ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 4 ਨਵੰਬਰ
ਜ਼ਿਲ੍ਹੇ ਵਿੱਚ ਡੇਂਗੂ ਦਾ ਪ੍ਰਕੋਪ ਲਗਾਤਾਰ ਵਧ ਰਿਹਾ ਹੈ। ਅੱਜ 20 ਹੋਰ ਨਵੇਂ ਮਰੀਜ਼ ਸਾਹਮਣੇ ਆਉਣ ਨਾਲ ਜ਼ਿਲ੍ਹੇ ’ਚ ਡੇਂਗੂ ਪੀੜਤਾਂ ਦੀ ਗਿਣਤੀ 1200 ਤੋਂ ਟੱਪ ਗਈ ਹੈ। ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਹਰਮਨਦੀਪ ਕੌਰ ਬਰਾੜ ਨੇ ਦੱਸਿਆ ਕਿ ਪਿਛਲੇ ਤਿੰਨ ਦਿਨਾਂ ਵਿੱਚ 71 ਨਵੇਂ ਕੇਸ ਸਾਹਮਣੇ ਆਏ ਹਨ। ਸ਼ਨਿੱਚਰਵਾਰ ਨੂੰ ਜ਼ਿਲ੍ਹੇ ਵਿੱਚ ਡੇਂਗੂ ਦੇ 26, ਐਤਵਾਰ ਨੂੰ 25 ਅਤੇ ਅੱਜ ਡੇਂਗੂ ਦੇ 20 ਨਵੇਂ ਕੇਸ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਮੁਹਾਲੀ ਸਣੇ ਸਮੁੱਚੇ ਜ਼ਿਲ੍ਹੇ ’ਚ ਹੁਣ ਤੱਕ 2.11 ਲੱਖ ਘਰਾਂ ਦਾ ਸਰਵੇਖਣ ਕੀਤਾ ਗਿਆ ਹੈ ਜਿਨ੍ਹਾਂ ਵਿੱਚੋਂ 3632 ਘਰਾਂ ’ਚ ਡੇਂਗੂ ਦਾ ਲਾਰਵਾ ਮਿਲਿਆ ਹੈ।
ਇਸੇ ਤਰ੍ਹਾਂ ਵੱਖ-ਵੱਖ ਥਾਵਾਂ ’ਤੇ 7.36 ਲੱਖ ਕੰਟੇਨਰਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ’ਚੋਂ 4328 ਕੰਟੇਨਰਾਂ ਵਿੱਚ ਡੇਂਗੂ ਦਾ ਲਾਰਵਾ ਮਿਲਿਆ। ਇਸ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਨੇ 941 ਚਲਾਨ ਵੀ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਸਰਕਾਰੀ ਹਸਪਤਾਲ ਫੇਜ਼-6 ਵਿੱਚ ਸਪੈਸ਼ਲ ਡੇਂਗੂ ਵਾਰਡ ਬਣਾਇਆ ਗਿਆ ਹੈ, ਜਿੱਥੇ ਡੇਂਗੂ ਪੀੜਤਾਂ ਨੂੰ ਦਾਖ਼ਲ ਕਰ ਕੇ ਉਨ੍ਹਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਡੇਂਗੂ, ਚਿਕਨਗੁਨੀਆ ਅਤੇ ਮਲੇਰੀਆ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰੀ ਅਤੇ ਪੇਂਡੂ ਖੇਤਰ ਵਿੱਚ ਡੇਂਗੂ ਲਾਰਵੇ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ, ਜਿਸ ਤਹਿਤ ਘਰ-ਘਰ ਜਾ ਕੇ ਸਰਵੇਖਣ ਕੀਤਾ ਜਾ ਰਿਹਾ ਹੈ। ਉਨ੍ਹਾਂ ਡੇਂਗੂ ਵਿਰੁੱਧ ਲੜਾਈ ਵਿੱਚ ਸਾਰਿਆਂ ਨੂੰ ਯੋਗਦਾਨ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।