ਪੱਤਰ ਪ੍ਰੇਰਕ
ਅਮਲੋਹ, 1 ਜੁਲਾਈ
ਇੱਥੇ ਅੱਜ ਮਿੱਡ-ਡੇਅ ਮੀਲ ਕੁੱਕ ਫਰੰਟ ਦੀ ਮੀਟਿੰਗ ਸੂਬਾ ਪ੍ਰਧਾਨ ਹਰਜਿੰਦਰ ਕੌਰ ਲੋਪੇ ਦੀ ਪ੍ਰਧਾਨਗੀ ਵਿੱਚ ਹੋਈ, ਜਿਸ ਵਿੱਚ ਸਰਕਾਰੀ ਸਕੂਲਾਂ ’ਚ ਕੰਮ ਕਰਦੀਆਂ ਕੁੱਕ ਬੀਬੀਆਂ ਨੇ ਭਾਗ ਲਿਆ। ਮੀਟਿੰਗ ਤੋਂ ਬਾਅਦ ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਮ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੂੰ ਇਕ ਮੰਗ ਪੱਤਰ ਸੌਂਪਿਆ।
ਇਸ ਮੰਗ ਪੱਤਰ ਰਾਹੀਂ ਉਨ੍ਹਾਂ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਉਨ੍ਹਾਂ ਨੂੰ ਸਕੂਲਾਂ ਵਿੱਚ ਪੂਰਾ ਸਮਾਂ ਕੰਮ ਕਰ ਕੇ ਸਿਰਫ ਤਿੰਨ ਹਜ਼ਾਰ ਰੁਪਏ ਮਹੀਨੇ ਦਿੱਤੇ ਜਾਂਦੇ ਹਨ। ਉਨ੍ਹਾਂ ਨੂੰ ਸਰਕਾਰ ਵੱਲੋਂ ਕੋਈ ਮਹਿੰਗਾਈ ਭੱਤਾ ਲਾਗੂ ਨਹੀਂ ਕੀਤਾ ਗਿਆ ਅਤੇ ਗੈਸ ਭੱਠੀਆਂ ਤੇ ਕੂਕਰਾਂ ’ਤੇ ਖ਼ਤਰੇ ਵਾਲੇ ਮਾਹੌਲ ਵਿੱਚ ਕੰਮ ਕਰਨ ਦੇ ਬਾਵਜੂਦ ਕੋਈ ਬੀਮਾ ਨਹੀਂ ਕਰਵਾਇਆ ਜਾ ਰਿਹਾ। ਪੂਰਾ ਸਮਾਂ ਕੰਮ ਕਰਨ ਦੇ ਬਾਵਜੂਦ ਉਨ੍ਹਾਂ ਦੇ ਕਿੱਤੇ ਨੂੰ ਘੱਟੋ-ਘੱਟ ਉਜਰਤਾਂ ਅਧੀਨ ਨਹੀਂ ਲਿਆਂਦਾ ਜਾ ਰਿਹਾ ਹੈ।
ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮਿੱਡ-ਡੇਅ ਮੀਲ ਕੁੱਕ ਬੀਬੀਆਂ ਨੂੰ ਉਜਰਤ ਕਾਨੂੰਨ ਦੇ ਘੇਰੇ ਵਿੱਚ ਲਿਆਦਾਂ ਜਾਵੇ, ਕੁੱਕ ਬੀਬੀਆਂ ਦਾ ਪੰਜ ਲੱਖ ਰੁਪਏ ਦਾ ਬੀਮਾ ਕੀਤਾ ਜਾਵੇ, ਸਕੂਲ ਮੈਨੇਜਮੈਂਟ ਕਮੇਟੀ ਤੋਂ ਮਿੱਡ-ਡੇਅ ਮੀਲ ਕੁੱਕ ਹਟਾਉਣ ਅਤੇ ਰੱਖਣ ਦਾ ਹੱਕ ਵਾਪਸ ਲਿਆ ਜਾਵੇ, ਪ੍ਰੀ-ਪ੍ਰਾਇਮਰੀ ਸਕੂਲ ਦੇ ਬੱਚਿਆਂ ਦੀ ਗਿਣਤੀ ਸਕੂਲ ਦੇ ਦੂਜੇ ਬੱਚਿਆਂ ਦੀ ਗਿਣਤੀ ਵਿੱਚ ਸ਼ਾਮਲ ਕੀਤੀ ਜਾਵੇ। ਇਸ ਮੌਕੇ ਫ਼ਰੰਟ ਦੀ ਜਨਰਲ ਸਕੱਤਰ ਦਲਜੀਤ ਕੌਰ, ਜਸਵਿੰਦਰ ਕੌਰ, ਕਲਦੀਪ ਕੌਰ, ਦਲਜੀਤ ਕੌਰ ਅਤੇ ਕੁਲਦੀਪ ਕੌਰ ਆਦਿ ਵੀ ਮੌਜੂਦ ਸਨ।