ਖੇਤਰੀ ਪ੍ਰਤੀਨਿਧ
ਐਸ.ਏ.ਐਸ.ਨਗਰ(ਮੁਹਾਲੀ), 8 ਫਰਵਰੀ
ਮੁਹਾਲੀ ਸਮਾਲ ਇੰਡਸਟਰੀ ਵੈੱਲਫ਼ੇਅਰ ਸੁਸਾਇਟੀ ਨੇ ਮੁਹਾਲੀ ਹਲਕੇ ਦੇ ਕਾਂਗਰਸੀ ਉਮੀਦਵਾਰ ਬਲਬੀਰ ਸਿੰਘ ਸਿੱਧੂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਸੁਸਾਇਟੀ ਦੇ ਪ੍ਰਧਾਨ ਜਸਵੰਤ ਸਿੰਘ, ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ, ਜਨਰਲ ਸਕੱਤਰ ਸੀਪੀ ਸਿੰਘ, ਉੱਪ ਪ੍ਰਧਾਨ ਸੋਨੀ ਧੀਮਾਨ, ਗੁਰਮੀਤ ਸਿੰਘ ਸਿਆਣ, ਸੁਨੀਲ ਦੱਤ, ਜੁਆਇੰਟ ਸਕੱਤਰ ਤਰਲੋਕ ਚੰਦ, ਪ੍ਰੈੱਸ ਸਕੱਤਰ ਦਵਿੰਦਰ ਸਿੰਘ, ਭੁਪਿੰਦਰ ਸਿੰਘ, ਜਗਤਾਰ ਸਿੰਘ, ਦਿਲਬਾਗ ਸਿੰਘ ਆਦਿ ਦੀ ਅਗਵਾਈ ਹੇਠ ਲਘੂ ਉਦਯੋਗਪਤੀਆਂ ਦੀ ਇਕੱਤਰਤਾ ਵਿੱਚ ਇਹ ਫ਼ੈਸਲਾ ਲਿਆ ਗਿਆ।
ਇਸ ਮੌਕੇ ਮੌਜੂਦ ਬਲਬੀਰ ਸਿੱਧੂ ਨੇ ਆਖਿਆ ਕਿ ਲਘੂ ਉਦਯੋਗ ਮੁਹਾਲੀ ਦੀ ਅਰਥ-ਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਲਘੂ ਅਤੇ ਦੂਜੇ ਉਦਯੋਗਾਂ ਨੂੰ ਹੁਲਾਰਾ ਦੇਣ ਲਈ ਕੋਈ ਕਸਰ ਨਹੀਂ ਛੱਡੀ। ਉਨ੍ਹਾਂ ਕਿਹਾ ਕਿ ਕਾਂਗਰਸ ਪੂਰਨ ਬਹੁਮਤ ਨਾਲ ਦੁਬਾਰਾ ਜਿੱਤ ਦਰਜ ਕਰਕੇ ਆਪਣੀ ਸਰਕਾਰ ਬਣਾਏਗੀ ਅਤੇ ਵਿਕਾਸ ਦੀ ਗਤੀ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਇਸੇ ਦੌਰਾਨ ਬਲਬੀਰ ਸਿੰਘ ਸਿੱਧੂ ਨੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਚੋਣ ਪ੍ਰਚਾਰ ਕਰਦਿਆਂ ‘ਆਪ’ ਉਮੀਦਵਾਰ ਕੁਲਵੰਤ ਸਿੰਘ ’ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ‘ਆਪ’ ਨੇ ਕਿਸੇ ਵਾਲੰਟੀਅਰ ਨੂੰ ਟਿਕਟ ਦੇਣ ਦੀ ਥਾਂ ਧਨਾਢਾਂ ਨੂੰ ਟਿਕਟਾਂ ਦਿੱਤੀਆਂ ਹਨ। ਉਨ੍ਹਾਂ ਭਾਜਪਾ ਉੱਤੇ ਵਰ੍ਹਦਿਆਂ ਸੱਤ ਸੌ ਕਿਸਾਨਾਂ ਦੀ ਸ਼ਹਾਦਤ ਲਈ ਜ਼ਿੰਮੇਵਾਰ ਦੱਸਿਆ।
ਮੇਅਰ ਜੀਤੀ ਸਿੱਧੂ ਵੱਲੋਂ ਵੱਖ-ਵੱਖ ਵਾਰਡਾਂ ਵਿੱਚ ਚੋਣ ਪ੍ਰਚਾਰ
ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਸ਼ਹਿਰ ਵਿੱਚ ਵੱਖ-ਵੱਖ ਵਾਰਡਾਂ ਵਿੱਚ ਚੋਣ ਪ੍ਰਚਾਰ ਕਰਦਿਆਂ ਆਪਣੇ ਭਰਾ ਲਈ ਵੋਟਾਂ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹੀ ਮੁਹਾਲੀ ਦੇ ਸ਼ਹਿਰ ਦੇ ਵਿਕਾਸ ਲਈ ਵਚਨਬੱਧ ਰਹੀ ਹੈ। ਇਨ੍ਹਾਂ ਇਕੱਠਾਂ ਨੂੰ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਆਦਿ ਨੇ ਵੀ ਸੰਬੋਧਨ ਕੀਤਾ। ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਠੇਕੇਦਾਰ ਮੋਹਨ ਸਿੰਘ ਬਠਲਾਣਾ, ਮਨਜੀਤ ਸਿੰਘ ਤੰਗੌਰੀ, ਗੁਰਵਿੰਦਰ ਸਿੰਘ ਬੜ੍ਹੀ ਆਦਿ ਨੇ ਵੀ ਵੱਖ-ਵੱਖ ਪਿੰਡਾਂ ਵਿੱਚ ਚੋਣ ਪ੍ਰਚਾਰ ਕਰਦਿਆਂ ਬਲਬੀਰ ਸਿੱਧੂ ਲਈ ਵੋਟਾਂ ਮੰਗੀਆਂ।