ਦਰਸ਼ਨ ਸਿੰਘ ਸੋਢੀ
ਮੁਹਾਲੀ, 28 ਨਵੰਬਰ
ਕੰਟਰੈਕਟ ਮਲਟੀਪਰਜ਼ ਹੈਲਥ ਵਰਕਰ ਯੂਨੀਅਨ (ਫੀਮੇਲ) ਵੱਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਖਰੜ ਦੇ ਮਿਊਂਸਪਲ ਪਾਰਕ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਗਈ, ਜਿਸ ਵਿੱਚ ਪੰਜਾਬ ਦੇ ਕੋਨੇ ਕੋਨੇ ਵਿੱਚੋਂ ਵੱਡੀ ਗਿਣਤੀ ਵਿੱਚ ਹੈਲਥ ਵਰਕਰਾਂ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਜਥੇਬੰਦੀ ਦੇ ਆਗੂਆਂ ਕਿਰਨਜੀਤ ਕੌਰ ਮੁਹਾਲੀ ਅਤੇ ਨਿੰਦਰ ਕੌਰ ਨੇ ਆਖਿਆ ਕਿ ਉਹ ਪਿਛਲੇ 14 ਦਿਨਾਂ ਤੋਂ ਚੰਡੀਗੜ੍ਹ 34 ਸੈਕਟਰ ਵਿੱਚ ਸਥਿਤ ਡਾਇਰੈਕਟਰ ਦਫ਼ਤਰ ਦੇ ਸਾਹਮਣੇ ਅਤੇ ਅੰਮ੍ਰਿਤਸਰ ਸਥਿਤ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਰਿਹਾਇਸ਼ ਸਾਹਮਣੇ ਪੱਕਾ ਮੋਰਚਾ ਲਗਾ ਕੇ ਬੈਠੀਆਂ ਹਨ ਪਰ ਅਜੇ ਤੱਕ ਉਨ੍ਹਾਂ ਦੀ ਸੇਵਾਵਾਂ ਰੈਗੁਲਰ ਕਰਨ ਸੰਬੰਧੀ ਸਰਕਾਰ ਦੁਆਰਾ ਕੋਈ ਫੈਸਲਾ ਨਹੀਂ ਲਿਆ ਗਿਆ। ਇਸ ਦੌਰਾਨ ਉੱਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਦੁਆਰਾ ਜਥੇਬੰਦੀ ਨਾਲ ਮੀਟਿੰਗ ਕਰਕੇ ਸਾਡੀਆਂ ਸੇਵਾਵਾਂ ਰੈਗੂਲਰ ਕਰ ਦਾ ਵਿਸ਼ਵਾਸ਼ ਦਿਵਾਇਆ ਗਿਆ ਸੀ ਪਰ ਦੋ ਹਫ਼ਤੇ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਸਰਕਾਰ ਵੱਲੋਂ ਉਹਨਾਂ ਦਾ ਮਸਲਾ ਹੱਲ ਨਹੀਂ ਕੀਤਾ ਗਿਆ।
ਇਸ ਦੌਰਾਨ ਸੰਬੋਧਨ ਕਰਦਿਆਂ ਸਰਬਜੀਤ ਕੌਰ ਅਤੇ ਚੰਚਲ ਬਾਲਾ ਨੇ ਆਖਿਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੁਆਰਾ 36000 ਮੁਲਾਜ਼ਮਾਂ ਨੂੰ ਪੱਕੇ ਕਰਨ ਸੰਬੰਧੀ ਪੰਜਾਬ ਭਰ ਵਿੱਚ ਵੱਡੇ ਪੱਧਰ ਤੇ ਇਸ਼ਤਿਹਾਰਬਾਜ਼ੀ ਕਰਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਆਗੂਆਂ ਨੇ ਆਖਿਆ ਕਿ ਜੇਕਰ ਸਰਕਾਰ ਦੁਆਰਾ 29 ਨਵੰਬਰ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਮਸਲਾ ਹੱਲ ਨਾ ਕੀਤਾ ਗਿਆ ਤਾਂ 4 ਦਸੰਬਰ ਨੂੰ ਉੱਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਤੇ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਆਗੂ ਮਲਾਗਰ ਸਿੰਘ ਖਮਾਣੋ, ਪਰਮਜੀਤ ਕੌਰ ਸੰਗਰੂਰ, ਸਰਬਜੀਤ ਕੌਰ ਸੰਗਰੂਰ ਨੇ ਸੰਬੋਧਨ ਕੀਤਾ।