ਪੱਤਰ ਪ੍ਰੇਰਕ
ਚੰਡੀਗੜ੍ਹ, 9 ਜੁਲਾਈ
ਅਰਥ ਅਤੇ ਅੰਕੜਾ ਕੰਟਰੈਕਟ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੈਕਟਰ-33 ਸਥਿਤ ਵਿੱਤ ਅਤੇ ਯੋਜਨਾ ਭਵਨ ਵਿੱਚ ਸ਼ੁਰੂ ਕੀਤਾ ਗਿਆ ਧਰਨਾ ਅੱਜ 12ਵੇਂ ਵੀ ਜਾਰੀ ਰਿਹਾ, ਪਰ ਹਾਲੇ ਤੱਕ ਵਿੱਤ ਮੰਤਰੀ ਵੱਲੋਂ ਉਨ੍ਹਾਂ ਨੂੰ ਮੀਟਿੰਗ ਦਾ ਸਮਾਂ ਨਹੀਂ ਦਿੱਤਾ ਗਿਆ। ਜਿਸ ਕਾਰਨ ਕੰਟਰੈਕਟ ’ਤੇ ਕੰਮ ਕਰ ਰਹੇ ਇਨ੍ਹਾਂ ਕਰਮਚਾਰੀਆਂ ਵਿੱਚ ਨਿਰਾਸ਼ਾ ਪਾਈ ਜਾ ਰਹੀ ਹੈ। ਧਰਨੇ ਵਿੱਚ ਸਾਂਝਾ ਮੁਲਾਜ਼ਮ ਮੰਚ ਪੰਜਾਬ ਤੇ ਯੂਟੀ ਚੰਡੀਗੜ੍ਹ ਦੇ ਸੂਬਾ ਕਨਵੀਨਰ ਸੁਖਚੈਨ ਸਿੰਘ ਖਹਿਰਾ ਤੇ ਪੀਐੱਸਐੱਮਐੱਸਯੂ ਦੇ ਜਨਰਲ ਸਕੱਤਰ ਮਨਦੀਪ ਸਿੰਘ ਸਿੱਧੂ ਵੀ ਸ਼ਾਮਲ ਹੋਏ। ਧਰਨਾਕਾਰੀਆਂ ਨੇ ਪੰਜਾਬ ਸਰਕਾਰ ਤੇ ਵਿੱਤ ਮੰਤਰੀ ਖਿਲਾਫ਼ ਨਾਅਰੇਬਾਜ਼ੀ ਕੀਤੀ। ਵਿਭਾਗ ਦੇ ਪੁਨਰ ਗਠਨ ਮਗਰੋਂ 182 ਰੈਗੂਲਰ ਅਸਾਮੀਆਂ ਦੀ ਭਰਤੀ ਕੀਤੀ ਜਾ ਰਹੀ ਹੈ, ਪਰ 84 ਕੰਟਰੈਕਟਰ ਕਰਮਚਾਰੀਆਂ ਨੂੰ ਨੌਕਰੀ ਤੋਂ ਬਾਹਰ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ 182 ਅਸਾਮੀਆਂ ਵਿੱਚੋਂ 84 ’ਤੇ ਕੰਟਰੈਕਟ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ।