ਹਰਜੀਤ ਸਿੰਘ
ਜ਼ੀਰਕਪੁਰ, 17 ਨਵੰਬਰਨਗਰ
ਨਕਸ਼ੇ ਨਾ ਪਾਸ ਹੋਣ ਦੇ ਰੋਸ ਵਜੋਂ ਅੱਜ ਆਰਕੀਟੈਕਟ ਐਸੋਸੀਏਸ਼ਨ ਵੱਲੋਂ ਨਗਰ ਕੌਂਸਲ ਦਫਤਰ ਵਿਖੇ ਧਰਨਾ ਦਿੱਤਾ ਗਿਆ। ਮੁਜ਼ਹਰਾਕਾਰੀਆਂ ਨੇ ਕਾਰਜ ਸਾਧਕ ਅਫਸਰ ਦੀ ਗੈਰ ਮੌਜੂਦਗੀ ਵਿੱਚ ਕਮਰੇ ਦੇ ਬਾਹਰ ਧਰਨਾ ਦਿੰਦੇ ਦੋਸ਼ ਲਾਇਆ ਕਿ ਲੰਮੇ ਸਮੇਂ ਤੋਂ ਕੌਂਸਲ ਵਿੱਚ ਤੈਅ ਸਮੇਂ ’ਤੇ ਕੰਮ ਨਹੀਂ ਹੋ ਰਿਹਾ ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਆਰਕੀਟੈਕਟ ਐਸੋਸੀਏਸ਼ਨ ਦੇ ਪ੍ਰਧਾਨ ਕਿਰਪਾਲ ਸਿੰਘ, ਮਨਦੀਪ ਸਿੰਘ, ਸੰਜੀਵ ਸੈਣੀ, ਬਰਜਿੰਦਰ ਸਿੰਘ, ਨਰਿੰਦਰ ਸਿੰਘ, ਸੰਜੀਵ ਸ਼ਰਮਾ, ਗੁੰਜਨ ਗੁਰੇਜਾ, ਮਲਕੀਤ ਸਿੰਘ, ਸਤਪਾਲ ਸਿੰਘ ਤੇ ਰਵਿੰਦਰ ਸਿੰਘ ਸਣੇ ਹੋਰਨਾਂ ਨੇ ਦੱਸਿਆ ਕਿ ਉਹ ਸਰਕਾਰ ਵੱਲੋਂ ਮਨਜ਼ੂਰਸ਼ੁਦਾ ਆਰਕੀਟੈਕਟ ਹਨ। ਉਹ ਸ਼ਹਿਰ ਵਿੱਚ ਲੋਕਾਂ ਦੇ ਘਰਾਂ, ਦੁਕਾਨਾਂ ਅਤੇ ਹੋਰ ਪ੍ਰਾਪਰਟੀਆਂ ਦੇ ਨਕਸ਼ੇ ਬਣਾ ਕੇ ਕੌਂਸਲ ਦਫਤਰ ਵਿੱਚ ਆਨਲਾਈਨ ਜਮ੍ਹਾਂ ਕਰਵਾਉਂਦੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਕੌਂਸਲ ਵਿੱਚ ਆਨਲਾਈਨ ਜਮ੍ਹਾਂ ਕਰਵਾਏ ਨਕਸ਼ੇ ਪਾਸ ਨਹੀਂ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਹਰੇਕ ਪ੍ਰਾਪਰਟੀ ਦੀ ਰਜਿਸਟਰੀ ਕਰਵਾਉਣ ਤੋਂ ਪਹਿਲਾਂ ਨਗਰ ਕੌਂਸਲ ਤੋਂ ਐੱਨਓਸੀ ਲੈਣ ਦੀ ਸ਼ਰਤ ਲਗਾ ਦਿੱਤੀ ਗਈ ਹੈ ਪਰ ਕੌਂਸਲ ਵੱਲੋਂ ਲੰਬਾ ਸਮਾਂ ਐੱਨਓਸੀ ਜਾਰੀ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਵਿੱਚ ਆਈ ਸੀ ਜਿਸ ਨੇ ਲੋਕਾਂ ਨੂੰ ਭਰੋਸਾ ਦਿੱਤਾ ਸੀ ਕਿ ਉਹ ਪਾਰਦਰਸ਼ੀ ਅਤੇ ਸਾਫ ਸੁਥਰਾ ਪ੍ਰਸ਼ਾਸਨ ਦੇਵੇਗੀ ਪਰ ਜਿਵੇਂ-ਜਿਵੇਂ ਸਮਾਂ ਬੀਤ ਰਿਹਾ ਹੈ ਲੋਕਾਂ ਦੀ ਆਸ ਟੁੱਟਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਖ਼ਤਮ ਕਰਨ ਲਈ ਆਨਲਾਈਨ ਕੰਮ ਕਰਨ ਦਾ ਦਿਖਾਵਾ ਕੀਤਾ ਜਾ ਰਿਹਾ ਹੈ ਪਰ ਉੱਥੇ ਅਧਿਕਾਰੀ ਵੱਲੋਂ ਕੋਈ ਵੀ ਨੁਕਸ ਕੱਢਣ ਮਗਰੋਂ ਉਸੇ ਅਧਿਕਾਰੀ ਕੋਲ ਜਾਣਾ ਪੈਂਦਾ ਹੈ ਜਿਸ ਨਾਲ ਆਨਲਾਈਨ ਕੰਮ ਦਾ ਕੋਈ ਫਾਇਦਾ ਨਹੀਂ ਰਹਿ ਜਾਂਦਾ। ਉਨ੍ਹਾਂ ਕਿਹਾ ਕਿ ਕੌਂਸਲ ਦਫਤਰ ਵਿੱਚ ਅਧਿਕਾਰੀਆਂ ਦੀ ਘਾਟ ਹੈ। ਇਸ ਤੋਂ ਇਲਾਵਾ ਜਿਹੜੇ ਅਧਿਕਾਰੀ ਤਾਇਨਾਤ ਵੀ ਹਨ ਉਹ ਵੀ ਗੈਰ-ਹਾਜ਼ਰ ਰਹਿੰਦੇ ਹਨ ਜਿਸ ਕਾਰਨ ਕੋਈ ਵੀ ਕੰਮ ਸਮੇਂ ’ਤੇ ਨਹੀਂ ਹੁੰਦਾ। ਲੰਘੇ ਦਿਨੀਂ ਕਾਰਜਸਾਧਕ ਅਫਸਰ ਨੂੰ ਮਿਲ ਕੇ ਬੇਨਤੀ ਕੀਤੀ ਗਈ ਸੀ ਪਰ ਹਾਲੇ ਤੱਕ ਸਮੱਸਿਆ ਜਿਉਂ ਦੀ ਤਿਉਂ ਬਣੀ ਹੋਈ ਹੈ। ਉਨ੍ਹਾਂ ਮਸਲੇ ਦਾ ਪੱਕਾ ਹੱਲ ਕੱਢਣ ਦੀ ਮੰਗ ਕੀਤੀ ਹੈ।
ਕੀ ਕਹਿੰਦੇ ਨੇ ਅਧਿਕਾਰੀ
ਇਸ ਬਾਰੇ ਗੱਲ ਕਰਨ ’ਤੇ ਨਗਰ ਕੌਂਸਲ ਦੇ ਕਾਰਜਸਾਧਕ ਅਫਸਰ ਰਵਨੀਤ ਸਿੰਘ ਢੋਟ ਨੇ ਕਿਹਾ ਕਿ ਉਹ ਅੱਜ ਬਾਹਰ ਹਨ ਜਿਸ ਕਾਰਨ ਆਰਕੀਟੈਕਟਾਂ ਨੂੰ ਮਿਲ ਕੇ ਉਨ੍ਹਾਂ ਦੀ ਸਮੱਸਿਆ ਦਾ ਹੱਲ ਨਹੀਂ ਕਰ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਕੰਮ ਨੂੰ ਹੋਰ ਸੁਖਾਲਾ ਕਰਨ ਲਈ ਸਿਟੀਜ਼ਨ ਪੋਰਟਲ ਸ਼ੁਰੂ ਕਰਨ ਜਾ ਰਹੀ ਹੈ ਜਿਸ ਨਾਲ ਲੋਕਾਂ ਦਾ ਕੰਮ ਬਿਨਾਂ ਖੱਜਲ-ਖੁਆਰੀ ਤੋਂ ਹੋ ਸਕੇਗਾ। ਉਨ੍ਹਾਂ ਕਿਹਾ ਕਿ ਕਈ ਵਾਰ ਆਰਕੀਟੈਕਟਾਂ ਵੱਲੋਂ ਆਨਲਾਈਨ ਗਲਤ ਜਾਣਕਾਰੀ ਦਿੱਤੀ ਜਾਂਦੀ ਹੈ ਜਿਸ ਕਾਰਨ ਇਤਰਾਜ਼ ਲੱਗਦੇ ਹਨ। ਉਨ੍ਹਾਂ ਕਿਹਾ ਕਿ ਸਹੀ ਨਕਸ਼ਾ ਨਾਲੋ-ਨਾਲ ਪਾਸ ਹੋ ਜਾਂਦਾ ਹੈ।