ਹਰਜੀਤ ਸਿੰਘ
ਜ਼ੀਰਕਪੁਰ, 11 ਨਵੰਬਰ
ਬਲਟਾਣਾ ਵਿੱਚ ਨੌਜਵਾਨ ਨੇ ਲੰਘੀ 5 ਤਰੀਕ ਨੂੰ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਸੀ। ਮ੍ਰਿਤਕ ਦੀ ਪਛਾਣ ਜਸਵਿੰਦਰ ਸਿੰਘ ਵਜੋਂ ਹੋਈ ਹੈ। ਊਸ ਨੇ ਸੁਸਾਈਡ ਨੋਟ ਵਿੱਚ ਆਪਣੀ ਮੌਤ ਲਈ ਕੁਝ ਪ੍ਰਾਪਰਟੀ ਡੀਲਰਾਂ ਨੂੰ ਜ਼ਿੰਮੇਵਾਰ ਦੱਸਿਆ ਸੀ ਜੋ ਉਸ ਨੂੰ ਪੈਸਿਆਂ ਦੇ ਲੈਣ-ਦੇਣ ਕਾਰਨ ਤੰਗ ਕਰ ਰਹੇ ਸਨ। ਊਸ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਪੁਲੀਸ ਕਾਰਵਾਈ ਕਰਨ ਦੀ ਥਾਂ ਪ੍ਰਾਪਰਟੀ ਡੀਲਰਾਂ ਨਾਲ ਕਥਿਤ ਤੌਰ ’ਤੇ ਸਮਝੌਤੇ ਲਈ ਦਬਾਅ ਬਣਾ ਰਹੀ ਹੈ। ਇਸ ਸਬੰਧੀ ਊਨ੍ਹਾਂ ਨੇ ਐੱਸ.ਐੱਸ.ਪੀ. ਮੁਹਾਲੀ ਨੂੰ ਸ਼ਿਕਾਇਤ ਦੇ ਕੇ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਹੈ।
ਜਸਵਿੰਦਰ ਦੇ ਭਰਾ ਸੋਨੀ ਪੁੱਤਰ ਭਾਗ ਸਿੰਘ ਨੇ ਦੱਸਿਆ ਕਿ ਜਸਵਿੰਦਰ ਦਾ ਕੁਝ ਪ੍ਰਾਪਰਟੀ ਡੀਲਰਾਂ ਨਾਲ ਪੈਸਿਆਂ ਦਾ ਲੈਣ-ਦੇਣ ਸੀ ਤੇ ਊਹ ਕਰਜ਼ਾ ਚੁਕਾਊਣ ਵਿੱਚ ਅਸਮਰਥ ਸੀ। ਪ੍ਰਾਪਰਟੀ ਡੀਲਰ ਉਸ ਨੂੰ ਰੋਜ਼ਾਨਾ ਤੰਗ ਕਰਦੇ ਸਨ ਜਿਸ ਕਾਰਨ ਉਸ ਨੇ ਖ਼ੁਦਕੁਸ਼ੀ ਕਰ ਲਈ। ਪਰਿਵਾਰਕ ਮੈਂਬਰਾਂ ਨੇ ਪੁਲੀਸ ਨੂੰ ਸੁਸਾਈਡ ਨੋਟ ਵਿੱਚ ਲਿਖੇ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਗੱਲ ਆਖੀ ਪਰ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਪੁਲੀਸ ਸਮਝੌਤੇ ਲਈ ਦਬਾਅ ਬਣਾ ਰਹੀ ਹੈ।
ਸੁਸਾਈਡ ਨੋਟ ਦੀ ਜਾਂਚ ਮਗਰੋਂ ਅਗਲੀ ਕਾਰਵਾਈ ਹੋਵੇਗੀ: ਚੌਕੀ ਇੰਚਾਰਜ
ਬਲਟਾਣਾ ਪੁਲੀਸ ਚੌਕੀ ਦੇ ਇੰਚਾਰਜ ਕੁਲਵੰਤ ਸਿੰਘ ਨੇ ਕਿਹਾ ਕਿ ਸੁਸਾਈਡ ਨੋਟ ਦੀ ਜਾਂਚ ਕੀਤੀ ਜਾ ਰਹੀ ਹੈ ਜਿਸ ਮਗਰੋਂ ਅਗਲੀ ਕਾਰਵਾਈ ਕੀਤੀ ਜਾਏਗੀ।