ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 11 ਅਕਤੂਬਰ
ਪੰਜਾਬ ਵਿੱਚ ਸਮੇਂ ਦੀਆਂ ਸਰਕਾਰ ਦੀ ਅਣਦੇਖੀ ਕਾਰਨ ਦੋ ਦਹਾਕਿਆਂ ਤੋਂ ਪ੍ਰਾਇਮਰੀ ਤੋਂ ਮਾਸਟਰ ਕਾਡਰ ਦੇ ਵੱਖ-ਵੱਖ ਵਿਸ਼ੇ ਹਿੰਦੀ, ਪੰਜਾਬੀ, ਅੰਗਰੇਜ਼ੀ, ਗਣਿਤ, ਫਿਜ਼ੀਕਲ ਐਜੂਕੇਸ਼ਨ, ਸੰਸਕ੍ਰਿਤ, ਸਾਇੰਸ, ਸਮਾਜਿਕ ਸਿੱਖਿਆ ਪੜ੍ਹਾਉਣ ਵਾਲੇ ਅਧਿਆਪਕ ਤਰੱਕੀਆਂ ਤੋਂ ਵਾਂਝੇ ਹਨ। ਇਸ ਮੰਗ ਨੂੰ ਲੈ ਕੇ ਮੁੱਖ ਅਧਿਆਪਕ ਜਥੇਬੰਦੀ ਪੰਜਾਬ ਦੇ ਸੂਬਾ ਪ੍ਰਧਾਨ ਅਮਨਦੀਪ ਸ਼ਰਮਾ ਦੀ ਅਗਵਾਈ ਹੇਠ ਅੱਜ ਸਿੱਖਿਆ ਭਵਨ ਦੇ ਬਾਹਰ ਧਰਨਾ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਹਾਲਾਂਕਿ ਅਧਿਆਪਕਾਂ ਦੀਆਂ ਤਰੱਕੀਆਂ ਸਬੰਧੀ ਸੂਚੀਆਂ ਵੀ ਬਣ ਚੁੱਕੀਆਂ ਹਨ ਪਰ ਸਿੱਖਿਆ ਸਕੱਤਰ ਦੇ ਬਦਲਣ ਤੋਂ ਬਾਅਦ ਇਹ ਕੰਮ ਠੰਢੇ ਬਸਤੇ ਵਿੱਚ ਪੈ ਗਿਆ ਹੈ।
ਅਮਨਦੀਪ ਸ਼ਰਮਾ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਤਰੱਕੀਆਂ ਉਡੀਕਦੇ ਕਾਫ਼ੀ ਪ੍ਰਾਇਮਰੀ ਅਧਿਆਪਕ ਸੇਵਾਮੁਕਤ ਹੋ ਗਏ ਹਨ ਅਤੇ ਕਈ ਸੇਵਾਮੁਕਤੀ ਦੇ ਨੇੜੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਭਰ ਦੇ ਅਧਿਆਪਕ ਤਰੱਕੀਆਂ ਨੂੰ ਲੈ ਕੇ ਕਾਫ਼ੀ ਦੁਬਿਧਾ ਵਿੱਚ ਹਨ। ਉਨ੍ਹਾਂ ਮੰਗ ਕੀਤੀ ਕਿ ਪ੍ਰਾਇਮਰੀ ਅਧਿਆਪਕਾਂ ਦੀਆਂ ਤਰੱਕੀਆਂ ਤੁਰੰਤ ਕੀਤੀਆਂ ਜਾਣ। ਜਥੇਬੰਦੀ ਦੇ ਮੀਤ ਪ੍ਰਧਾਨ ਰਗਵਿੰਦਰ ਧੂਲਕਾ ਨੇ ਕਿਹਾ ਕਿ ਪ੍ਰਾਇਮਰੀ ਅਧਿਆਪਕਾਂ ਨੂੰ ਤਰੱਕੀਆਂ ਤੋਂ ਵਾਂਝਾ ਰੱਖਣਾ ਬਹੁਤ ਮੰਦਭਾਗੀ ਗੱਲ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਵਿਸ਼ਿਆਂ ਦੀਆਂ ਤਰੱਕੀਆਂ ਤੁਰੰਤ ਕੀਤੀਆਂ ਜਾਣ। ਇਸ ਉਪਰੰਤ ਮੁੱਖ ਅਧਿਆਪਕ ਜਥੇਬੰਦੀ ਦੇ ਵਫ਼ਦ ਨੇ ਸਿੱਖਿਆ ਮੰਤਰੀ ਪ੍ਰਗਟ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ। ਮੰਤਰੀ ਨੇ ਭਰੋਸਾ ਦਿੱਤਾ ਕਿ ਅਧਿਆਪਕਾਂ ਦੀਆਂ ਤਰੱਕੀਆਂ ਦਾ ਮਾਮਲਾ ਮੀਟਿੰਗ ਵਿੱਚ ਹਮਦਰਦੀ ਨਾਲ ਵਿਚਾਰਿਆ ਜਾਵੇਗਾ।