ਸੁਖਵਿੰਦਰ ਪਾਲ ਸੋਢੀ
ਚੰਡੀਗੜ੍ਹ, 4 ਮਾਰਚ
ਕੈਨੇਡਾ ਦੇ ਮੌਂਟਰੀਅਲ ਸ਼ਹਿਰ ਵਿੱਚ ਤਿੰਨ ਪ੍ਰਾਈਵੇਟ ਕਾਲਜਾਂ ਦੇ ਅਚਾਨਕ ਬੰਦ ਹੋਣ ਕਾਰਨ ਵਿੱਤੀ ਨੁਕਸਾਨ ਝੱਲ ਚੁੱਕੇ ਵੱਡੀ ਗਿਣਤੀ ਵਿਦਿਆਰਥੀਆਂ ਵੱਲੋਂ ਅੱਜ ਚੰਡੀਗੜ੍ਹ ਵਿੱਚ ਕੈਨੇਡੀਅਨ ਦੂਤਾਵਾਸ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਨ੍ਹਾਂ ਕਾਲਜਾਂ ਦੇ ਬੰਦ ਹੋਣ ਕਾਰਨ ਪੰਜਾਬ ਤੇ ਹਰਿਆਣਾ ਦੇ ਵਿਦਿਆਰਥੀਆਂ ਦਾ ਵਿੱਤੀ ਤੇ ਮਾਨਸਿਕ ਨੁਕਸਾਨ ਹੋਇਆ ਹੈ। ਇਨ੍ਹਾਂ ਵਿਦਿਆਰਥੀਆਂ ਦੀ ਲੱਖਾਂ ਡਾਲਰ ਫ਼ੀਸ ਫਸ ਗਈ ਹੈ। ਇਨ੍ਹਾਂ ਵਿਦਿਆਰਥੀਆਂ ਨੇ ਮੰਗ ਕੀਤੀ ਕਿ ਇਸ ਮਾਮਲੇ ਵਿੱਚ ਕੈਨੇਡਾ ਸਰਕਾਰ ਦਖ਼ਲ ਦੇਵੇ ਤੇ ਉਨ੍ਹਾਂ ਦੇ ਮਾਪਿਆਂ ਦੀ ਖੂਨ-ਪਸੀਨੇ ਦੀ ਕਮਾਈ ਦੇ ਪੈਸੇ ਵਾਪਸ ਕਰਵਾਏ ਜਾਣ ਅਤੇ ਉਨ੍ਹਾਂ ਦੇ ਹਿੱਤ ਸੁਰੱਖਿਅਤ ਰੱਖੇ ਜਾਣ।
ਕੈਨੇਡਾ ਦੇ ਕਾਲਜ ਵਿਚ ਦਾਖਲਾ ਲੈ ਚੁੱਕੀ ਸਿਮਰਨ ਨੇ ਦੱਸਿਆ ਕਿ ਮੌਂਟਰੀਅਲ ਦੀ ਅਦਾਲਤ ਵਿਚ ਇਸ ਮਾਮਲੇ ਬਾਰੇ 28 ਫਰਵਰੀ ਨੂੰ ਸੁਣਵਾਈ ਹੋਈ ਜੋ ਕਿ ਹੁਣ 29 ਅਪਰੈਲ ਤੱਕ ਅੱਗੇ ਪਾ ਦਿੱਤੀ ਗਈ ਹੈ। ਅਦਾਲਤ ਨੇ ਬੰਦ ਹੋਏ ਕਾਲਜਾਂ ਨੂੰ ਵਿਦਿਆਰਥੀਆਂ ਦੀ ਫੀਸ ਵਾਪਸ ਕਰਨ ਲਈ ਕਿਹਾ ਗਿਆ ਹੈ। ਇਕ ਹੋਰ ਵਿਦਿਆਰਥੀ ਨੇ ਦੱਸਿਆ ਕਿ ਅਦਾਲਤ ਦੇ ਨਿਰਦੇਸ਼ਾਂ ਤੋਂ ਬਾਅਦ ਕਾਲਜ ਹੁਣ ਵਿਦਿਆਰਥੀਆਂ ਨੂੰ ਮੇਲ ਕਰ ਕੇ ਦੱਸ ਰਹੇ ਹਨ ਕਿ ਉਨ੍ਹਾਂ ਨੇ ਆਨਲਾਈਨ ਕਲਾਸਾਂ ਲਗਾਈਆਂ ਹਨ, ਇਸ ਕਰ ਕੇ ਉਨ੍ਹਾਂ ਦੀਆਂ ਆਨਲਾਈਨ ਕਲਾਸਾਂ ਦੇ ਪੈਸੇ ਕੱਟ ਕੇ ਫੀਸ ਵਾਪਸ ਕੀਤੀ ਜਾਵੇਗੀ। ਵਿਦਿਆਰਥੀਆਂ ਨੇ ਮੰਗ ਕੀਤੀ ਕਿ ਸਾਰੇ ਵਿਦਿਆਰਥੀਆਂ ਦੀਆਂ ਫੀਸਾਂ ਵਾਪਸ ਕਰਵਾਈਆਂ ਜਾਣ। ਜੇਕਰ ਅਜਿਹਾ ਨਾ ਹੋਇਆ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਤੇਜ਼ ਕੀਤਾ ਜਾਵੇਗਾ।