ਮੁਕੇਸ਼ ਕੁਮਾਰ
ਚੰਡੀਗੜ੍ਹ, 16 ਅਗਸਤ
ਸੁਤੰਤਰਤਾ ਦਿਵਸ ਨੂੰ ਲੈ ਕੇ ਨਗਰ ਨਿਗਮ ਚੰਡੀਗੜ੍ਹ ਵੱਲੋਂ ਇੱਥੇ ਸੈਕਟਰ 17 ਸਥਿਤ ਨਗਰ ਨਿਗਮ ਬਿਲਡਿੰਗ ਵਿੱਚ ਕੀਤੇ ਗਏ ਇੱਕ ਸਾਦੇ ਸਮਾਗਮ ਮੌਕੇ ਸ਼ਹਿਰ ਦੀ ਮੇਅਰ ਸਰਬਜੀਤ ਕੌਰ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ। ਸਮਾਗਮ ਦੌਰਾਨ ਉਨ੍ਹਾਂ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਕੌਂਸਲਰਾਂ, ਸੀਨੀਅਰ ਅਧਿਕਾਰੀਆਂ ਅਤੇ ਗੈਰ ਸਰਕਾਰੀ ਸੰਗਠਨਾਂ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਸਾਡੇ ਸਾਰਿਆਂ ਲਈ ਇੱਕ ਖੁਸ਼ੀ ਵਾਲਾ ਦਿਨ ਹੈ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਦੇਸ਼ ਦੀ ਆਜ਼ਾਦੀ ਲਈ ਜਾਨ ਵਾਰਨ ਵਾਲੇ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਦੀ। ਮੇਅਰ ਨੇ ਆਪਣੇ ਭਾਸ਼ਣ ਦੌਰਾਨ ਨਗਰ ਨਿਗਮ ਚੰਡੀਗੜ੍ਹ ਦੇ ਪ੍ਰਾਜੈਕਟਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਇਸ ਮੌਕੇ ਵੱਖ ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕਾਰਜ ਕਰਨ ਵਾਲੇ ਨਗਰ ਨਿਗਮ ਦੇ ਅਧਿਕਾਰੀਆਂ, ਕਰਮਚਾਰੀਆਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਨਗਰ ਨਿਗਮ ਕਮਿਸ਼ਨਰ ਅਨਿੰਦਿਤਾ ਮਿੱਤਰਾ, ਸੀਨੀਅਰ ਡਿਪਟੀ ਮੇਅਰ ਦਲੀਪ ਸ਼ਰਮਾ, ਡਿਪਟੀ ਮੇਅਰ ਅਨੂਪ ਗੁਪਤਾ ਸਮੇਤ ਨਿਗਮ ਦੇ ਕੌਂਸਲਰ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ ਅਤੇ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦਾ ਜਸ਼ਨ ਮਨਾਇਆ।