ਸਰਬਜੀਤ ਸਿੰਘ ਭੱਟੀ
ਲਾਲੜੂ, 17 ਅਗਸਤ
ਨਗਰ ਕੌਂਸਲ ਲਾਲੜੂ ਦੇ ਵਾਰਡ ਨੰਬਰ 17 ਨਿਵਾਸੀ ਪਿਛਲੇ ਕਈ ਸਾਲਾਂ ਤੋਂ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ। ਕੌਂਸਲ ਦੇ ਹੋਂਦ ਵਿੱਚ ਆਉਣ ਉਪਰੰਤ ਵੀ ਉਨ੍ਹਾਂ ਦੀਆਂ ਬੁਨਿਆਦੀ ਸਮੱਸਿਆਵਾਂ ਅੱਜ ਵੀ ਬਰਕਰਾਰ ਹਨ। ਵਾਰਡ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਸੁਣਨ ਲਈ ਅੱਜ ਕਾਂਗਰਸੀ ਆਗੂ ਅਤੇ ਪੰਜਾਬ ਐਗਰੋ ਇੰਡਸਟਰੀ ਦੇ ਵਾਈਸ ਚੇਅਰਮੇਨ ਮਨਪ੍ਰੀਤ ਸਿੰਘ ਬੰਨੀ ਸੰਧੂ ਨੇ ਕਿਹਾ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਛੇਤੀ ਹੱਲ ਕੀਤਾ ਜਾਵੇਗਾ ਅਤੇ ਵਾਰਡ ਦੇ ਲੋਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਇਸ ਮੌਕੇ ਬੰਨੀ ਸੰਧੂ ਨੇ ਕਿਹਾ ਕਿ ਉਨ੍ਹਾ ਨੂੰ ਪਤਾ ਹੈ ਕਿ ਇਥੋਂ ਦੇ ਲੋਕ ਪਿਛਲੇ ਕਾਫੀ ਸਮੇਂ ਤੋਂ ਮੁਸ਼ਕਿਲਾਂ ਨਾਲ ਜੂਝ ਰਹੇ ਹਨ, ਨਾ ਇੱਥੇ ਪੀਣ ਵਾਲੇ ਪਾਣੀ ਦੀ ਸਪਲਾਈ ਹੈ ਤੇ ਨਾ ਹੀ ਗੰਦੇ ਪਾਣੀ ਦੀ ਨਿਕਾਸੀ ਦਾ ਕੋਈ ਯੋਗ ਪ੍ਰਬੰਧ ਹੈ। ਗਲੀਆ-ਨਾਲੀਆਂ ਨਾ ਹੋਣ ਕਾਰਨ ਲੋਕਾਂ ਦੇ ਘਰਾਂ ਦਾ ਗੰਦਾ ਅਤੇ ਬਰਸਾਤੀ ਪਾਣੀ ਗਲੀਆਂ ਵਿੱਚ ਖੜ੍ਹਾ ਰਹਿੰਦਾ ਹੈ, ਜਿਸ ਕਾਰਨ ਚਾਰੇ ਪਾਸੇ ਗੰਦਗੀ ਦਾ ਆਲਮ ਹੈ। ਸਟਰੀਟ ਲਾਈਟਾਂ ਨਹੀਂ ਜਗਦੀਆਂ, ਵਾਰਡ ਨਿਵਾਸੀਆਂ ਨੇ ਦੱਸਿਆ ਕਿ ਉਕਤ ਮੁਸ਼ਕਿਲਾਂ ਸਬੰਧੀ ਉਨ੍ਹਾਂ ਅਨੇਕਾਂ ਵਾਰ ਹਲਕਾ ਵਿਧਾਇਕ ਤੇ ਹੋਰ ਆਗੂਆਂ ਨੂੰ ਜਾਣੂ ਕਰਵਾਇਆ ਹੈ ਪਰੰਤੂ ਅਜੇ ਤੱਕ ਵੀ ਕੋਈ ਕਾਰਵਾਈ ਨਹੀਂ ਹੋਈ, ਸਿਆਸੀ ਆਗੂ ਉਨ੍ਹਾਂ ਨੂੰ ਕੇਵਲ ਵੋਟਾਂ ਲਈ ਹੀ ਵਰਤਦੇ ਹਨ। ਇਸ ਮੌਕੇ ਬੰਨੀ ਸੰਧੂ ਨੇ ਸਮੱਸਿਆਵਾਂ ਸੁਣਨ ਉਪਰੰਤ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਉਹ ਤੁਰੰਤ 17 ਨੰਬਰ ਵਾਰਡ ਦੇ ਲੋਕਾਂ ਦੀ ਮੁਸ਼ਕਲਾਂ ਨੂੰ ਹੱਲ ਕਰਨ। ਇਸ ਮੌਕੇ ਸਾਬਕਾ ਸਰਪੰਚ ਗੁਰਮੀਤ ਸਿੰਘ ਦੱਪਰ, ਸੰਪੂਰਨ ਸਿੰਘ, ਫੂਲ ਚੰਦ, ਸੋਨੂੰ, ਹਰਨੇਕ ਸਿੰਘ, ਧਰਮਵੀਰ, ਸੋਨੀ, ਰਿੰਕੂ ਸਮੇਤ ਅਨੇਕਾ ਆਗੂ ਮੌਜੂਦ ਸਨ।