ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 1 ਨਵੰਬਰ
ਸੁਖਨਾ ਝੀਲ ਦੇ ਰੈਗੂਲੇਟਰੀ ਐਂਡ ਤੋਂ ਅੱਜ ਬੱਚੇ ਦੀ ਲਾਸ਼ ਮਿਲੀ ਹੈ। ਇਸ ਬਾਰੇ ਜਾਣਕਾਰੀ ਮਿਲਦਿਆਂ ਹੀ ਚੰਡੀਗੜ੍ਹ ਪੁਲੀਸ ਨੇ ਲਾਸ਼ ਨੂੰ ਸੈਕਟਰ-16 ਦੇ ਸਰਕਾਰੀ ਹਸਪਤਾਲ ਵਿੱਚ ਰਖਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੇਰ ਸ਼ਾਮ ਤੱਕ ਮ੍ਰਿਤਕ ਬੱਚੇ ਦੀ ਪਛਾਣ ਨਹੀਂ ਹੋ ਸਕੀ, ਉਸ ਦੀ ਉਮਰ 6-7 ਸਾਲ ਦੇ ਕਰੀਬ ਦੱਸੀ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਦੁਪਹਿਰ ਸਮੇਂ ਪੁਲੀਸ ਨੂੂੰ ਸੁਖਨਾ ਝੀਲ ਦੇ ਰੈਗੂਲੇਟਰੀ ਐਂਡ ’ਤੇ ਬੱਚੇ ਦੀ ਲਾਸ਼ ਮਿਲਣ ਦੀ ਸੂਚਨਾ ਮਿਲੀ ਤਾਂ ਪੁਲੀਸ ਨੇ ਘਟਨਾ ਵਾਲੀ ਥਾਂ ’ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ। ਪੁਲੀਸ ਜਾਂਚ ਵਿੱਚ ਸਾਹਮਣੇ ਆਇਆ ਕਿ ਬੱਚੇ ਦੇ ਸ਼ਰੀਰ ’ਤੇ ਕੋਈ ਕੱਪੜਾ ਨਹੀਂ ਸੀ ਅਤੇ ਨਾ ਹੀ ਉਸ ਦੇ ਸ਼ਰੀਰ ’ਤੇ ਸੱਟ ਵੱਜਣ ਦੇ ਕੋਈ ਨਿਸ਼ਾਨ ਸੀ। ਪੁਲੀਸ ਨੇ ਮੁੱਢਲੀ ਜਾਂਚ ਵਿੱਚ ਬੱਚਿਆ ਦੇ ਲਾਪਤਾ ਹੋਣ ਸਬੰਧੀ ਸ਼ਿਕਾਇਤਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਚੰਡੀਗੜ੍ਹ ਪੁਲੀਸ ਸੁਖਨਾ ਝੀਲ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰੇ ਵੀ ਖੰਘਾਲ ਰਹੀ ਹੈ।
ਦੱਸਣਯੋਗ ਹੈ ਕਿ ਸੁਖਨਾ ਝੀਲ ’ਤੇ 5 ਦਿਨਾਂ ਵਿੱਚ ਇਹ ਤੀਜੀ ਘਟਨਾ ਵਾਪਰੀ ਹੈ। ਇਸ ਤੋਂ ਪਹਿਲਾਂ ਇੱਥੇ 28 ਅਕਤੂਬਰ ਨੂੰ 21 ਸਾਲਾਂ ਲੜਕੀ ਦੀ ਲਾਸ਼ ਬਰਾਮਦ ਹੋਈ ਸੀ ਜਿਸ ਨੂੰ ਉਸ ਦੇ ਪ੍ਰੇਮੀ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ 30 ਅਕਤੂਬਰ ਨੂੰ ਬੀ ਕਾਮ ਦੇ ਵਿਦਿਆਰਥੀ ਵੱਲੋਂ ਸੁਖਨਾ ਝੀਲ ’ਚ ਛਾਲ ਮਾਰ ਕੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਪਰ ਝੀਲ ’ਤੇ ਸੈਰ ਕਰ ਰਹੇ ਲੋਕਾਂ ਨੇ ਬਚਾ ਲਿਆ।