ਸੁਖਵਿੰਦਰ ਪਾਲ ਸੋਢੀ
ਚੰਡੀਗੜ੍ਹ, 9 ਨਵੰਬਰ
ਯੂਟੀ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਹੁਣ ਦੇਸ਼ ਭਗਤੀ ਦਾ ਪਾਠ ਪੜ੍ਹਾਇਆ ਜਾਵੇਗਾ। ਦੇਸ਼ ਭਗਤੀ ਨਾਲ ਸਬੰਧਤ ਵਿਸ਼ੇ ਸਕੂਲ ਪਾਠਕ੍ਰਮ ਵਿੱਚ ਸ਼ਾਮਲ ਕੀਤੇ ਜਾਣਗੇ। ਇਸ ਲਈ ਡਾਇਰੈਕਟਰ ਸਕੂਲ ਐਜੂਕੇਸ਼ਨ ਨੇ ਸਕੂਲ ਮੁਖੀਆਂ ਨੂੰ ਪੱਤਰ ਲਿਖ ਕੇ ਇਸ ਵਿਸ਼ੇ ਨੂੰ ਨਿਯਮਤ ਤੌਰ ’ਤੇ ਬੱਚਿਆਂ ਨੂੰ ਪੜ੍ਹਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਦੇਸ਼ ਭਗਤੀ ਨਾਲ ਸਬੰਧਤ ਗਤੀਵਿਧੀਆਂ 11 ਨਵੰਬਰ ਤੋਂ ਕਰਵਾਉਣ ਲਈ ਵੀ ਕਿਹਾ ਹੈ।
ਡਾਇਰੈਕਟਰ ਹਰਸੁਹਿੰਦਰ ਪਾਲ ਸਿੰਘ ਬਰਾੜ ਨੇ ਦੱਸਿਆ ਕਿ ਦੇਸ਼ ਦੀ ਤਰੱਕੀ ਤੇ ਕੌਮੀ ਏਕਤਾ ਲਈ ਨੌਜਵਾਨ ਪੀੜ੍ਹੀ ਵਿੱਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨਾ ਜ਼ਰੂਰੀ ਹੈ। ਇਸ ਤਹਿਤ ਵਿਦਿਆਰਥੀਆਂ ਵਿੱਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਲਈ ਸਕੂਲਾਂ ਵਿੱਚ ਨਿਯਮਤ ਤੌਰ ’ਤੇ 11 ਨਵੰਬਰ ਤੋਂ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਡਾਇਰੈਕਟਰ ਨੇ ਦੱਸਿਆ ਕਿ ਸਕੂਲਾਂ ਨੂੰ ਗਤੀਵਿਧੀਆਂ ਦੀ ਸੂਚੀ ਦਿੱਤੀ ਗਈ ਹੈ ਜਿਸ ਵਿਚ ਕੁਝ ਸੁਝਾਅ ਵੀ ਦਿੱਤੇ ਗਏ ਹਨ। ਇਸ ਅਨੁਸਾਰ ਸਕੂਲ ਦੀ ਅਸੈਂਬਲੀ ਵਿੱਚ ਦੇਸ਼ ਦੀ ਆਜ਼ਾਦੀ ਦੇ ਸੰਘਰਸ਼, ਸੰਵਿਧਾਨ ਅਤੇ ਕੌਮੀ ਸਮਾਗਮਾਂ ਬਾਰੇ ਦੱਸਣ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਦੇਸ਼ ਭਗਤੀ ਦੇ ਗੀਤਾਂ, ਕਵਿਤਾਵਾਂ ਅਤੇ ਕਹਾਣੀਆਂ ਦਾ ਸੈਸ਼ਨ ਵੀ ਰੱਖਣ ਲਈ ਕਿਹਾ ਗਿਆ ਹੈ। ਸ੍ਰੀ ਬਰਾੜ ਨੇ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਵਿਚ ਦੇਸ਼ ਭਗਤੀ ਪੈਦਾ ਕਰਨ ਲਈ ਅਹਿਮ ਭੂਮਿਕਾ ਨਿਭਾਉਣਗੇ।
ਸਕੂਲਾਂ ਵਿਚ ਦਿਖਾਈਆਂ ਜਾਣਗੀਆਂ ਫਿਲਮਾਂ ਤੇ ਦਸਤਾਵੇਜ਼ੀ
ਡਾਇਰੈਕਟਰ ਹਰਸੁਹਿੰਦਰ ਪਾਲ ਸਿੰਘ ਬਰਾੜ ਨੇ ਦੱਸਿਆ ਕਿ ਸਵੇਰ ਦੀ ਸਭਾ ’ਚ ਆਜ਼ਾਦੀ ਘੁਲਾਟੀਆਂ ਬਾਰੇ ਦੱਸਿਆ ਜਾਵੇਗਾ। ਇਸ ਤੋਂ ਇਲਾਵਾ ਦੇਸ਼ ਦੇ ਸੱਭਿਆਚਾਰ ਤੇ ਨੈਤਿਕ ਕਦਰਾਂ-ਕੀਮਤਾਂ ਬਾਰੇ ਵੀ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਾਬਕਾ ਸੈਨਿਕਾਂ ਜਾਂ ਆਜ਼ਾਦੀ ਘੁਲਾਟੀਆਂ ਬਾਰੇ ਆਪਣੇ ਵਿਚਾਰ ਸਾਂਝੇ ਕਰਨ ਲਈ ਕਿਹਾ ਜਾਵੇ। ਉਨ੍ਹਾਂ ਨੂੰ ਦੇਸ਼ਭਗਤੀ ਨਾਲ ਸਬੰਧਤ ਫਿਲਮਾਂ ਤੇ ਦਸਤਾਵੇਜ਼ੀ ਦਿਖਾਈਆਂ ਜਾਣ। ਕੌਮੀ ਮੁੱਦਿਆਂ ਅਤੇ ਪ੍ਰਾਪਤੀਆਂ ਬਾਰੇ ਸਕੂਲ ਵਿਚ ਡਿਸਪਲੇਅ ਬੋਰਡ ਲਾਏ ਜਾਣ, ਵਿਦਿਆਰਥੀ ਦੇਸ਼ ਭਗਤੀ ਦੇ ਬੈਨਰ, ਲੋਗੋ ਜਾਂ ਨਾਅਰੇ ਡਿਜ਼ਾਈਨ ਕਰਨ, ਵਿਦਿਆਰਥੀਆਂ ਨੂੰ ਕੌਮੀ ਚਿੰਨ੍ਹਾਂ ਦਾ ਸਨਮਾਨ ਕਰਨਾ ਸਿਖਾਇਆ ਜਾਵੇਗਾ, ਉਨ੍ਹਾਂ ਨੂੰ ਫਲੈਗ ਕੋਡ ਦੀ ਪਾਲਣਾ ਕਰਨ ਲਈ ਵੀ ਕਿਹਾ ਜਾਵੇ। ਸਕੂਲਾਂ ਨੂੰ ਕਿਹਾ ਗਿਆ ਹੈ ਕਿ ਉਹ ਦੇਸ਼ ਭਗਤੀ ਦੇ ਸਮਾਗਮ ਕਰਵਾਉਣ, ਦੇਸ਼ ਭਗਤੀ ਦੀ ਮਹੱਤਤਾ ਦਰਸਾਉਂਦੇ ਦਿਹਾੜੇ ਮਨਾਉਣ, ਦੇਸ਼ ਦੇ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਜਨਮ ਦਿਨ ਮਨਾਉਣ।