ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 19 ਨਵੰਬਰ
ਯੂਟੀ ਵਿੱਚ ਅਧਿਆਪਕਾਂ ਦੇ ਮਸਲੇ ਹੱਲ ਨਹੀਂ ਹੋ ਰਹੇ ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੰਡੀਗੜ੍ਹ ਫੇਰੀ ਸਬੰਧੀ ਅਧਿਆਪਕਾਂ ਨੂੰ ਆਸ ਦੀ ਕਿਰਨ ਦਿਖਾ ਦਿੱਤੀ ਹੈ। ਸਰਕਾਰੀ ਸਕੂਲਾਂ ਵਿੱਚ ਕੰਮ ਕਰਦੇ ਅਧਿਆਪਕਾਂ ਦੀ ਜਥੇਬੰਦੀ ਜੁਆਇੰਟ ਟੀਚਰਜ਼ ਐਸੋਸੀਏਸ਼ਨ ਨੇ ਅੱਜ ਡੀਐੱਸਪੀ ਨਾਲ ਮੁਲਾਕਾਤ ਕਰ ਕੇ ਆਪਣੀਆਂ ਲਟਕਦੀਆਂ ਮੰਗਾਂ ਦੇ ਹੱਲ ਲਈ ਪ੍ਰਧਾਨ ਮੰਤਰੀ ਨੂੰ ਮਿਲਣ ਦਾ ਸਮਾਂ ਮੰਗਿਆ ਹੈ। ਐਸੋਸੀਏਸ਼ਨ ਦੇ ਪ੍ਰਧਾਨ ਦਿਨੇਸ਼ ਦਹੀਆ, ਕਨਵੀਨਰ ਡਾ. ਰਮੇਸ਼ ਚੰਦ ਸ਼ਰਮਾ, ਚੇਅਰਮੈਨ ਰਣਬੀਰ ਝੋਰੜ, ਕਾਨੂੰਨੀ ਸਲਾਹਕਾਰ ਅਰਵਿੰਦ ਰਾਣਾ ਅਤੇ ਜਨਰਲ ਸਕੱਤਰ ਅਜੈ ਸ਼ਰਮਾ ਨੇ ਦੱਸਿਆ ਕਿ ਦੋ ਸਾਲ ਪਹਿਲਾਂ ਨਵੰਬਰ ਵਿੱਚ ਸੈਂਕੜੇ ਅਧਿਆਪਕਾਂ ਨੇ ਪੋਕਸੋ ਐਕਟ ਵਿੱਚ ਸੋਧਾਂ ਕਰਵਾਉਣ ਲਈ ਪ੍ਰਦਰਸ਼ਨ ਕੀਤਾ ਸੀ। ਉਨ੍ਹਾਂ ਇਸ ਸਬੰਧੀ ਗ੍ਰਹਿ ਮੰਤਰੀ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਨੂੰ ਮੰਗ ਪੱਤਰ ਦਿੱਤਾ ਸੀ ਪਰ ਦੋ ਸਾਲ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ। ਮੈਂਬਰਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਚੰਡੀਗੜ੍ਹ ਫੇਰੀ ਤੋਂ ਉਨ੍ਹਾਂ ਨੂੰ ਉਮੀਦ ਹੈ ਕਿ ਉਹ ਇਸ ਸਬੰਧੀ ਲੋੜੀਂਦੇ ਕਦਮ ਚੁੱਕਣਗੇ। ਨੁਮਾਇੰਦਿਆਂ ਨੇ ਕਿਹਾ ਕਿ ਉਹ ਸਮੱਗਰ ਸਿੱਖਿਆ ਵਿੱਚ ਕੰਮ ਕਰਦੇ 1300 ਅਧਿਆਪਕਾਂ ਤੇ ਗ਼ੈਰ-ਅਧਿਆਪਨ ਕਰਮਚਾਰੀਆਂ ਦੀਆਂ ਤਨਖ਼ਾਹਾਂ ਵਿੱਚ ਵਾਧੇ ਸਬੰਧੀ ਵੀ ਪ੍ਰਧਾਨ ਮੰਤਰੀ ਦਾ ਦਖ਼ਲ ਚਾਹੁੰਦੇ ਹਨ, ਜਿਨ੍ਹਾਂ ਨੂੰ ਨਿਯਮਾਂ ਦੇ ਉਲਟ 2022 ਤੋਂ ਮਹਿੰਗਾਈ ਭੱਤੇ ਦੇ ਬਕਾਏ ਨਹੀਂ ਮਿਲੇ ਹਨ ਅਤੇ ਇਸ ਦੀਆਂ ਦੋ ਕਿਸ਼ਤਾਂ ਵੀ ਨਹੀਂ ਮਿਲੀਆਂ ਹਨ। ਜਥੇਬੰਦੀ ਦੇ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਚੰਡੀਗੜ੍ਹ ਦੇ ਅਧਿਕਾਰੀਆਂ ਕੋਲ ਸਾਰੇ ਮੁੱਦੇ ਚੁੱਕੇ ਸਨ ਪਰ ਉਨ੍ਹਾਂ ਨੇ ਮਸਲੇ ਹੱਲ ਨਾ ਕੀਤੇ।