ਹਰਜੀਤ ਸਿੰਘ
ਜ਼ੀਰਕਪੁਰ, 30 ਨਵੰਬਰ
ਮੰਗਾਂ ਨੂੰ ਲੈ ਕੇ ਸਫ਼ਾਈ ਕਾਮਿਆਂ ਦੀ ਹੜਤਾਲ ਅੱਜ ਦੂਜੇ ਦਿਨ ਵਿੱਚ ਦਾਖ਼ਲ ਹੋ ਗਈ। ਰੋਹ ਵਿੱਚ ਆਏ ਮੁਜ਼ਾਹਰਾਕਾਰੀਆਂ ਨੇ ਕੌਂਸਲ ਦਫ਼ਤਰ ਨੂੰ ਤਾਲਾ ਕੇ ਆਪਣੇ ਵਿਰੋਧ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪੁਲੀਸ ਨੇ ਭਾਰੀ ਮਸ਼ਕਤ ਮਗਰੋਂ ਮੁਜ਼ਾਹਰਾਕਾਰੀਆਂ ਨੂੰ ਸਮਝਾ ਕੇ ਕਰੀਬ ਦੋ ਘੰਟੇ ਬਾਅਦ ਤਾਲਾ ਖੁੱਲ੍ਹਵਾਇਆ। ਇਸ ਦੌਰਾਨ ਸਫ਼ਾਈ ਕਾਮਿਆਂ ਨੇ ਪੰਜਾਬ ਸਰਕਾਰ ਅਤੇ ਕੌਂਸਲ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਦੂਜੇ ਪਾਸੇ ਹੜਤਾਲ ਨੂੰ ਲੈ ਕੇ ਸ਼ਹਿਰ ਵਿੱਚ ਕੂੜੇ ਦੇ ਢੇਰ ਰੋਜ਼ਾਨਾ ਵੱਡੇ ਹੁੰਦੇ ਜਾ ਰਹੇ ਹਨ ਜਿਸ ਕਾਰਨ ਸ਼ਹਿਰ ਵਾਸੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ਼ਹਿਰ ਦੀਆਂ ਸਾਰੀ ਸੜਕਾਂ ਅਤੇ ਕਲੋਨੀਆਂ ਦੀ ਗਲੀਆਂ ਵਿੱਚ ਕੂੜੇ ਦੇ ਵੱਡੇ ਵੱਡੇ ਢੇਰ ਬਿਮਾਰੀਆਂ ਨੂੰ ਸੱਦਾ ਦੇ ਰਹੇ ਹਨ। ਜਾਣਕਾਰੀ ਅਨੁਸਾਰ ਬੀਤੇ ਸੋਮਵਾਰ ਤੋਂ ਨਗਰ ਕੌਂਸਲ ਐਂਪਲਾਈਜ਼ ਸਫ਼ਾਈ ਕਰਮਚਾਰੀ ਯੂਨੀਅਨ (ਏਟਕ) ਦੇ ਬੈਨਰ ਹੇਠ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਨੂੰ ਲੈ ਕੈ ਅਣਮਿੱਥੇ ਸਮੇ ਲਈ ਹੜਤਾਲ ’ਤੇ ਹਨ। ਮੌਕੇ ’ਤੇ ਅੱਜ ਸਥਿਤੀ ਉਸ ਵੇਲੇ ਤਣਾਅਪੂਰਨ ਹੋ ਗਈ ਜਦ ਢਕੋਲੀ ਸੜਕ ’ਤੇ ਕੂੜੇ ਦੇ ਢੇਰ ਵਧਦੇ ਦੇਖ ਕੌਂਸਲ ਵੱਲੋਂ ਜੇਸੀਬੀ ਦੀ ਮਦਦ ਨਾਲ ਇਨ੍ਹਾਂ ਦੀ ਹਟਾਉਣ ਦਾ ਯਤਨ ਕੀਤਾ ਜਾ ਰਿਹਾ ਸੀ। ਇਸਦੀ ਭਿਣਕ ਲੱਗਦੇ ਪ੍ਰਦਰਸ਼ਨਕਾਰੀ ਮੌਕੇ ’ਤੇ ਪਹੁੰਚ ਗਏ ਜਿਨ੍ਹਾਂ ਨੇ ਕੰਮ ਵਿਚਾਲੇ ਹੀ ਬੰਦ ਕਰਵਾ ਦਿੱਤਾ।