ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 7 ਸਤੰਬਰ
ਕਰੋਨਾ ਮਹਾਮਾਰੀ ਵਿਰੁੱਧ ਵਿੱਢੀ ਲੜਾਈ ਨੂੰ ਹੋਰ ਤੇਜ਼ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਕੋਵਿਡ-19 ਦੇ ਨਮੂਨੇ ਲੈਣ ਦੀ ਦਰ ਦੁੱਗਣੀ ਕਰ ਦਿੱਤੀ ਹੈ। ਇਹ ਖੁਲਾਸਾ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕਰਦਿਆਂ ਦੱਸਿਆ ਕਿ ਕਰੋਨਾਵਾਇਰਸ ਲਈ ਪਹਿਲਾਂ ਪ੍ਰਤੀ ਦਿਨ ਲਗਭਗ 350 ਨਮੂਨੇ ਲਏ ਜਾ ਰਹੇ ਸਨ, ਜਿਸ ਵਿੱਚ ਵਾਧਾ ਕਰਦਿਆਂ ਹੁਣ ਰੋਜ਼ਾਨਾ ਤਕਰੀਬਨ 850 ਤੋਂ 1100 ਨਮੂਨੇ ਲਏ ਜਾ ਰਹੇ ਹਨ। ਇਸ ਦਾ ਉਦੇਸ਼ ਮਰੀਜ਼ਾਂ ਵਿੱਚ ਕਰੋਨਾ ਦਾ ਜਲਦੀ ਪਤਾ ਲਗਾਉਣਾ ਹੈ ਤਾਂ ਜੋ ਪੀੜਤਾਂ ਦਾ ਸਮੇਂ ਸਿਰ ਇਲਾਜ ਸ਼ੁਰੂ ਕੀਤਾ ਜਾ ਸਕੇ ਅਤੇ ਇਸ ਵਾਇਰਸ ਨੂੰ ਅੱਗੇ ਹੋਰਨਾਂ ਤੱਕ ਫੈਲਣ ਤੋਂ ਰੋਕਿਆ ਜਾ ਸਕੇ। ਸ੍ਰੀ ਦਿਆਲਨ ਨੇ ਕਿਹਾ ਕਿ ਨਮੂਨੇ ਲੈਣ ਦੀ ਗਤੀ ਨੂੰ ਤੇਜ਼ ਕਰਨ ਦੇ ਨਾਲ-ਨਾਲ ਟੈਸਟਿੰਗ ਨੂੰ ਦੁੱਗਣਾ ਕਰ ਦਿੱਤਾ ਗਿਆ ਹੈ। ਪਹਿਲਾਂ ਔਸਤਨ 400 ਟੈੱਸਟ ਪ੍ਰਤੀ ਦਿਨ ਦੇ ਮੁਕਾਬਲੇ ਹੁਣ ਔਸਤਨ ਤਕਰੀਬਨ 850 ਟੈੱਸਟ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਕੋਵਿਡ-19 ਦੇ ਸ਼ੱਕੀ ਮਰੀਜ਼ਾਂ ਲਈ ਵਾਕ-ਇਨ ਟੈਸਟਿੰਗ ਅਤੇ ਘਰੇਲੂ ਇਕਾਂਤਵਾਸ ਕਰਨ ਦਾ ਨਿਵੇਕਲਾ ਢੰਗ ਅਪਣਾਇਆ ਹੈ। ਹੁਣ ਸ਼ੱਕੀ ਮਰੀਜ਼ ਜ਼ਿਲ੍ਹੇ ਦੇ 9 ਫਲੂ ਕਾਰਨਰਾਂ ’ਚੋਂ ਕਿਸੇ ’ਚ ਵੀ ਜਾ ਸਕਦਾ ਹੈ ਅਤੇ ਜੇ ਉਹ ਪਾਜ਼ੇਟਿਵ ਪਾਇਆ ਜਾਂਦਾ ਹੈ ਤਾਂ ਘਰੇਲੂ ਇਕਾਂਤਵਾਸ ਲਈ ਸਵੈ-ਘੋਸ਼ਣਾ ਫਾਰਮ ਜਮ੍ਹਾਂ ਕਰ ਸਕਦਾ ਹੈ। ਇਸੇ ਆਧਾਰ ’ਤੇ ਮਰੀਜ਼ਾਂ ਨੂੰ ਘਰੇਲੂ ਏਕਾਂਤਵਾਸ ਦੀ ਆਗਿਆ ਦਿੱਤੀ ਜਾਵੇਗੀ ਤੇ ਸਿਹਤ ਟੀਮਾਂ ਮਰੀਜ਼ਾਂ ਦੀ ਨਿਗਰਾਨੀ ਕਰਨਗੀਆਂ।