ਪੱਤਰ ਪ੍ਰੇਰਕ
ਚੰਡੀਗੜ੍ਹ, 27 ਸਤੰਬਰ
ਚੰਡੀਗੜ੍ਹ ਦੇ ਪਿੰਡਾਂ ’ਤੇ ਆਧਾਰਿਤ ਪੇਂਡੂ ਸੰਘਰਸ਼ ਕਮੇਟੀ ਨੇ ਚੰਡੀਗੜ੍ਹ ਦੇ ਪਿੰਡਾਂ ਵਿੱਚ ਆਪਣੀਆਂ ਇਕਾਈਆਂ ਬਣਾਉਣ ਦਾ ਫੈ਼ਸਲਾ ਕੀਤਾ ਹੈ ਤਾਂ ਜੋ ਕਮੇਟੀ ਦਾ ਦਾਇਰਾ ਵਧਾਇਆ ਜਾ ਸਕੇ ਤੇ ਪਿੰਡਾਂ ਵਿੱਚ ਪੰਚਾਇਤਾਂ ਟੁੱਟਣ ਤੋਂ ਬਾਅਦ ਪਿੰਡਾਂ ਦੇ ਵਿਕਾਸ ਦੇ ਕੰਮ ਕਰਵਾਏ ਜਾ ਸਕਣ। ਸੰਘਰਸ਼ ਕਮੇਟੀ ਦੇ ਪ੍ਰਧਾਨ ਦਲਜੀਤ ਸਿੰਘ ਪਲਸੌਰਾ ਤੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਸੋਮਲ ਨੇ ਪ੍ਰੈੱਸ ਦੇ ਨਾਂ ਜਾਰੀ ਸਾਂਝੇ ਬਿਆਨ ਵਿੱਚ ਦੱਸਿਆ ਕਿ ਇਸ ਦੇ ਨਾਲ ਹੀ ਇਹ ਵੀ ਫੈ਼ਸਲਾ ਕੀਤਾ ਗਿਆ ਹੈ ਕਿ ਕਾਰਪੋਰੇਸ਼ਨ ਵਿੱਚ ਪਿੰਡਾਂ ਦੇ ਸ਼ਾਮਲ ਹੋਣ ਮਗਰੋਂ ਬਿਜਲੀ ਅਤੇ ਪਾਣੀ ਦੇ ਕੁਨੈਕਸ਼ਨ ਲੈਣ ਵਿਚ ਬਹੁਤ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧ ਵਿੱਚ ਸਬੰਧਿਤ ਵਿਭਾਗ ਨੂੰ ਤੇ ਕਮਿਸ਼ਨਰ ਮਿਉਂਸਪਲ ਕਾਰਪੋਰੇਸ਼ਨ ਚੰਡੀਗੜ੍ਹ ਨੂੰ ਮਿਲਣ ਦਾ ਵੀ ਫੈ਼ਸਲਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸੰਘਰਸ਼ ਕਮੇਟੀ ਵੱਲੋਂ ਅਖੌਤੀ ਤੇ ਜਬਰੀ ਪਾਸ ਕੀਤੇ ਗਏ ਖੇਤੀ ਤੇ ਕਿਰਤੀ ਬਿੱਲਾਂ ਦਾ ਗੰਭੀਰ ਨੋਟਿਸ ਲੈਂਦਿਆਂ ਚੰਡੀਗੜ੍ਹ ਦੇ ਪਿੰਡਾਂ ਵਿੱਚ ‘ਜਾਗੋ ਲੋਕ ਮੁਹਿੰਮ’ ਤਹਿਤ ਮੀਟਿੰਗਾਂ ਕੀਤੀਆਂ ਜਾਣਗੀਆਂ ਤੇ ਇਨ੍ਹਾਂ ਬਿੱਲਾਂ ਦੇ ਕਿਸਾਨਾਂ, ਕਿਰਤੀਆਂ ਅਤੇ ਛੋਟੇ ਵਪਾਰੀਆਂ ’ਤੇ ਪੈਣ ਵਾਲੇ ਮਾਰੂ ਪ੍ਰਭਾਵ ਬਾਰੇ ਜਾਣਕਾਰੀ ਦਿੰਦੇ ਹੋਏ ਕਿਸਾਨਾਂ, ਕਿਰਤੀਆਂ, ਛੋਟੇ ਵਪਾਰੀਆਂ ਅਤੇ ਆਮ ਲੋਕਾਂ ਨੂੰ ਲਾਮਬੰਦ ਹੋਣ ਦਾ ਸੱਦਾ ਦਿੱਤਾ ਜਾਵੇਗਾ।