ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 29 ਦਸੰਬਰ
ਉੱਤਰੀ ਭਾਰਤ ਵਿੱਚ ਪਿਛਲੇ ਕਈ ਦਿਨਾਂ ਤੋਂ ਸੀਤ ਲਹਿਰ ਦੇ ਜੋੜ ਫੜਨ ਦੇ ਨਾਲ ਚੰਡੀਗੜ੍ਹ ਵਿੱਚ ਵੀ ਠੰਢ ਵਧ ਗਈ ਹੈ। ਸ਼ਿਮਲਾ ਅਤੇ ਪਹਾੜੀ ਇਲਾਕਿਆਂ ਵਿੱਚ ਬਰਫ਼ ਪੈਣ ਨਾਲ ਚੱਲ ਰਹੀਆਂ ਹੱਡ ਚੀਰਵੀਆਂ ਹਵਾਵਾਂ ਨੇ ਚੰਡੀਗੜ੍ਹ ਵਾਸੀਆਂ ਨੂੰ ਵੀ ਕੰਬਣੀ ਛੇੜ ਦਿੱਤੀ ਹੈ।
ਜਾਣਕਾਰੀ ਮੁਤਾਬਕ ਅਜ ਚੰਡੀਗੜ੍ਹ ਵਿੱਚ ਪਾਰਾ ਆਮ ਨਾਲੋਂ 7 ਡਿਗਰੀ ਥੱਲੇ ਡਿੱਗ ਗਿਆ ਹੈ। ਨਵੇਂ ਸਾਲ ਦੀ ਆਮਦ ’ਤੇ ਹਰ ਸਾਲ ਪੈਣ ਵਾਲੀ ਬਰਫ਼ ਕਰਕੇ ਚੰਡੀਗੜ੍ਹ ਵਿੱਚ ਠੰਢ ਲਗਾਤਾਰ ਵਧਦੀ ਜਾ ਰਹੀ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ, ਕੁਫਰੀ ਅਤੇ ਨਾਰਕੰਡਾ ਸਣੇ ਹੋਰਨਾਂ ਪਹਾੜੀ ਇਲਾਕਿਆਂ ਵਿੱਚ ਹੋਰ ਵੀ ਬਰਫ਼ ਪੈ ਸਕਦੀ ਹੈ, ਜਿਸ ਕਾਰਨ ਚੰਡੀਗੜ੍ਹ ਵਿੱਚ ਵੀ ਠੰਢ ਵਧ ਸਕਦੀ ਹੈ। ਇਸ ਦੌਰਾਨ ਇੱਕਦਮ ਵਧੀ ਠੰਢ ਨੇ ਜਨ-ਜੀਵਨ ’ਤੇ ਕਾਫ਼ੀ ਪ੍ਰਭਾਵ ਪਾਇਆ ਹੈ। ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਠੰਢ ਵਧਣ ਅਤੇ ਅਗਲੇ ਹਫ਼ਤੇ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਗਈ ਹੈ।
ਮੌਸਮ ਵਿਭਾਗ ਅਨੁਸਾਰ ਅੱਜ ਚੰਡੀਗੜ੍ਹ ਦਾ ਵੱਧ ਤੋਂ ਵੱਧ ਤਾਪਮਾਨ 14 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਨਾਲੋਂ 7 ਡਿਗਰੀ ਘੱਟ ਸੀ ਜਦਕਿ ਘੱਟ ਤੋਂ ਘੱਟ ਤਾਪਮਾਨ 2.8 ਡਿਗਰੀ ਦਰਜ ਕੀਤਾ ਗਿਆ ਜੋ ਆਮ ਨਾਲੋਂ 3 ਡਿਗਰੀ ਸੈਲਸੀਅਸ ਘੱਟ ਸੀ। ਦਸੰਬਰ ਦੇ ਆਖ਼ਰੀ ਹਫ਼ਤੇ ਵਿੱਚ ਪਈ ਕੜਾਕੇ ਦੀ ਠੰਢ ਨੇ ਜਨ-ਜੀਵਨ ਪ੍ਰਭਾਵਿਤ ਕਰ ਦਿੱਤਾ ਹੈ। ਦੁਪਹਿਰ ਸਮੇਂ ਨਿਕਲੀ ਧੁੱਪ ਦੌਰਾਨ ਸੁਖਨਾ ਝੀਲ, ਰੌਕ ਗਾਰਡਨ, ਰੋਜ਼ ਗਾਰਡਨ ਸਣੇ ਸ਼ਹਿਰ ਵਿੱਚ ਘੁੰਮਣ-ਫਿਰਨ ਵਾਲੀਆਂ ਥਾਵਾਂ ’ਤੇ ਲੋਕਾਂ ਦੀ ਭੀੜ ਵਿਖਾਈ ਦਿੱਤੀ।