ਪੱਤਰ ਪ੍ਰੇਰਕ
ਚੰਡੀਗੜ੍ਹ, 17 ਜੂਨ
ਚੰਡੀਗੜ੍ਹ ਵਿੱਚ ਕਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦਾ ਅੰਕੜਾ ਕਾਫ਼ੀ ਘਟ ਗਿਆ ਹੈ ਜਿਸ ਦੇ ਚਲਦਿਆਂ ਅੱਜ ਸ਼ਹਿਰ ਵਿੱਚ ਸਿਰਫ਼ 32 ਵਿਅਕਤੀਆਂ ਨੂੰ ਹੀ ਕਰੋਨਾ ਹੋਣ ਦੀ ਪੁਸ਼ਟੀ ਹੋਈ ਹੈ। ਇਸ ਤੋਂ ਇਲਾਵਾ ਅੱਜ ਤਿੰਨ ਮਰੀਜ਼ਾਂ ਦੀ ਮੌਤ ਹੋਈ ਹੈ ਜਿਹੜੇ ਕਿ ਕਰੋਨਾ ਦੇ ਨਾਲ-ਨਾਲ ਹੋਰਨਾਂ ਬਿਮਾਰੀਆਂ ਤੋਂ ਵੀ ਪੀੜਤ ਸਨ। ਘਰੇਲੂ ਇਕਾਂਤਵਾਸ ’ਤੇ ਚੱਲ ਰਹੇ 96 ਮਰੀਜ਼ਾਂ ਦਾ ਇਕਾਂਤਵਾਸ ਖ਼ਤਮ ਹੋ ਗਿਆ ਹੈ ਜਿਸ ਦੌਰਾਨ ਸ਼ਹਿਰ ਵਿੱਚ ਕਰੋਨਾ ਮਰੀਜ਼ਾਂ ਦਾ ਕੁੱਲ ਅੰਕੜਾ ਘਟ ਕੇ 432 ਰਹਿ ਗਿਆ ਹੈ।
ਐਸ.ਏ.ਐਸ. ਨਗਰ (ਮੁਹਾਲੀ) (ਪੱਤਰ ਪ੍ਰੇਰਕ): ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਕਰੋਨਾ ਮਹਾਮਾਰੀ ਦੇ 38 ਨਵੇਂ ਮਾਮਲੇ ਸਾਹਮਣੇ ਆਏ ਹਨ। ਤਿੰਨ ਕਰੋਨਾ ਪੀੜਤਾਂ ਦੀ ਮੌਤ ਹੋ ਗਈ।