ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 1 ਮਈ
ਪਿਛਲੀ ਕਾਂਗਰਸ ਸਰਕਾਰ ਵੱਲੋਂ ਇੱਥੋਂ ਦੇ ਫੇਜ਼-3ਬੀ1 ਵਿੱਚ 13 ਕਰੋੜ ਦੀ ਲਾਗਤ ਨਾਲ ਬਣਾਇਆ ਗਿਆ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਮੁੱਢਲੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਤੋਂ ਅਸਮੱਰਥ ਹੈ। ਭਾਜਪਾ ਦੇ ਸੀਨੀਅਰ ਆਗੂ ਸੰਜੀਵ ਵਸ਼ਿਸ਼ਟ ਨੇ ਕਿਹਾ ਕਿ ਵਿਧਾਨ ਸਭ ਚੋਣਾਂ ਤੋਂ ਐਨ ਪਹਿਲਾਂ ਅਧੂਰੇ ਹਸਪਤਾਲ ਦਾ ਉਦਘਾਟਨ ਕਰਕੇ ਕਾਂਗਰਸ ਨੇ ਸਿਆਸੀ ਲਾਹਾ ਲੈਣ ਦੀ ਪੂਰੀ ਕੋਸ਼ਿਸ਼ ਕੀਤੀ ਪ੍ਰੰਤੂ ਹਾਲੇ ਵੀ ਬਹੁਤ ਸਾਰਾ ਕੰਮ ਹੋਣ ਵਾਲਾ ਪਿਆ ਹੈ।
ਉਨ੍ਹਾਂ ਦੱਸਿਆ ਕਿ ਨਵੇਂ ਹਸਪਤਾਲ ਦੀ ਇਮਾਰਤ ਅਜੇ ਵੀ ਉਸਾਰੀ ਅਧੀਨ ਹੈ, ਜਦਕਿ ਇੱਥੇ ਤਾਇਨਾਤ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ਼ ਸਮੇਤ ਇਲਾਜ ਲਈ ਆਉਂਦੇ ਮਰੀਜ਼ਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਮਿਊਨਿਟੀ ਹੈਲਥ ਸੈਂਟਰ ਵਿੱਚ ਮਰੀਜ਼ਾਂ ਦੀ ਸਹੂਲਤ ਲਈ ਐਕਸ-ਰੇਅ ਅਤੇ ਅਲਟਰਾਸਾਊਂਡ ਰੂਮ ਤਾਂ ਤਿਆਰ ਕਰ ਦਿੱਤੇ ਗਏ ਹਨ ਪਰ ਮਸ਼ੀਨਾਂ ਅਜੇ ਤੱਕ ਨਹੀਂ ਲਾਈਆਂ ਗਈਆਂ। ਸੰਜੀਵ ਵਸ਼ਿਸ਼ਟ ਨੇ ਸਰਕਾਰ ਤੋਂ ਮੰਗ ਕੀਤੀ ਕਿ ਚੋਣ ਵਾਅਦੇ ਅਨੁਸਾਰ ਮੁਹੱਲਾ ਕਲੀਨਿਕ ਜਲਦੀ ਖੋਲ੍ਹੇ ਜਾਣ ਅਤੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦਿੱਤੀਆਂ ਜਾਣ ਅਤੇ ਵਿਕਾਸ ਨੂੰ ਤਰਜੀਹ ਦਿੱਤੀ ਜਾਵੇ।