ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 19 ਜੂਨ
ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਤੋਂ ਬਾਅਦ ਅੱਜ ਸ਼ਾਮ ਨੂੰ ਅਚਾਨਕ ਮੌਸਮ ਨੇ ਆਪਣਾ ਮਿਜਾਜ ਬਦਲ ਲਿਆ ਹੈ, ਜਿਸ ਕਰਕੇ ਲੋਕਾਂ ਨੇ ਗਰਮੀ ਤੋਂ ਕੁਝ ਰਾਹਤ ਮਹਿਸੂਸ ਕੀਤੀ ਹੈ। ਸ਼ਾਮ ਨੂੰ ਤੇਜ਼ ਹਵਾਵਾਂ ਚੱਲਣ ਦੇ ਨਾਲ-ਨਾਲ ਟ੍ਰਾਈਸਿਟੀ ਵਿੱਚ ਕਿਣ-ਮਿਣ ਵੀ ਹੋਈ ਹੈ, ਜਿਸ ਕਰਕੇ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿੱਚ ਤਬਦੀਲੀ ਦੇ ਨਾਲ ਹੀ ਸ਼ਹਿਰ ਦੇ ਮੁੱਖ ਬਾਜ਼ਾਰ, ਸੁਖਨਾ ਝੀਲ, ਰੌਕ ਗਾਰਡਨ ਸਣੇ ਹੋਰਨਾਂ ਘੁੰਮਣ ਵਾਲੀਆਂ ਥਾਵਾਂ ’ਤੇ ਲੋਕਾਂ ਦੀ ਚਹਿਲ-ਪਹਿਲ ਦੇਖਣ ਨੂੰ ਮਿਲੀ। ਲੋਕ ਘਰ ਤੋਂ ਬਾਹਰ ਨਿਕਲ ਕੇ ਠੰਢੀਆਂ ਹਵਾਵਾਂ ਦਾ ਆਨੰਦ ਲੈ ਰਹੇ ਸਨ। ਦੱਸਣਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਚੰਡੀਗੜ੍ਹ ਟ੍ਰਾਈਸਿਟੀ ਵਿੱਚ ਤਿੱਖੀ ਧੁੱਪ ਕਰਨ ਤੇ ਹਵਾ ਨਾ ਚੱਲਣ ਕਰਕੇ ਲੋਕਾਂ ਨੂੰ ਗਰਮੀ ਦੀ ਮਾਰ ਝੱਲਣੀ ਪੈ ਰਹੀ ਸੀ ਪਰ ਸ਼ਾਮ ਨੂੰ 7-8 ਵਜੇ ਦੇ ਕਰੀਬ ਤੇਜ਼ ਹਵਾਵਾਂ ਚੱਲੀਆਂ ਅਤੇ ਕਿਣ-ਮਿਣ ਹੋਈ ਹੈ। ਕਿਣ-ਮਿਣ ਕਰ ਕੇ ਮੌਸਮ ਵਿੱਚ ਵੀ ਲੋਕਾਂ ਨੇ ਠੰਢਕ ਮਹਿਸੂਸ ਕੀਤੀ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ 20 ਜੂਨ ਨੂੰ ਵੀ ਸ਼ਹਿਰ ਵਿੱਚ ਤੇਜ਼ ਹਵਾਵਾਂ ਚੱਲਣ ਦੇ ਨਾਲ-ਨਾਲ ਕਿਣਮਿਣ ਹੋ ਸਕਦੀ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਚੰਡੀਗੜ੍ਹ ਦਾ ਵੱਧ ਤੋਂ ਵੱਧ ਤਾਪਮਾਨ 43.1 ਡਿਗਰੀ ਸੈਲਸੀਅਸ ਦਰਜ ਕੀਤਾ ਹੈ, ਜੋ ਕਿ ਆਮ ਨਾਲੋਂ 6.5 ਡਿਗਰੀ ਸੈਲਸੀਅਸ ਵੱਧ ਰਿਹਾ ਹੈ। ਇਸੇ ਤਰ੍ਹਾਂ ਮੁਹਾਲੀ ਵਿੱਚ ਵੱਧ ਤੋਂ ਵੱਧ ਤਾਪਮਾਨ 42.1 ਡਿਗਰੀ ਸੈਲਸੀਅਸ ਅਤੇ ਪੰਚਕੂਲਾ ਵਿੱਚ 42 ਡਿਗਰੀ ਸੈਲਸੀਅਸ ਦਰਜ ਕੀਤਾ ਹੈ।