ਖੇਤਰੀ ਪ੍ਰਤੀਨਿਧ
ਚੰਡੀਗੜ੍ਹ, 7 ਜੁਲਾਈ
ਚੰਡੀਗੜ੍ਹ ਸਮਾਰਟ ਸਿਟੀ ਯੋਜਨਾ ਤਹਿਤ ਨਗਰ ਨਿਗਮ ਵੱਲੋਂ ਸਫ਼ਾਈ ਕਰਮਚਾਰੀਆਂ ਨੂੰ ਸਮਾਰਟ ਘੜੀਆਂ ਦਿੱਤੀਆਂ ਗਈਆਂ ਹਨ ਤਾਂ ਕਿ ਸ਼ਹਿਰ ਦੇ ਸਫ਼ਾਈ ਕਾਰਜਾਂ ਵੇਲੇ ਊਨ੍ਹਾਂ ’ਤੇ ਨਜ਼ਰ ਰੱਖੀ ਜਾ ਸਕੇ। ਇਸ ਨੂੰ ਲੈਕੇ ਨਿਗਮ ਅਤੇ ਸਫ਼ਾਈ ਕਰਮਚਾਰੀਆਂ ਦਰਮਿਆਨ ਰੇੜਕਾ ਕਾਇਮ ਹੈ।
ਨਗਰ ਨਿਗਮ ਵੱਲੋਂ ਸਮਾਰਟ ਸਿਟੀ ਪ੍ਰਾਜੈਕਟ ਅਧੀਨ ਸਫ਼ਾਈ ਕਾਰਜਾਂ ਦੀ ਨਿਗਰਾਨੀ ਨੂੰ ਲੈਕੇ ਸ਼ੁਰੂ ਕੀਤੀ ਗਈ ਇਸ ਯੋਜਨਾ ਦਾ ਸਫ਼ਾਈ ਕਰਮਚਾਰੀ ਮੁੱਢ ਤੋਂ ਹੀ ਵਿਰੋਧ ਕਰਦੇ ਆ ਰਹੇ ਹਨ ਤੇ ਕਈ ਵਾਰ ਧਰਨੇ ਦੇ ਕੇ ਨਿਗਮ ਕੋਲ ਆਪਣਾ ਵਿਰੋਧ ਦਰਜ ਕਰਵਾ ਚੁੱਕੇ ਹਨ। ਇਸ ਬਾਰੇ ਨਗਰ ਨਿਗਮ ਦੀ ਸਫ਼ਾਈ ਕਰਮਚਾਰੀ ਯੂਨੀਅਨ ਨੇ ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਪਰੀਦਾ ਸਮੇਤ ਇਥੋਂ ਦੀ ਮੇਅਰ ਅਤੇ ਨਗਰ ਨਿਗਮ ਕਮਿਸ਼ਨਰ ਨੂੰ ਚਿੱਠੀ ਲਿਖ ਕੇ ਇਸ ਯੋਜਨਾ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ। ਯੂਨੀਅਨ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀ ਮੰਗ ਨੂੰ ਮੰਨਿਆ ਨਹੀਂ ਗਿਆ ਤਾਂ ਉਹ 15 ਜੁਲਾਈ ਨੂੰ ਵੱਡਾ ਰੋਸ ਪ੍ਰਦਰਸ਼ਨ ਕਰਨਗੇ।
ਜਾਨ ਜੋਖ਼ਮ ਵਿੱਚ ਪਾ ਕੇ ਸਫ਼ਾਈ ਕਾਰਜ ਨੇਪੜੇ ਚਾੜ੍ਹਨ ਦਾ ਦਾਅਵਾ
ਯੂਨੀਅਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਚੱਢਾ ਅਤੇ ਜਨਰਲ ਸਕੱਤਰ ਓਮਪਾਲ ਸਿੰਘ ਨੇ ਦੱਸਿਆ ਕਿ ਊਹ ਪਹਿਲਾਂ ਵੀ ਕਈ ਵਾਰ ਨਗਰ ਨਿਗਮ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪ ਚੁੱਕੇ ਹਨ ਪਰ ਉਨ੍ਹਾਂ ਦੀ ਮੰਗ ਵੱਲ ਧਿਆਨ ਨਹੀਂ ਦਿੱਤਾ ਗਿਆ। ਸ਼੍ਰੀ ਚੱਢਾ ਨੇ ਕਿਹਾ ਕਿ ਕਰੋਨਾ ਦੇ ਦੌਰ ਵਿੱਚ ਸਫਾਈ ਕਰਮਚਾਰੀਆਂ ਨੇ ਆਪਣੇ ਕੰਮ ਨਾਲ ਸਮਝੌਤਾ ਨਹੀਂ ਕੀਤਾ। ਊਹ ਆਪਣੀ ਜਾਨ ਜੋਖ਼ਮ ਵਿੱਚ ਪਾ ਕੇ ਸ਼ਹਿਰ ਦੀ ਸਫ਼ਾਈ ਕਰਦੇ ਹਨ ਪਰ ਨਗਰ ਨਿਗਮ ਵੱਲੋਂ ਉਨ੍ਹਾਂ ਨੂੰ ਸਮਾਰਟ ਘੜੀਆਂ ਬੰਨ੍ਹਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਿਗਮ ਵਲੋਂ ਸਫ਼ਾਈ ਕਰਮਚਾਰੀਆਂ ਨੂੰ ਕੈਦੀ ਮਜ਼ਦੂਰ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੰਗ ਨਾ ਮੰਨੇ ਜਾਣ ’ਤੇ ਸ਼ਹਿਰ ਦੀਆਂ ਹੋਰ ਜਥੇਬੰਦੀਆਂ ਨੂੰ ਨਾਲ ਲੈ ਕੇ ਸੈਕਟਰ-17 ਸਥਿਤ ਨਗਰ ਨਿਗਮ ਦਫ਼ਤਰ ਮੂਹਰੇ 15 ਜੁਲਾਈ ਨੂੰ ਸਵੇਰੇ 11 ਵਜੇ ਤੋਂ ਦੁਪਿਹਰ 2 ਵਜੇ ਤੱਕ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।