ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 27 ਅਗਸਤ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪ੍ਰਸਤਾਵਿਤ ਕੌਮੀ ਮਾਰਗ ਲਈ ਐਕੁਆਇਰ ਕੀਤੀ ਜਾ ਰਹੀ ਜ਼ਮੀਨ ਦੇ ਭਾਅ ਨੂੰ ਗੈਰ-ਵਾਜਬ ਦੱਸਦਿਆਂ ਕਿਸਾਨਾਂ ਨੇ ਕੌਡੀਆਂ ਦੇ ਭਾਅ ਆਪਣੀ ਜ਼ਮੀਨ ਦਾ ਇੱਕ ਟੁਕੜਾ ਵੀ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਪਿੰਡ ਪਡਿਆਲਾ ਦੇ ਵਸਨੀਕਾਂ ਦਾ ਵਫ਼ਦ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਰੋਡ ਸੰਘਰਸ਼ ਕਮੇਟੀ ਦੇ ਕੋਆਰਡੀਨੇਟਰ ਗੁਰਦਿਆਲ ਸਿੰਘ ਬੁੱਟਰ, ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਗਿੱਲ ਅਤੇ ਨਗਰ ਕੌਂਸਲ ਕੁਰਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਦੀ ਅਗਵਾਈ ਹੇਠ ਜ਼ਿਲ੍ਹਾ ਰੈਵੀਨਿਊ ਅਫ਼ਸਰ (ਡੀਆਰਓ) ਮੇਜਰ ਗੁਰਜਿੰਦਰ ਸਿੰਘ ਬੈਨੀਪਾਲ ਨੂੰ ਮਿਲਿਆ। ਇਸ ਮੌਕੇ ਵਫ਼ਦ ਨੇ ਡੀਆਰਓ ਨੂੰ ਮੰਗ ਪੱਤਰ ਦੇ ਕੇ ਕੌਮੀ ਮਾਰਗ ਲਈ ਪਿੰਡ ਪਡਿਆਲਾ ਦੀ ਐਕੁਆਇਰ ਕੀਤੀ ਜਾ ਰਹੀ ਜ਼ਮੀਨ ਦੀ ਨਿਰਧਾਰਿਤ ਕੀਤੀ ਕੀਮਤ ਨੂੰ ਮਾਰਕੀਟ ਕੀਮਤ ਨਾਲੋਂ ਛੇ ਗੁਣਾ ਘੱਟ ਦੱਸਦਿਆਂ ਸੁਣਾਏ ਗਏ ਐਵਾਰਡ ਰੱਦ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪਡਿਆਲਾ ਦੀ ਸਭ ਤੋਂ ਵੱਧ ਜ਼ਮੀਨ 52 ਏਕੜ ਸੜਕ ਵਿੱਚ ਆ ਰਹੀ ਹੈ। ਇਹ ਪਿੰਡ ਲੰਮੇ ਸਮੇਂ ਤੋਂ ਨਗਰ ਕੌਂਸਲ ਕੁਰਾਲੀ ਦਾ ਹਿੱਸਾ ਹੈ ਅਤੇ ਇੱਥੇ ਪੰਚਾਇਤ ਦੀ ਥਾਂ ਕੌਂਸਲਰ ਚੁਣੇ ਜਾਂਦੇ ਹਨ। ਪਿੰਡ ਵਿੱਚ ਰਿਹਾਇਸ਼ੀ ਕਲੋਨੀਆਂ ਉਸਾਰੀਆਂ ਜਾ ਰਹੀਆਂ ਹਨ ਅਤੇ ਇੱਥੇ 15 ਹਜ਼ਾਰ ਪ੍ਰਤੀ ਗਜ਼ ਦੇ ਹਿਸਾਬ ਨਾਲ ਜ਼ਮੀਨ ਦੀ ਖਰੀਦ ਵੇਚ ਹੁੰਦੀ ਹੈ। ਕਿਸਾਨਾਂ ਨੇ ਜ਼ਿਲ੍ਹਾ ਅਧਿਕਾਰੀ ਦੇ ਧਿਆਨ ਵਿੱਚ ਲਿਆਂਦਾ ਕਿ ਪਡਿਆਲਾ ਅਤੇ ਨੇੜਲੇ ਪਿੰਡਾਂ ਵਿੱਚ ਜ਼ਮੀਨ ਦੀ ਕੀਮਤ ਪ੍ਰਤੀ ਏਕੜ 5 ਤੋਂ 6 ਕਰੋੜ ਦੇ ਦਰਮਿਆਨ ਹੈ।
ਇਸ ਦੌਰਾਨ ਪਿੰਡ ਵਾਸੀਆਂ ਨੇ ਕਿਹਾ ਕਿ ਕੌਮੀ ਮਾਰਗ ਲਈ ਐਕੁਆਇਰ ਕੀਤੀ ਜਾ ਰਹੀ ਜ਼ਮੀਨ ਦੀ ਕੀਮਤ ਇੱਕ ਕਰੋੜ 30 ਲੱਖ ਰੁਪਏ ਪ੍ਰਤੀ ਏਕੜ ਦੇ ਕਰੀਬ ਨਿਰਧਾਰਿਤ ਕੀਤੀ ਗਈ ਹੈ, ਜੋ ਮੌਜੂਦਾ ਮਾਰਕੀਟ ਕੀਮਤ ਤੋਂ ਚਾਰ-ਪੰਜ ਗੁਣਾ ਘੱਟ ਹੈ। ਉਨ੍ਹਾਂ ਜ਼ਮੀਨ ਦੀ ਕੀਮਤ ਘੱਟੋ-ਘੱਟ ਸੱਤ ਕਰੋੜ ਰੁਪਏ ਪ੍ਰਤੀ ਏਕੜ ਨਿਰਧਾਰਿਤ ਕਰਨ ਦੀ ਮੰਗ ਕੀਤੀ। ਇਸ ਮੌਕੇ ਡੀਆਰਓ ਮੇਜਰ ਗੁਰਜਿੰਦਰ ਸਿੰਘ ਬੈਨੀਵਾਲ ਨੇ ਵਫ਼ਦ ਨੂੰ ਯੋਗ ਕਾਰਵਾਈ ਦਾ ਭਰੋਸਾ ਦਿੰਦਿਆਂ ਕਿਹਾ ਕਿ ਉਹ ਕਿਸਾਨਾਂ ਦੀਆਂ ਭਾਵਨਾਵਾਂ ਬਾਰੇ ਡੀਸੀ ਰਾਹੀਂ ਪੰਜਾਬ ਸਰਕਾਰ ਨੂੰ ਜਾਣੂ ਕਰਵਾਉਣਗੇ।