ਚਰਨਜੀਤ ਸਿੰਘ ਚੰਨੀ
ਮੁੱਲਾਂਪੁਰ ਗਰੀਬਦਾਸ,16 ਅਕਤੂਬਰ
ਇੱਥੇ ਪਿਛਲੇ ਕਾਫੀ ਸਮੇਂ ਤੋਂ ਬਿਜਲੀ ਤੇ ਪੀਣ ਵਾਲੇ ਪਾਣੀ ਦੀ ਸਹੀ ਸਪਲਾਈ ਨਾ ਹੋਣ ਤੋਂ ਪ੍ਰੇਸ਼ਾਨ ਲੋਕਾਂ ਨੇ ਅੱਜ ਧਰਨਾ ਦਿੱਤਾ। ਕਸਬੇ ਵਾਸੀਆਂ ਨੇ ਦੱਸਿਆ ਕਿ ਨਿਊ ਚੰਡੀਗੜ੍ਹ ਇਲਾਕੇ ਦੇ ਸਭ ਤੋਂ ਵੱਡੇ ਪਿੰਡ ਮੁੱਲਾਂਪੁਰ ਗਰੀਬਦਾਸ ਵਿੱਚ ਬਿਜਲੀ ਸਪਲਾਈ ਦੇ ਲੰਬੇ-ਲੰਬੇ ਕੱਟ ਲਗਾਏ ਜਾ ਰਹੇ ਹਨ। ਇਸ ਕਾਰਨ ਪਾਣੀ ਤੋਂ ਵੀ ਵਾਂਝੇ ਰਹਿਣਾ ਪੈਂਦਾ ਹੈ।
ਇੱਥੇ ਹੀ ਬੱਸ ਨਹੀਂ, ਬਿਜਲੀ ਦੀਆਂ ਤਾਰਾਂ ਵੀ ਢਿੱਲੀਆਂ ਪਈਆਂ ਹਨ ਜਿਸ ਕਾਰਨ ਹਾਦਸੇ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਬਿਜਲੀ ਨਾ ਆਉਣ ਦੀ ਸੂਰਤ ਵਿੱਚ ਟਿਊਬਵੈੱਲਾਂ ਉੱਤੇ ਜੈਨਰੇਟਰ ਆਦਿ ਦਾ ਵੀ ਕੋਈ ਪ੍ਰਬੰਧ ਨਹੀਂ ਹੈ।
ਲੋਕਾਂ ਨੇ ਵਾਟਰ ਸਪਲਾਈ ਤੇ ਬਿਜਲੀ ਵਿਭਾਗ ਦੇ ਉਚ ਅਧਿਕਾਰੀਆਂ ਸਮੇਤ ਪੰਜਾਬ ਦੇ ਮੁੱਖ ਮੰਤਰੀ ਪੰਜਾਬ ਨੂੰ ਪੱਤਰ ਭੇਜ ਕੇ ਮੰਗ ਕੀਤੀ ਹੈ ਕਿ ਬਿਜਲੀ ਤੇ ਪਾਣੀ ਦੀ ਸਪਲਾਈ ਪਹਿਲ ਦੇ ਆਧਾਰ ਉੱਤੇ ਯਕੀਨੀ ਬਣਾਈ ਜਾਵੇ।