ਸ਼ਸ਼ੀ ਪਾਲ ਜੈਨ
ਖਰੜ, 31 ਅਗਸਤ
ਆਤਮਾ ਸਕੀਮ ਅਧੀਨ ਪਿੰਡ ਦੇਹ ਕਲਾਂ ਵਿੱਚ ਬਲਾਕ ਪੱਧਰੀ ਕੈਂਪ ਲਗਾਇਆ ਗਿਆ। ਇਸ ਵਿੱਚ ਵਿਧਾਇਕ ਡਾ. ਚਰਨਜੀਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਕੈਂਪ ਦੀ ਪ੍ਰਧਾਨਗੀ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਮੇਲ ਸਿੰਘ ਅਤੇ ਐੱਸਡੀਐੱਮ ਗੁਰਮੰਦਰ ਸਿੰਘ ਵਲੋਂ ਕੀਤੀ ਗਈ। ਇਸ ਕੈਂਪ ਵਿੱਚ ਵਿਧਾਇਕ ਨੇ ਇਲਾਕੇ ਦੇ ਕਿਸਾਨਾਂ ਦੀਆਂ ਮੁਸ਼ਕਲਾਂ ਸੁਣ ਕੇ ਮੌਕੇ ’ਤੇ ਅਧਿਕਾਰੀਆਂ ਨੂੰ ਹੱਲ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੱਡੀ ਗਿਣਤੀ ਵਿਚ ਪਰਾਲੀ ਦੀ ਸਾਂਭ-ਸੰਭਾਲ ਲਈ ਸਬਸਿਡੀ ’ਤੇ ਮਸ਼ੀਨਰੀ ਮੁਹੱਈਆ ਕਰਵਾਈ ਗਈ ਹੈ। ਇਸ ਦਾ ਲਾਭ ਸਮੁੱਚੇ ਕਿਸਾਨਾਂ ਨੂੰ ਲੈਣਾ ਚਾਹੀਦਾ ਹੈ।
ਮੁੱਖ ਖੇਤੀਬਾੜੀ ਅਫਸਰ ਡਾ. ਗੁਰਮੇਲ ਸਿੰਘ ਨੇ ਜ਼ਿਲ੍ਹੇ ਵੱਲੋਂ ਦਿੱਤੀ ਗਈ ਖੇਤੀ ਮਸ਼ੀਨਰੀ ਤੋਂ ਜਾਣੂ ਕਰਵਾਇਆ ਅਤੇ ਵਿਭਾਗ ਦੀਆਂ ਚੱਲ ਰਹੀਆਂ ਕੁਆਲਟੀ ਕੰਟਰੋਲ ਗਤੀਵਿਧੀਆਂ ਸਬੰਧੀ ਦੱਸਿਆ। ਬਾਗ਼ਬਾਨੀ ਵਿਕਾਸ ਅਫ਼ਸਰ ਡਾ. ਕੋਮਲਪ੍ਰੀਤ ਸਿੰਘ ਨੇ ਬਾਗ਼ਬਾਨੀ ਕਿੱਤੇ ਸਬੰਧੀ ਜਾਣਕਾਰੀ ਦਿੱਤੀ। ਡਾ. ਗੁਰਦਿਆਲ ਕੁਮਾਰ ਅਤੇ ਡਾ. ਮਨਦੀਪ ਕੌਰ ਨੇ ਵਿਭਾਗ ਦੀਆਂ ਸਕੀਮਾਂ ਬਾਰੇ ਜਾਣੂ ਕਰਵਾਇਆ ਅਤੇ ਡਾ. ਜਗਦੀਪ ਸਿੰਘ ਬੀਟੀਐਮ ਨੇ ਆਤਮਾ ਸਕੀਮ ਸਬੰਧੀ ਦੱਸਿਆ।