ਆਤਿਸ਼ ਗੁਪਤਾ
ਚੰਡੀਗੜ੍ਹ, 3 ਅਗਸਤ
ਇੱਥੋਂ ਦੇ ਸੈਕਟਰ-43 ਵਿੱਚ ਸਥਿਤ ਜ਼ਿਲ੍ਹਾ ਅਦਾਲਤੀ ਕੰਪਲੈਕਸ ’ਚ ਅੱਜ ਦੁਪਹਿਰ ਸਮੇਂ ਪੰਜਾਬ ਪੁਲੀਸ ਦੇ ਸਾਬਕਾ ਏਆਈਜੀ ਮਲਵਿੰਦਰ ਸਿੰਘ ਸਿੱਧੂ ਨੇ ਆਪਣੇ ਜਵਾਈ ਹਰਪ੍ਰੀਤ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ, ਜਿਸ ਤੋਂ ਬਾਅਦ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਉਥੇ ਹੀ ਇਸ ਘਟਨਾ ਨੇ ਅਦਾਲਤੀ ਕੰਪਲੈਕਸ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਸਵਾਲਾਂ ਦੇ ਘੇਰੇ ਵਿੱਚ ਲਿਆ ਕੇ ਖੜ੍ਹਾ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਅਦਾਲਤੀ ਕੰਪਲੈਕਸ ਵਿੱਚ ਦਾਖਲ ਹੋਣ ਵਾਲੇ ਹਰੇਕ ਰਾਹ ’ਤੇ ਪੁਲੀਸ ਵੱਲੋਂ ਪੁਖਤਾ ਸੁਰੱਖਿਆ ਪ੍ਰਬੰਧ ਕੀਤੇ ਹੋਏ ਹਨ। ਇਸ ਦੌਰਾਨ ਕੰਪਲੈਕਸ ਵਿੱਚ ਦਾਖਲ ਹੋਣ ਵਾਲੇ ਹਰੇਕ ਵਿਅਕਤੀ ’ਤੇ ਨਜ਼ਰ ਰੱਖੀ ਜਾਂਦੀ ਹੈ। ਇਸ ਦੇ ਬਾਵਜੂਦ ਪੰਜਾਬ ਪੁਲੀਸ ਦੇ ਸਾਬਕਾ ਅਧਿਕਾਰੀ ਪਿਸਤੌਲ ਲੈ ਕੇ ਕੰਪਲੈਕਸ ਵਿੱਚ ਪਹੁੰਚਿਆ ਹੈ।
ਦੂਜੇ ਪਾਸੇ ਘਟਨਾ ਵਾਲੀ ਥਾਂ ’ਤੇ ਸੀਸੀਟੀਵੀ ਕੈਮਰੇ ਨਹੀਂ ਲੱਗੇ ਹੋਏ ਸਨ, ਜਦੋਂਕਿ ਅਦਾਲਤੀ ਕੰਪਲੈਕਸ ਵਿੱਚ ਹਰ ਥਾਂ ’ਤੇ ਕੈਮਰੇ ਲੱਗੇ ਹੋਏ ਹਨ। ਜ਼ਿਕਰਯੋਗ ਹੈ ਕਿ ਚੰਡੀਗੜ੍ਹ ਦੇ ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿੱਚ ਅੱਜ ਦੁਪਹਿਰ ਸਮੇਂ ਪੰਜਾਬ ਪੁਲੀਸ ਦੇ ਸਾਬਕਾ ਏਆਈਜੀ ਮਲਵਿੰਦਰ ਸਿੰਘ ਸਿੱਧੂ ਨੇ ਆਪਣੇ ਜਵਾਈ ਹਰਪ੍ਰੀਤ ਸਿੰਘ ਸਿੱਧੂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਹਰਪ੍ਰੀਤ ਸਿੰਘ ਦਾ ਆਪਣੀ ਪਤਨੀ ਡਾ. ਅਮਿਤੋਜ ਕੌਰ ਨਾਲ ਤਲਾਕ ਦਾ ਕੇਸ ਚੱਲ ਰਿਹਾ ਸੀ। ਇਸੇ ਮਾਮਲੇ ਨੂੰ ਲੈ ਕੇ ਅੱਜ ਦੋਵੇਂ ਧਿਰਾਂ ਅਦਾਲਤ ਕੰਪਲੈਕਸ ਵਿੱਚ ਸਥਿਤ ਮੈਡੀਏਸ਼ਨ ਸੈਂਟਰ (ਵਿਚੋਲਗੀ ਕੇਂਦਰ) ਵਿੱਚ ਪਹੁੰਚੇ ਸਨ, ਜਿੱਥੇ ਸਾਬਕਾ ਪੁਲੀਸ ਅਧਿਕਾਰੀ ਨੇ ਘਟਨਾ ਨੂੰ ਅੰਜਾਮ ਦਿੱਤਾ। ਥਾਣਾ ਸੈਕਟਰ-36 ਦੀ ਪੁਲੀਸ ਨੇ ਉਕਤ ਮਾਮਲੇ ਸਬੰਧੀ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਚੰਡੀਗੜ੍ਹ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਰੋਹਿਤ ਖੁੱਲਰ ਨੇ ਉਕਤ ਘਟਨਾ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਅੱਜ ਤੱਕ ਅਦਾਲਤੀ ਕੰਪਲੈਕਸ ਵਿੱਚ ਅਜਿਹੀ ਘਟਨਾ ਕਦੇ ਵੀ ਨਹੀਂ ਵਾਪਰੀ ਹੈ।