ਬੀਐੱਸ ਚਾਨਾ
ਸ੍ਰੀ ਆਨੰਦਪੁਰ ਸਾਹਿਬ, 22 ਜੂਨ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ ਦੀ ਆਤਮਿਕ ਸ਼ਾਂਤੀ ਦੇ ਰੱਖੇ ਪਾਠ ਦੇ ਉਹ ਅੱਜ ਤਖ਼ਤ ਕੇਸਗੜ੍ਹ ਸਾਹਿਬ ਦੇ ਦੀਵਾਨ ਹਾਲ ਵਿਖੇ ਭੋਗ ਪਾਏ ਗਏ। ਇਸ ਮੌਕੇ ਵੱਡੀ ਗਿਣਤੀ ਦੇ ਵਿਚ ਰਾਜਨੀਤਕ, ਧਾਰਮਿਕ ਅਤੇ ਸਮਾਜਿਕ ਆਗੂਆਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਪ੍ਰਿੰਸੀਪਲ ਸੁਰਿੰਦਰ ਸਿੰਘ ਵੱਲੋਂ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਲਈ ਪਾਏ ਯੋਗਦਾਨ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਜਾਣ ਦੇ ਨਾਲ ਸਿੱਖ ਜਗਤ ਨੂੰ ਵੱਡਾ ਘਾਟਾ ਪਿਆ ਹੈ।
ਇਸ ਮੌਕੇ ਵਿਸ਼ੇਸ਼ ਤੌਰ ’ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇ ਕਰੋੜੀ, ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲੇ, ਬਾਬਾ ਅਵਤਾਰ ਸਿੰਘ ਟਿੱਬੀ ਸਾਹਿਬ ਵਾਲੇ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਕਰਨੈਲ ਸਿੰਘ ਪੰਜੋਲੀ ਫੈਡਰੇਸ਼ਨ ਆਗੂ ਗੁਰਚਰਨ ਸਿੰਘ ਗਰੇਵਾਲ, ਭਾਈ ਅਮਰਜੀਤ ਸਿੰਘ ਚਾਵਲਾ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਮੌਜੂਦ ਸਨ।