ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 29 ਸਤੰਬਰ
‘ਆਪ’ ਵੱਲੋਂ ਦਿੱਲੀ ਅਤੇ ਪੰਜਾਬ ਮਗਰੋਂ ਚੰਡੀਗੜ੍ਹ ਵਿੱਚ ਵੀ ਐਂਟੀ ਕੁਰੱਪਸ਼ਨ ਹੈਲਪਲਾਈਨ ਨੰਬਰ ਜਾਰੀ ਕਰਨ ਦੀ ਮੰਗ ਉਠਾਈ ਗਈ ਹੈ। ਇਸ ਬਾਰੇ ‘ਆਪ’ ਚੰਡੀਗੜ੍ਹ ਦੇ ਸਹਿ ਇੰਚਾਰਜ ਅਤੇ ਸਾਬਕਾ ਮੇਅਰ ਪ੍ਰਦੀਪ ਛਾਬੜਾ ਨੇ ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੂੰ ਪੱਤਰ ਲਿਖਿਆ ਹੈ। ਸ੍ਰੀ ਛਾਬੜਾ ਨੇ ਪੱਤਰ ਵਿੱਚ ਕਿਹਾ ਕਿ ਸਿਟੀ ਬਿਊਟੀਫੁੱਲ ਵਿੱਚ ਭ੍ਰਿਸ਼ਟਾਚਾਰ ਵਧਦਾ ਜਾ ਰਿਹਾ ਹੈ। ਇਸ ਨੂੰ ਰੋਕਣ ਲਈ ਦਿੱਲੀ ਅਤੇ ਪੰਜਾਬ ਦੀ ਤਰ੍ਹਾਂ ਚੰਡੀਗੜ੍ਹ ਵਿੱਚ ਵੀ ਚਾਰਾਜੋਈ ਕਰਨ ਦੀ ਲੋੜ ਹੈ।
ਸਾਬਕਾ ਮੇਅਰ ਪ੍ਰਦੀਪ ਛਾਬੜਾ ਨੇ ਕਿਹਾ ਕਿ ਚੰਡੀਗੜ੍ਹ ਪ੍ਰਸ਼ਾਸਨ ਦੇ ਕੰਮਕਾਜ ਦੀ ਦੇਸ਼ ਭਰ ਵਿੱਚ ਸ਼ਲਾਘਾ ਹੁੰਦੀ ਹੈ ਪਰ ਯੂਟੀ ਭ੍ਰਿਸ਼ਟਾਚਾਰ ’ਤੇ ਨੱਥ ਪਾਉਣ ’ਚ ਕਾਮਯਾਬ ਨਹੀਂ ਹੋ ਰਹੀ। ਅੱਜ ਯੂਟੀ ਦੇ ਹਰ ਵਿਭਾਗ ਵਿੱਚ ਭ੍ਰਿਸ਼ਟਾਚਾਰ ਵਧਦਾ ਜਾ ਰਿਹਾ ਹੈ। ਸ੍ਰੀ ਛਾਬੜਾ ਨੇ ਮੰਗ ਕੀਤੀ ਕਿ ਯੂਟੀ ਪ੍ਰਸ਼ਾਸਕ ਵੀ ਐਂਟੀ ਕੁਰੱਪਸ਼ਨ ਹੈਲਪਲਾਈਨ ਨੰਬਰ ਜਾਰੀ ਕਰੇ, ਜਿਸ ’ਤੇ ਲੋਕ ਸ਼ਿਕਾਇਤਾਂ ਕਰਨ। ਇਸ ਤਰ੍ਹਾਂ ਦਿੱਲੀ ਅਤੇ ਪੰਜਾਬ ਦੀ ਤਰ੍ਹਾਂ ਚੰਡੀਗੜ੍ਹ ਵਿੱਚ ਵੀ ਭ੍ਰਿਸ਼ਟਾਚਾਰ ’ਤੇ ਨੱਥ ਪਾਈ ਜਾ ਸਕਦੀ ਹੈ।