ਪੱਤਰ ਪ੍ਰੇਰਕ
ਚੰਡੀਗੜ੍ਹ, 19 ਅਗਸਤ
ਹਰਿਆਣਾ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਪ੍ਰੀਤੀ ਭਾਰਦਵਾਜ ਦਲਾਲ ਵੱਲੋਂ ਅੱਜ ਪੰਜਾਬ ਯੂਨੀਵਰਸਿਟੀ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਯੂਨੀਵਰਸਿਟੀ ਦੇ ਅਧਿਕਾਰੀਆਂ ਤੇ ਅਫ਼ਗਾਨੀ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ। ਇਸ ਮੌਕੇ ਡੀਨ (ਯੂਨੀਵਰਸਿਟੀ ਇੰਸਟਰੱਕਸ਼ਨਜ਼) ਪ੍ਰੋ. ਵੀ.ਆਰ. ਸਿਨਹਾ, ਵਾਈਸ ਚਾਂਸਲਰ ਦੇ ਸਕੱਤਰ ਪ੍ਰੋ. ਦਵਿੰਦਰ ਸਿੰਘ, ਡੀਨ (ਕੌਮਾਂਤਰੀ ਵਿਦਿਆਰਥੀ) ਪ੍ਰੋ. ਅੰਜੂ ਸੂਰੀ, ਡੀਨ (ਐਲੂਮਨੀ ਰਿਲੇਸ਼ਨਜ਼) ਪ੍ਰੋ. ਅਨੁਪਮਾ ਸ਼ਰਮਾ ਤੇ ਡਾ. ਜਗਤ ਭੂਸ਼ਨ ਸਮੇਤ ਸੱਤ ਅਫ਼ਗਾਨੀ ਵਿਦਿਆਰਥੀ ਵੀ ਹਾਜ਼ਰ ਸਨ। ਅਫ਼ਗਾਨੀ ਵਿਦਿਆਰਥੀ ਅਬਦੁੱਲ ਨੇ ਕਮਿਸ਼ਨ ਦੀ ਚੇਅਰਪਰਸਨ ਪ੍ਰੀਤੀ ਭਾਰਦਵਾਜ ਦਲਾਲ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਦੀ ਮੰਗ ਹੈ ਕਿ ਅਫ਼ਗਾਨੀ ਵਿਦਿਆਰਥੀਆਂ ਲਈ ਇੱਕ ਵਿਸ਼ੇਸ਼ ਹੈਲਪਲਾਈਨ ਨੰਬਰ ਸ਼ੁਰੂ ਕੀਤਾ ਜਾਵੇ, ਜਿਸ ਉਤੇ ਕੋਈ ਵੀ ਅਫ਼ਗਾਨੀ ਵਿਦਿਆਰਥੀ ਆਪਣੀ ਸਮੱਸਿਆ ਸਾਂਝੀ ਕਰ ਸਕੇ। ਵਜ਼ੀਫ਼ਾ ਵਗੈਰ੍ਹਾ ਸਹੂਲਤ ਨਾ ਲੈਣ ਵਾਲੇ ਵਿਦਿਆਰਥੀਆਂ ਦੇ ਹਾਲਾਤ ਠੀਕ ਹੋਣ ਤੱਕ ਕੋਰਸ ਫੀਸਾਂ ਮੁਆਫ਼ ਕੀਤੀਆਂ ਜਾਣ ਅਤੇ ਉਨ੍ਹਾਂ ਦੀ ਪੜ੍ਹਾਈ ਮੁਫ਼ਤ ਕੀਤੀ ਜਾਵੇ। ਇਸ ਦੇ ਨਾਲ ਹੀ ਜੇਕਰ ਹੋ ਸਕੇ ਤਾਂ ਉਨ੍ਹਾਂ ਨੂੰ ਹੋਸਟਲਾਂ ਵਿੱਚ ਵੀ ਮੁਫ਼ਤ ਰਹਿਣ ਦੀ ਸਹੂਲਤ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਅਫ਼ਗਾਨਿਸਤਾਨ ਵਿੱਚ ਵਾਪਰੇ ਬਿਰਤਾਂਤ ਕਾਰਨ ਉਹ ਪ੍ਰੇਸ਼ਾਨ ਹਨ, ਇਸ ਲਈ ਮਨੋਵਿਗਿਆਨੀ ਦੀ ਸਹਾਇਤਾ ਦਿਵਾਈ ਜਾਵੇ।