ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 9 ਦਸੰਬਰ
ਮੁਹਾਲੀ ਨਗਰ ਨਿਗਮ ਵੱਲੋਂ ਸ਼ਹਿਰ ਵਿੱਚ ਨਵਾਂ ਆਡੀਟੋਰੀਅਮ ਉਸਾਰਨ, ਸੈਕਟਰ-78 ਦੇ ਖੇਡ ਸਟੇਡੀਅਮ ਵਿੱਚ ਸਿੰਥੈਟਿਕ ਟਰੈਕ ਸਮੇਤ ਪੀਸੀਏ ਸਟੇਡੀਅਮ ਨੂੰ ਛੱਡ ਕੇ ਸਾਰੇ ਸਟੇਡੀਅਮ ਆਪਣੇ ਅਧੀਨ ਲੈਣ ਲਈ ਕਾਰਜ ਯੋਜਨਾ ਉਲੀਕੀ ਗਈ ਹੈ। ਇਸ ਗੱਲ ਦਾ ਖੁਲਾਸਾ ਅੱਜ ਇੱਥੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਇਸ ਮੌਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੀ ਮੌਜੂਦ ਸਨ।
ਉਨ੍ਹਾਂ ਦੱਸਿਆ ਕਿ ਸ਼ਹਿਰ ਵਿੱਚ ਬਿਜਲੀ ਦੀਆਂ ਤਾਰਾਂ ਨੂੰ ਜ਼ਮੀਨਦੋਜ਼ ਕਰਨ ਦੀ ਯੋਜਨਾ ਤਿਆਰ ਕੀਤੀ ਗਈ ਹੈ। ਇਸ ਸਬੰਧੀ ਪੰਜਾਬ ਰਾਜ ਪਾਵਰਕੌਮ ਕਾਰਪੋਰੇਸ਼ਨ ਨਾਲ ਤਾਲਮੇਲ ਕਰ ਕੇ ਇਸ ਯੋਜਨਾ ਨੂੰ ਅਮਲੀ ਜਾਮਾ ਪਹਿਨਾਇਆ ਜਾਵੇਗਾ। ਮੇਅਰ ਨੇ ਦੱਸਿਆ ਕਿ ਗਮਾਡਾ ਨਾਲ ਤਾਲਮੇਲ ਕਰਕੇ ਸੀਵਰੇਜ ਟਰੀਟਮੈਂਟ ਪਲਾਂਟ ਤੋਂ ਟਰੀਟ ਹੋਇਆ ਪਾਣੀ ਸਿੰਜਾਈ ਲਈ ਵਰਤਣ ਦੀ ਯੋਜਨਾ ਤਿਆਰ ਕੀਤੀ ਗਈ ਹੈ। ਗਮਾਡਾ ਵੱਲੋਂ ਚਲਾਇਆ ਜਾ ਰਿਹਾ ਮੌਜੂਦਾ ਸੀਵਰੇਜ ਟਰੀਟਮੈਂਟ ਪਲਾਂਟ ਪਾਣੀ ਨੂੰ ਟਰੀਟ ਕਰਕੇ ਅੱਗੇ ਨਾਲੇ ਵਿੱਚ ਸੁੱਟਿਆ ਜਾਂਦਾ ਹੈ ਪਰ ਹੁਣ ਨਗਰ ਨਿਗਮ ਵੱਲੋਂ ਇਸ ਸਬੰਧੀ ਤਜਵੀਜ਼ ਤਿਆਰ ਕੀਤੀ ਜਾ ਰਹੀ ਹੈ ਤਾਂ ਕਿ ਇਸ ਪਾਣੀ ਨੂੰ ਪਾਰਕਾਂ ਤੇ ਚੌਕਾਂ ਅਤੇ ਹੋਰ ਗਰੀਨ ਬੈਲਟਾਂ ਦੀ ਸਿੰਜਾਈ ਸਮੇਤ ਅਜਿਹੇ ਹੋਰ ਕੰਮਾਂ ਲਈ ਵਰਤਿਆ ਜਾ ਸਕੇ।