖਲਾਈ ਕੇਂਦਰ ਸ਼ੁਰੂ ਕੀਤਾ ਗਿਆ ਹੈ।
ਮੁਹਾਲੀ ਦੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਆਈਜੀ ਗੁਰਪ੍ਰੀਤ ਸਿੰਘ ਭੁੱਲਰ ਅਤੇ ਐੱਸਐੱਸਪੀ ਸੰਦੀਪ ਗਰਗ ਦੀ ਮੌਜੂਦਗੀ ਵਿੱਚ ਇਸ ਪ੍ਰਾਜੈਕਟ ਦਾ ਆਗਾਜ਼ ਕਰਦਿਆਂ ਕਿਹਾ ਕਿ ਨਸ਼ਾ ਛੱਡਣ ਵਾਲੇ ਨੌਜਵਾਨਾਂ ਨੂੰ ਮੁੜਵਸੇਬੇ ਲਈ ਹੁਨਰ ਦੀ ਲੋੜ ਹੈ ਤਾਂ ਜੋ ਉਹ ਇਲਾਜ ਦੇ ਨਾਲ-ਨਾਲ ਘਰਾਂ ਨੂੰ ਵਾਪਸ ਪਰਤਣ ਤੋਂ ਬਾਅਦ ਆਪਣੇ ਰੁਜ਼ਗਾਰ ਦਾ ਵਸੀਲਾ ਬਣਾ ਸਕਣ।
ਡੀਸੀ ਆਸ਼ਿਕਾ ਜੈਨ ਨੇ ਹਰਟੇਕ ਫਾਊਂਡੇਸ਼ਨ ਦੇ ਪ੍ਰਬੰਧਕਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਅਜਿਹੇ ਉਪਰਾਲੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਹੋਰ ਵੀ ਕਾਰਗਰ ਸਾਬਿਤ ਹੋਣਗੇ। 15 ਦਿਨਾਂ ਤੋਂ 20 ਦਿਨਾਂ ਦਾ ਸਿਖਲਾਈ ਬੈਚ ਹੋਵੇਗਾ, ਜੋ ਕਿ ਉਨ੍ਹਾਂ ਦੇ ਸਿੱਖਣ ਦੇ ਸਮੇਂ ’ਤੇ ਨਿਰਭਰ ਕਰੇਗਾ। ਜੈਵਿਕ ਖੇਤੀ ਦੇ ਨਾਲ-ਨਾਲ ਖੇਡ ਗਤੀਵਿਧੀਆਂ ’ਚ ਵੀ ਵਾਧਾ ਕੀਤਾ ਜਾਵੇਗਾ। ਆਈਜੀ ਗੁਰਪ੍ਰੀਤ ਸਿੰਘ ਭੁੱਲਰ ਨੇ ਨਸ਼ਾ ਛੱਡਣ ਵਾਲੇ ਨੌਜਵਾਨਾਂ ਲਈ ਰੁਜ਼ਗਾਰ ਦਾ ਰਾਹ ਪੱਧਰਾ ਕਰਨ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹਰੇਕ ਨਸ਼ਾ ਛੱਡਣ ਵਾਲੇ ਨੂੰ ਆਪਣੀ ਜ਼ਿੰਦਗੀ ਮੁੜ ਸ਼ੁਰੂ ਕਰਨ ਅਤੇ ਸਮਾਜ ਦੀ ਮੁੱਖ ਧਾਰਾ ਦਾ ਹਿੱਸਾ ਬਣਨ ਦਾ ਹੱਕ ਹੈ। ਹੁਨਰ ਸਿਖਲਾਈ ਇਲਾਜ ਅਤੇ ਮੁੜ ਵਸੇਬੇ ਦੀਆਂ ਰਣਨੀਤੀਆਂ ਦਾ ਜ਼ਰੂਰੀ ਹਿੱਸਾ ਹੈ। ਐੱਸਐੱਸਪੀ ਸੰਦੀਪ ਗਰਗ ਨੇ ਇਸ ਨਿਵੇਕਲੀ ਪਹੁੰਚ ਲਈ ਮੁਹਾਲੀ ਪ੍ਰਸ਼ਾਸਨ ਦੀ ਸ਼ਲਾਘਾ ਕਰਦੇ ਹੋਏ ਆਸ ਪ੍ਰਗਟਾਈ ਕਿ ਹਰਟੇਕ ਫਾਊਂਡੇਸ਼ਨ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਇਸ ਪਹਿਲਕਦਮੀ ਨਾਲ ਨੌਜਵਾਨਾਂ ਵਿੱਚ ਨਸ਼ੇ ਛੱਡਣ ਅਤੇ ਕੰਮ ਸਿੱਖਣ ਦੀ ਭਾਵਨਾ ਬਣੇਗੀ। ਇਸ ਮੌਕੇ ਏਡੀਸੀ (ਜਨਰਲ) ਵਿਰਾਜ ਸ਼ਿਆਮਕਰਨ ਤਿੜਕੇ, ਐਸਡੀਐਮ ਚੰਦਰ ਜੋਤੀ ਸਿੰਘ ਨੇ ਹੁਨਰ ਸਿਖਲਾਈ ਕੇਂਦਰ ਦੀ ਸਥਾਪਨਾ ਲਈ ਤਾਲਮੇਲ ਰਾਹੀਂ ਯੋਗਦਾਨ ਪਾਇਆ। ਡਿਪਟੀ ਮੈਡੀਕਲ ਕਮਿਸ਼ਨਰ-ਕਮ-ਨੋਡਲ ਅਫ਼ਸਰ ਡਾ. ਪਰਵਿੰਦਰ ਪਾਲ ਕੌਰ ਸਮੇਤ ਹਰਟੇਕ ਫਾਊਂਡੇਸ਼ਨ ਦੀ ਸੀਈਓ ਹਰਕੀਰਤ ਕੌਰ ਨੇ ਪ੍ਰਾਜੈਕਟ ਨੂੰ ਸਫਲਤਾਪੂਰਵਕ ਚਲਾਉਣ ਦਾ ਭਰੋਸਾ ਦਿੱਤਾ।